Breaking
Sat. Oct 11th, 2025

ਪੰਜਾਬ ਸਰਕਾਰ ਵਪਾਰੀਆਂ ਦੀ ਸਹੂਲਤ ਅਤੇ ਵਿਕਾਸ ਲਈ ਲਗਾਤਾਰ ਯਤਨਸ਼ੀਲ : ਮੋਹਿੰਦਰ ਭਗਤ

ਪੰਜਾਬ ਸਰਕਾਰ

ਕੈਬਨਿਟ ਮੰਤਰੀ ਨੇ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਈ

ਜਲੰਧਰ 16 ਜੁਲਾਈ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਵਚਨਬੱਧਤਾ ਦੁਹਰਾਈ।

ਇਥੇ ਸਰਕਟ ਹਾਊਸ ਵਿਖੇ ਜਲੰਧਰ ਇੰਪਰੂਵਮੈਂਟ ਟਰਸੱਟ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ, ਹਲਕਾ ਇੰਚਾਰਜ ਨਿਤਿਨ ਕੋਹਲੀ, ਆਪ ਆਗੂ ਦਿਨੇਸ਼ ਢੱਲ ਸਮੇਤ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਸਟੇਟ ਜੀ.ਐਸ.ਟੀ. ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਵਪਾਰੀਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵਪਾਰੀ ਵਰਗ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਸ਼੍ਰੀ ਭਗਤ ਨੇ ਸਟੇਟ ਜੀ.ਐਸ.ਟੀ. ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਵਪਾਰੀਆਂ ਨੂੰ ਆਪਣੇ ਵਪਾਰ ਦੌਰਾਨ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਹਮੇਸ਼ਾ ਤੋਂ ਕਿਸੇ ਵੀ ਰਾਜ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਰਿਹਾ ਹੈ, ਜਿਨ੍ਹਾਂ ਦੇ ਯੋਗਦਾਨ ਨੂੰ ਕਦੇ ਵੀ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ।

ਵਪਾਰੀਆਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਦੀ ਸੁਣਵਾਈ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੀ ਸਹੂਲਤ ਅਤੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਜਲਦ ਹੀ ਵਪਾਰੀ ਵਰਗ ਦੇ ਮੁੱਦਿਆਂ ਦਾ ਢੁੱਕਵਾਂ ਹੱਲ ਕੱਢ ਕੇ ਉਨ੍ਹਾਂ ਨੂੰ ਰਾਹਤ ਪਹੁੰਚਾਈ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਵਪਾਰੀਆਂ ਦੀਆਂ ਜ਼ਿਲ੍ਹਾ ਪੱਧਰ ਨਾਲ ਸਬੰਧਤ ਮੁਸ਼ਕਲਾਂ ਦਾ ਫੌਰੀ ਹੱਲ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਅਤੇ ਨਾਲ ਹੀ ਸੂਬਾ ਪੱਧਰ ਨਾਲ ਸਬੰਧਤ ਮੁੱਦੇ ਮੁੱਖ ਮੰਤਰੀ ਪੰਜਾਬ ਦੇ ਧਿਆਨ ਵਿੱਚ ਲਿਆਉਣ ਦਾ ਭਰੋਸਾ ਦਿਵਾਇਆ ਤਾਂ ਜੋ ਉਨ੍ਹਾਂ ਦਾ ਜਲਦ ਤੋਂ ਜਲਦ ਹੱਲ ਕੀਤਾ ਜਾ ਸਕੇ।

ਕੈਬਨਿਟ ਮੰਤਰੀ ਨੇ ਵਪਾਰੀ ਵਰਗ ਨੂੰ ਵਿਸ਼ਵਾਸ ਦਿਵਾਇਆ ਕਿ ਸਰਕਾਰ ਹਰ ਪੱਧਰ ’ਤੇ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਕਾਰੋਬਾਰੀਆਂ ਦੀ ਭਲਾਈ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

By admin

Related Post