ਜਲੰਧਰ ਪ੍ਰਸ਼ਾਸਨ ਨੇ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਯਤਨਾਂ ’ਚ ਲਿਆਂਦੀ ਤੇਜ਼ੀ

ਪਰਾਲੀ

ਫੀਲਡ ’ਚ ਡਟੇ ਸੀਨੀਅਰ ਅਧਿਕਾਰੀ

ਜਲੰਧਰ 14 ਨਵੰਬਰ (ਜਸਵਿੰਦਰ ਸਿੰਘ ਆਜ਼ਾਦ)- ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਪਣੇ ਯਤਨ ਹੋਰ ਤੇਜ਼ ਕਰ ਦਿੱਤੇ ਗਏ ਹਨ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਫੀਲਡ ਵਿੱਚ ਡਟੇ ਹੋਏ ਹਨ।

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਨਿਰਦੇਸ਼ਾਂ ’ਤੇ ਉਪ ਮੰਡਲ ਮੈਜਿਸਟ੍ਰੇਟਾਂ, ਪੁਲਿਸ ਟੀਮਾਂ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਿੰਡਾਂ ਵਿੱਚ ਨਿਯਮਿਤ ਦੌਰੇ ਕੀਤੇ ਜਾ ਰਹੇ ਹਨ।

ਐਸ.ਡੀ.ਐਮ. ਸ਼ਾਹਕੋਟ ਸ਼ੁਭੀ ਆਂਗਰਾ ਵੱਲੋਂ ਪਿੰਡ ਕੋਹਾੜ ਖੁਰਦ, ਲਸੂੜੀ, ਕਾਕੜ ਕਲਾਂ, ਕੰਗ ਖੁਰਦ, ਕੋਠਾ ਅਤੇ ਮਹਿਰਾਜਵਾਲਾ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ, ਜਿਸ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਇਸ ਦੌਰਾਨ ਨੋਡਲ ਅਤੇ ਕਲੱਸਟਰ ਅਫ਼ਸਰਾਂ ਨਾਲ ਵੀ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਫੀਲਡ ਵਿੱਚ ਹੋਰ ਚੌਕਸੀ ਨਾਲ ਡਿਊਟੀ ਨਿਭਾਉਣ ਦੀ ਹਦਾਇਤ ਕੀਤੀ।

ਇਸੇ ਤਰ੍ਹਾਂ ਐਸ.ਡੀ.ਐਮ. ਆਦਮਪੁਰ ਵਿਵੇਕ ਕੁਮਾਰ ਮੋਦੀ, ਐਸ.ਡੀ.ਐਮ. ਨਕੋਦਰ ਲਾਲ ਵਿਸ਼ਵਾਸ ਬੈਂਸ ਅਤੇ ਐਸ.ਡੀ.ਐਮ. ਫਿਲੌਰ (ਵਾਧੂ ਚਾਰਜ) ਮੁਕਿਲਨ ਆਰ ਵੱਲੋਂ ਵੀ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਕਿਸਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ ਗਈ। ਅਧਿਕਾਰੀਆਂ ਨੇ ਕਿਸਾਨਾਂ ਨੂੰ ਫ਼ਸਲ ਦੀ ਰਹਿੰਦ-ਖੂਹੰਦ ਦੀ ਸੁਚੱਜੀ ਸੰਭਾਲ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਲਈ ਵੀ ਉਤਸ਼ਾਹਿਤ ਕੀਤਾ।

ਜ਼ਿਕਰਯੋਗ ਹੈ ਕਿ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਪਣਾਈ ਬਹੁਪੱਖੀ ਰਣਨੀਤੀ ਤਹਿਤ ਲਗਾਤਾਰ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ।

By admin

Related Post