– ਸਿਹਤ ਵਿਭਾਗ ਨੂੰ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਯਕੀਨੀ ਬਣਾਉਣ ਦੀ ਕੀਤੀ ਹਦਾਇਤ
– ਨਗਰ ਨਿਗਮ ਨੂੰ ਸਾਫ਼-ਸੁਥਰਾ ਪੀਣ ਯੋਗ ਪਾਣੀ ਯਕੀਨੀ ਬਣਾਉਣ ਦੇ ਨਿਰਦੇਸ਼
ਜਲੰਧਰ 28 ਅਗਸਤ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸਿਵਲ ਹਸਪਤਾਲ ਜਲੰਧਰ ਦਾ ਦੌਰਾ ਕਰਦਿਆਂ ਡਾਇਰੀਆ ਤੋਂ ਪੀੜਤ ਮਰੀਜ਼ਾਂ ਦਾ ਹਾਲ-ਚਾਲ ਜਾਣਿਆ। ਇਸ ਮੌਕੇ ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਰੀਜਾਂ ਦਾ ਸੁਚਾਰੂ ਢੰਗ ਨਾਲ ਇਲਾਜ ਯਕੀਨੀ ਬਣਾਇਆ ਜਾਵੇ ਅਤੇ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ। ਉਨ੍ਹਾਂ ਨਾਲ ਹੀ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ਵਿੱਚ ਸੁਚਾਰੂ ਢੰਗ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਮਰੀਜ਼ ਨੂੰ ਘਬਰਾਉਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਮਰੀਜ਼ਾਂ ਦਾ ਇਲਾਜ ਬਹੁਤ ਹੀ ਵਧੀਆ ਢੰਗ ਨਾਲ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਸ਼ਹਿਰ ਵਾਸੀਆਂ ਲਈ ਸਾਫ਼-ਸੁਥਰੇ ਪੀਣ ਯੋਗ ਪਾਣੀ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਪਾਣੀ ਸਪਲਾਈ ਦੀਆਂ ਪਾਈਪਾਂ ਦਾ ਚੰਗੀ ਤਰ੍ਹਾਂ ਨਿਰੀਖਣ ਕੀਤਾ ਜਾਵੇ ਅਤੇ ਜੇ ਊਣਤਾਈ ਸਾਹਮਣੇ ਆ ਰਹੀ ਹੈ, ਤਾਂ ਉਸ ਨੂੰ ਤੁਰੰਤ ਠੀਕ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਡਾਇਰੀਆ ਤੋਂ ਪੀੜਤ ਮਰੀਜ਼ ਦੇ ਇਲਾਕੇ ਵਿੱਚ ਤੁਰੰਤ ਟੈਂਕਰਾਂ ਰਾਹੀਂ ਪੀਣ ਯੋਗ ਪਾਣੀ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਸਿਵਲ ਸਰਜਨ ਡਾ. ਗੁਰਮੀਤ ਲਾਲ ਤੋਂ ਇਲਾਵਾ ਹੋਰ ਵੀ ਡਾਕਟਰ ਹਾਜ਼ਰ ਸਨ।