ਝੋਨੇ ਦੇ ਸੀਜ਼ਨ ਦੌਰਾਨ ਮੰਡੀਆਂ ’ਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ : ਵਧੀਕ ਡਿਪਟੀ ਕਮਿਸ਼ਨਰ
ਕਿਸਾਨਾਂ ਨੂੰ ਮੰਡੀਆਂ ’ਚ 17 ਫੀਸਦੀ ਜਾਂ ਇਸ ਤੋਂ ਘੱਟ ਨਮੀ ਵਾਲਾ ਝੋਨਾ ਹੀ ਲੈ ਕੇ ਆਉਣ ਦੀ ਅਪੀਲ
ਜਲੰਧਰ 11 ਸਤੰਬਰ (ਜਸਵਿੰਦਰ ਸਿੰਘ ਆਜ਼ਾਦ)- ਝੋਨੇ ਦੇ ਖ਼ਰੀਦ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਸੀਜ਼ਨ ਦੌਰਾਨ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਕਿਸੇ ਵਰਗ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖ਼ਰੀਦ ਪ੍ਰਬੰਧਾਂ ਨਾਲ ਜੁੜੇ ਵਿਭਾਗਾਂ ਦੇ ਅਧਿਕਾਰੀਆਂ, ਆੜ੍ਹਤੀਆ ਐਸੋਸੀਏਸ਼ਨ, ਕੰਬਾਈਨ ਹਾਰਵੈਸਟ ਐਸੋਸੀਏਸ਼ਨ, ਬੇਲਰ ਐਸੋਸੀਏਸ਼ਨ, ਰਾਈਸ ਮਿੱਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੂੰ ਝੋਨੇ ਦੇ ਖ਼ਰੀਦ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ।
ਉਨ੍ਹਾਂ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 16 ਸਤੰਬਰ ਤੋਂ ਝੋਨੇ ਦੀ ਖ਼ਰੀਦ ਸ਼ੁਰੂ ਹੋਵੇਗੀ, ਜਿਸ ਦੇ ਲਈ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਫ਼ ਪਾਣੀ, ਬਿਜਲੀ, ਬੈਠਣ ਲਈ ਛਾਂਦਾਰ ਜਗ੍ਹਾ ਆਦਿ ਦੇ ਢੁੱਕਵੇਂ ਪ੍ਰਬੰਧ ਕਰਨ ਦੇ ਪਹਿਲਾਂ ਹੀ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ 17 ਫੀਸਦੀ ਜਾਂ ਇਸ ਤੋਂ ਘੱਟ ਨਮੀ ਵਾਲਾ ਝੋਨਾ ਹੀ ਲਿਆਂਦਾ ਜਾਵੇ।
ਕੰਬਾਈਨਾਂ ਨਾਲ ਝੋਨਾ ਕੱਟਣ ਸਬੰਧੀ ਨਿਰਧਾਰਤ ਸਮੇਂ ਦੀ ਪਾਲਣਾ ਕਰਨ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਦੱਸਿਆ ਕਿ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕੰਬਾਈਨ ਮਾਲਕਾਂ ਨੂੰ ਕਿਹਾ ਕਿ ਆਪਣੀਆਂ ਕੰਬਾਈਨਾਂ ’ਤੇ ਸੁਪਰ ਐਸ.ਐਮ.ਐਸ. ਲਗਾਉਣਾ ਯਕੀਨੀ ਬਣਾਉਣ। ਉਨ੍ਹਾਂ ਸਾਰੀਆਂ ਧਿਰਾਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਤੈਅ ਮਾਪਦੰਡ ਅਨੁਸਾਰ ਝੋਨਾ ਪੂਰੀ ਤਰ੍ਹਾਂ ਸੁਕਾ ਕੇ ਲੈ ਕੇ ਆਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਖ਼ਰੀਦ ਪ੍ਰਕਿਰਿਆ ਸੁਚਾਰੂ ਹੋਵੇਗੀ ਸਗੋਂ ਮਿਆਰ ਅਨੁਸਾਰ ਖ਼ਰੀਦ ਵੀ ਯਕੀਨੀ ਬਣੇਗੀ।
ਇਸ ਦੌਰਾਨ ਉਨ੍ਹਾਂ ਵੱਖ-ਵੱਖ ਐਸੋਸੀਏਸ਼ਨਾਂ ਦੇ ਮੁੱਦੇ ਵੀ ਸੁਣੇ ਅਤੇ ਭਰੋਸਾ ਦਿਵਾਇਆ ਕਿ ਇਨ੍ਹਾਂ ਨੂੰ ਢੁੱਕਵੇਂ ਹੱਲ ਲਈ ਸਮਰੱਥ ਅਥਾਰਟੀ ਪਾਸ ਉਠਾਇਆ ਜਾਵੇਗਾ।
ਉਪਰੰਤ ਇਕ ਵੱਖਰੀ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਠੱਲ੍ਹ ਪਾਉਣ ਲਈ ਜਾਗਰੂਕਤਾ ਅਤੇ ਕਾਰਵਾਈ ’ਤੇ ਜ਼ੋਰ ਦਿੱਤਾ। ਉਨ੍ਹਾਂ ਖੇਤੀਬਾੜੀ ਵਿਭਾਗ ਨੂੰ ਸਿੱਖਿਆ ਵਿਭਾਗ ਦੇ ਤਾਲਮੇਲ ਨਾਲ ਸਕੂਲਾਂ ਵਿੱਚ ਇਸ ਸਬੰਧੀ ਵੱਡੇ ਪੱਧਰ ’ਤੇ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦੀ ਹਦਾਇਤ ਕੀਤੀ ਤਾਂ ਜੋ ਪਰਾਲੀ ਨੂੰ ਅੱਗ ਨਾ ਲਾਉਣ ਦਾ ਸੁਨੇਹਾ ਘਰ-ਘਰ ਪਹੁੰਚਾਇਆ ਜਾ ਸਕੇ।
ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸੁਪਰ ਸੀਡਰ, ਮਲਚਰ, ਆਰ.ਐਮ.ਬੀ. ਪਲਾਓ, ਹੈਪੀ ਸੀਡਰ ਸਮੇਤ ਖੇਤੀ ਮਸ਼ੀਨਾਂ ਉਪਲਬਧ ਹਨ, ਜਿਨ੍ਹਾਂ ਦੀ ਉਪਲਬਧਤਾ ਕਿਸਾਨ ਆਈ-ਖੇਤ ਐਪ ਰਾਹੀਂ ਚੈੱਕ ਕਰ ਸਕਦੇ ਹਨ। ਉਨ੍ਹਾਂ ਸੰਵੇਦਨਸ਼ੀਲ ਪਿੰਡਾਂ ਵਿੱਚ ਨਿਗਰਾਨੀ ਲਈ ਅਧਿਕਾਰੀਆਂ ਨੂੰ ਨਿਯਮਿਤ ਦੌਰੇ ਕਰਨ ਦੀ ਹਦਾਇਤ ਵੀ ਕੀਤੀ।
ਇਸ ਤੋਂ ਪਹਿਲਾਂ ਖੇਤੀਬਾੜੀ ਪੈਦਾਵਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਅਤੇ ਸਬੰਧਤ ਵਿਭਾਗਾਂ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਹੋਈ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜ਼ਮੀਨੀ ਪੱਧਰ ਤੱਕ ਜਾਗਰੂਕਤਾ ਫੈਲਾਉਣ ਲਈ ਖੇਤੀਬਾੜੀ ਤੇ ਬਾਗਬਾਨੀ ਵਿਭਾਗ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਨੂੰ ਸਾਂਝੇ ਯਤਨ ਕਰਨ ਲਈ ਕਿਹਾ।
ਇਸ ਮੌਕੇ ਨਵਦੀਪ ਸਿੰਘ ਪੀ.ਸੀ.ਐਸ., ਮੁੱਖ ਖੇਤੀਬਾੜੀ ਅਫ਼ਸਰ ਰਣਧੀਰ ਸਿੰਘ ਤੋਂ ਇਲਾਵਾ ਬਾਗਬਾਨੀ, ਪਸ਼ੂ ਪਾਲਣ, ਮੱਛੀ ਪਾਲਣ, ਜ਼ਿਲ੍ਹਾ ਮੰਡੀਬੋਰਡ ਆਦਿ ਵਿਭਾਗਾਂ ਦੇ ਅਧਿਕਾਰੀ ਅਤੇ ਆੜ੍ਹਤੀ ਐਸੋਸੀਏਸ਼ਨ, ਕੰਬਾਈਨ ਹਾਰਵੈਸਟ ਐਸੋਸੀਏਸ਼ਨ, ਬੇਲਰ ਐਸੋਸੀਏਸ਼ਨ, ਰਾਈਸ ਮਿੱਲਰ ਐਸੋਸੀਏਸ਼ਨ ਦੇ ਨੁਮਾਇੰਦੇ ਮੌਜੂਦ ਸਨ।