Breaking
Sun. Jan 11th, 2026

2000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਰਿਸ਼ਵਤ

ਚੰਡੀਗੜ੍ਹ 8 ਜਨਵਰੀ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਤਹਿਤ ਨਗਰ ਨਿਗਮ, ਜਲੰਧਰ ਦੀ ਜਲ ਸਪਲਾਈ ਅਤੇ ਸੀਵਰੇਜ ਸ਼ਾਖਾ ਵਿੱਚ ਤਾਇਨਾਤ ਕਲਰਕ ਕਰੁਣ ਧੀਰ ਨੂੰ 2000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਤੋਂ ਇਲਾਵਾ ਦੋਸ਼ੀ ਦੇ ਘਰ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਟੀਮ ਨੂੰ 2.72 ਲੱਖ ਰੁਪਏ ਬਰਾਮਦ ਹੋਏ ਹਨ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਰਾਮ ਨਗਰ, ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਪਿਛਲੇ ਪੰਦਰਾਂ ਮਹੀਨਿਆਂ ਤੋਂ ਜਲੰਧਰ ਦੇ ਦੋਆਬਾ ਚੌਕ ਨੇੜੇ ਇੱਕ ਅਹਾਤਾ ਚਲਾ ਰਿਹਾ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਕਰੁਣ ਧੀਰ ਉਸਦੇ ਅਹਾਤਾ ’ਤੇ ਆਇਆ ਸੀ ਅਤੇ ਉਸਨੇ ਸ਼ਿਕਾਇਤਕਰਤਾ ਨੂੰ ਕਥਿਤ ਤੌਰ ਤੇ ਗੈਰ-ਕਾਨੂੰਨੀ ਕੁਨੈਕਸ਼ਨ ਵਰਤਣ ਅਤੇ ਗੰਦਾ ਪਾਣੀ ਸੀਵਰੇਜ ਵਿੱਚ ਪਾਉਣ ਦੀ ਆੜ ਵਿੱਚ ਉਸਦਾ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਕੱਟਣ ਦੀ ਧਮਕੀ ਦਿੱਤੀ ਸੀ।

ਦੋਸ਼ੀ ਅਧਿਕਾਰੀ ਧਮਕੀਆਂ ਦਿੰਦਾ ਰਿਹਾ ਅਤੇ ਰਿਸ਼ਵਤ ਦੀ ਮੰਗ ਕਰਦਾ ਰਿਹਾ

ਸ਼ਿਕਾਇਤਕਰਤਾ ਵੱਲੋਂ ਇਹ ਦੱਸਣ ਦੇ ਬਾਵਜੂਦ ਕਿ ਕੁਨੈਕਸ਼ਨ ਲਗਭਗ 15 ਸਾਲਾਂ ਤੋਂ ਚੱਲ ਰਿਹਾ ਹੈ, ਦੋਸ਼ੀ ਅਧਿਕਾਰੀ ਉਸਨੂੰ ਧਮਕੀਆਂ ਦਿੰਦਾ ਰਿਹਾ ਅਤੇ ਰਿਸ਼ਵਤ ਦੀ ਮੰਗ ਕਰਦਾ ਰਿਹਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੋਸ਼ ਲਗਾਇਆ ਕਿ ਦੋਸ਼ੀ ਕਰੁਣ ਧੀਰ ਨੇ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਨਾ ਕੱਟਣ ਦੇ ਬਦਲੇ 2000/- ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਬਤੌਰ ਸਬੂਤ ਰਿਕਾਰਡ ਕਰ ਲਈ ਸੀ।

ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ ਦੋਸ਼ੀ ਉਨ੍ਹਾਂ ਲੋਕਾਂ ਤੋਂ ਛੋਟੀਆਂ ਰਿਸ਼ਵਤਾਂ ਲੈਂਦਾ ਸੀ ਜੋ ਆਪਣਾ ਕੰਮ ਕਰਵਾਉਣਾ ਚਾਹੁੰਦੇ ਸਨ। ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

By admin

Related Post