ਹੁਸ਼ਿਆਰਪੁਰ 22 ਦਸੰਬਰ ( ਤਰਸੇਮ ਦੀਵਾਨਾ ) – ਸਿੱਖਾਂ ਵੱਲੋਂ ਨਿਊਜੀਲੈਂਡ ਵਿਚ ਸ਼ਾਂਤੀਪੂਰਵਕ ਅਤੇ ਧਾਰਮਿਕ ਮਰਿਆਦਾ ਅਨੁਸਾਰ ਸਜਾਏ ਗਏ ਨਗਰ ਕੀਰਤਨ ਦਾ ਕੁਝ ਸਥਾਨਕ ਲੋਕਾਂ ਵੱਲੋਂ ਵਿਰੋਧ ਕੀਤੇ ਜਾਣ ਤੇ ਉੱਘੇ ਸਮਾਜ ਸੇਵਕ ਤੇ ਬੁਧੀਜੀਵੀ ਸਖਸੀਅਤ ਭੁਪਿੰਦਰ ਸਿੰਘ ਪਿੰਕੀ ਨੇ ਗਹਿਰੀ ਚਿੰਤਾ ਪਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਸਦਾ ਤੋਂ ਹੀ ਵਿਸ਼ਵ ਭਾਈਚਾਰੇ ਦੀ ਭਲਾਈ, ਸ਼ਾਂਤੀ, ਸਹਿਣਸ਼ੀਲਤਾ ਅਤੇ ਤਰੱਕੀ ਲਈ ਆਪਣਾ ਮਿਸਾਲੀ ਯੋਗਦਾਨ ਪਾਉਂਦਾ ਆ ਰਿਹਾ ਹੈ, ਪਰ ਇਸ ਦੇ ਬਾਵਜੂਦ ਸਿੱਖਾਂ ਦੀਆਂ ਧਾਰਮਿਕ ਰਵਾਇਤਾਂ ਨੂੰ ਨਫ਼ਰਤੀ ਨਜ਼ਰੀਏ ਨਾਲ ਦੇਖਿਆ ਜਾਣਾ ਅਤਿ ਨਿੰਦਣਯੋਗ ਹੈ।
ਉਹਨਾਂ ਕਿਹਾ ਕਿ ਸਿੱਖ ਧਰਮ ਦੀ ਬੁਨਿਆਦ ਸਰਬੱਤ ਦਾ ਭਲਾ, ਭਰਾਤਰੀ ਭਾਵ ਅਤੇ ਮਨੁੱਖਤਾ ਦੀ ਸੇਵਾ ‘ਤੇ ਟਿਕੀ ਹੋਈ ਹੈ। ਨਗਰ ਕੀਰਤਨ ਸਿੱਖ ਧਰਮ ਦੀ ਇੱਕ ਪਵਿੱਤਰ ਧਾਰਮਿਕ ਪਰੰਪਰਾ ਹੈ ਜੋ ਸਮਾਜ ਵਿਚ ਆਪਸੀ ਸਾਂਝ, ਪਿਆਰ ਅਤੇ ਏਕਤਾ ਦਾ ਸੰਦੇਸ਼ ਦਿੰਦੀ ਹੈ। ਅਜਿਹੇ ਧਾਰਮਿਕ ਸਮਾਗਮਾਂ ਦਾ ਵਿਰੋਧ ਕਰਨਾ ਗੁਰੂ ਸਾਹਿਬਾਨ ਦੇ ਸਰਬ-ਸਾਂਝੇ ਸੰਦੇਸ਼ ‘ਤੇ ਸਿੱਧੀ ਸੱਟ ਹੈ ।
ਉਨ੍ਹਾਂ ਆਖਿਆ ਕਿ ਦੁਨੀਆ ਭਰ ਦੇ ਵੱਖ-ਵੱਖ ਦੇਸ਼ਾਂ ਵਿਚ ਵੱਸਦਾ ਸਿੱਖ ਭਾਈਚਾਰਾ ਸਦਾ ਹੀ ਸਥਾਨਕ ਲੋਕਾਂ ਨਾਲ ਰਲ ਮਿਲ ਕੇ ਰਹਿੰਦਾ ਹੈ ਅਤੇ ਹਰ ਦੇਸ਼ ਦੇ ਕਾਨੂੰਨਾਂ ਅਤੇ ਸਥਾਨਕ ਸਭਿਆਚਾਰ ਦਾ ਪੂਰਾ ਸਤਿਕਾਰ ਕਰਦਾ ਆਇਆ ਹੈ। ਸਿੱਖ ਸਮਾਗਮਾਂ ਦੌਰਾਨ ਲੰਗਰ ਅਤੇ ਨਿਸ਼ਕਾਮ ਸੇਵਾ ਰਾਹੀਂ ਮਨੁੱਖਤਾ ਦੀ ਭਲਾਈ ਦਾ ਸੁਨੇਹਾ ਦਿੱਤਾ ਜਾਂਦਾ ਹੈ, ਜਿਸ ਨਾਲ ਸਮਾਜਿਕ ਸਾਂਝ ਮਜ਼ਬੂਤ ਹੁੰਦੀ ਹੈ।

