Breaking
Tue. Jan 13th, 2026

ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਵਿੱਚ ਲੋਕ ਮਿਲਣੀ, ਕਿਹਾ ਲੋਕ ਮਿਲਣੀਆਂ ਪੰਜਾਬ ਦੇ ਵਿਕਾਸ ਨੂੰ ਤੇਜ਼ ਕਰਨ ਲਈ ਪ੍ਰੇਰਕ ਦਾ ਕੰਮ ਕਰਨਗੀਆਂ

ਭਗਵੰਤ ਸਿੰਘ ਮਾਨ

• ਲੋਕਾਂ ਨਾਲ ਸਿੱਧਾ ਸੰਵਾਦ ਪਾਰਦਰਸ਼ੀ ਤੇ ਜਵਾਬਦੇਹ ਸ਼ਾਸਨ ਦੀ ਕੁੰਜੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

• ਚਿਰ—ਸਥਾਈ ਲੋਕ—ਪੱਖੀ ਪਹਿਲਕਦਮੀਆਂ ਰਾਹੀਂ ਪੰਜਾਬ ਛੇਤੀ ਮੋਹਰੀ ਸੂਬੇ ਵਜੋਂ ਉੱਭਰੇਗਾ: ਭਗਵੰਤ ਸਿੰਘ ਮਾਨ

• ਮੁਫ਼ਤ ਬਿਜਲੀ ਤੋਂ ਲੈ ਕੇ ਨੌਕਰੀਆਂ ਤੇ ਸਿਹਤ ਸੰਭਾਲ ਰਾਹੀਂ ਸਾਡੀ ਸਰਕਾਰ ਦਾ ਧਿਆਨ ਆਮ ਲੋਕਾਂ ਦਾ ਬੋਝ ਘਟਾਉਣ ਉੱਤੇ ਕੇਂਦਰਿਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

• ਸਾਡੀ ਸਰਕਾਰ ਦੌਰਾਨ ਹੋਏ ਸਿੱਖਿਆ ਤੇ ਸਿਹਤ ਸੰਭਾਲ ਸੁਧਾਰਾਂ ਨੂੰ ਕੌਮੀ ਪੱਧਰ ਉੱਤੇ ਸਰਾਹਿਆ ਗਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਲੰਧਰ 12 ਜਨਵਰੀ (ਜਸਵਿੰਦਰ ਸਿੰਘ ਆਜ਼ਾਦ)- ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਵਿੱਚ ਲੋਕ ਮਿਲਣੀ ਰਾਹੀਂ ਵੱਖ—ਵੱਖ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧੀਰਜ ਨਾਲ ਸੁਣਿਆ। ਅਜਿਹੀ ਸਿੱਧੀ ਗੱਲਬਾਤ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਦਾ ਧੁਰਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਫ਼ਤ ਬਿਜਲੀ ਅਤੇ ਵੱਡੇ ਪੱਧਰ ਉੱਤੇ ਰੋਜ਼ਗਾਰ ਤੋਂ ਲੈ ਕੇ ਸਿਹਤ ਸੰਭਾਲ ਅਤੇ ਸਿੱਖਿਆ ਸੁਧਾਰਾਂ ਤੱਕ ਨਿਰੰਤਰ ਲੋਕ—ਪੱਖੀ ਪਹਿਲਕਦਮੀਆਂ ਆਮ ਪਰਿਵਾਰਾਂ ਉੱਤੇ ਬੋਝ ਨੂੰ ਲਗਾਤਾਰ ਘਟਾ ਰਹੀਆਂ ਹਨ ਅਤੇ ਪੰਜਾਬ ਨੂੰ ਦੇਸ਼ ਵਿੱਚ ਮੋਹਰੀ ਸੂਬੇ ਵਜੋਂ ਆਪਣੀ ਸਥਿਤੀ ਮੁੜ ਪ੍ਰਾਪਤ ਕਰਨ ਦੇ ਰਾਹ ਉੱਪਰ ਮਜ਼ਬੂਤੀ ਨਾਲ ਅੱਗੇ ਵਧਾ ਰਹੀਆਂ ਹਨ।

ਜਲੰਧਰ ਦੇ ਵੱਖ—ਵੱਖ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਮਿਲਣੀਆਂ ਸ਼ਾਸਨ ਦਾ ਇਕ ਨਿਯਮਤ ਹਿੱਸਾ ਹੋਣਗੀਆਂ ਕਿਉਂਕਿ ਇਹ ਸਰਕਾਰ ਨੂੰ ਜ਼ਮੀਨੀ ਹਕੀਕਤਾਂ ਨੂੰ ਸਮਝਣ ਅਤੇ ਜਨਤਕ ਸ਼ਿਕਾਇਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਵਿੱਚ ਮਦਦ ਕਰਦੀਆਂ ਹਨ। ਮੁੱਖ ਮੰਤਰੀ ਨੇ ਕਿਹਾ, “ਇਨ੍ਹਾਂ ਲੋਕ ਮਿਲਣੀਆਂ ਦਾ ਮੂਲ ਉਦੇਸ਼ ਪੂਰੀ ਪ੍ਰਕਿਰਿਆ ਨੂੰ ਸੁਚਾਰੂ ਬਣਾ ਕੇ ਲੋਕਾਂ ਨੂੰ ਦਰਪੇਸ਼ ਮੁੱਦਿਆਂ ਨੂੰ ਹੱਲ ਕਰਨਾ ਹੈ, ਜਿਸ ਨਾਲ ਸੂਬੇ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਮਿਲੇਗਾ। ਸਾਡੀ ਸਰਕਾਰ ਹਰੇਕ ਨਾਗਰਿਕ ਨੂੰ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਜਵਾਬਦੇਹ ਸ਼ਾਸਨ ਮੁਹੱਈਆ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ ਲਈ ਸਖ਼ਤ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ, “ਅਸੀਂ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਲਗਾਤਾਰ ਕੰਮ ਕਰ ਰਹੇ ਹਾਂ। ਉਹ ਦਿਨ ਦੂਰ ਨਹੀਂ, ਜਦੋਂ ਇਨ੍ਹਾਂ ਨਿਰੰਤਰ ਯਤਨਾਂ ਸਦਕਾ ਪੰਜਾਬ ਇਕ ਵਾਰ ਫਿਰ ਦੇਸ਼ ਵਿੱਚ ਮੋਹਰੀ ਸੂਬੇ ਵਜੋਂ ਉਭਰੇਗਾ।”

ਆਉਣ ਵਾਲੀਆਂ ਪੀੜ੍ਹੀਆਂ ਲਈ ‘ਰੰਗਲਾ ਪੰਜਾਬ’ ਬਣਾਉਣ ਲਈ ਵਿਆਪਕ ਯੋਜਨਾ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ

ਆਪਣੀ ਸਰਕਾਰ ਦੇ ਚਿਰਕਾਲੀ ਦ੍ਰਿਸ਼ਟੀਕੋਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ‘ਰੰਗਲਾ ਪੰਜਾਬ’ ਬਣਾਉਣ ਲਈ ਵਿਆਪਕ ਯੋਜਨਾ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ “ਪਿਛਲੇ ਮੁੱਖ ਮੰਤਰੀ ਆਪਣੇ ਮਹਿਲ ਤੱਕ ਸੀਮਤ ਰਹੇ ਪਰ ਮੈਂ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਸੂਬੇ ਦੇ ਹਰ ਕੋਨੇ—ਕੋਨੇ ਦਾ ਦੌਰਾ ਕਰ ਰਿਹਾ ਹਾਂ। ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗੀ ਤਾਂ ਜੋ ਵਿਕਾਸ ਅਤੇ ਖ਼ੁਸ਼ਹਾਲੀ ਨੂੰ ਹੋਰ ਗਤੀ ਮਿਲੇ।”

ਮੁੱਖ ਮੰਤਰੀ ਨੇ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਲੋਕਾਂ ਨਾਲ ਸਿੱਧਾ ਸੰਪਰਕ ਸਥਾਪਤ ਕਰਨਾ ਅਤੇ ਸੰਪੂਰਨ ਵਿਕਾਸ ਲਈ ਰਣਨੀਤੀ ਤਿਆਰ ਕਰਨਾ ਹੈ। ਉਨ੍ਹਾਂ ਕਿਹਾ, “ਇਸ ਪ੍ਰੋਗਰਾਮ ਦਾ ਦੇਸ਼ ਭਰ ਵਿੱਚ ਕੋਈ ਸਾਨੀ ਨਹੀਂ। ਕੋਈ ਹੋਰ ਸੂਬਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ ਉੱਤੇ ਜਾ ਕੇ ਹੱਲ ਕਰਨ ਲਈ ਇੰਨਾ ਸਮਾਂ ਨਹੀਂ ਕੱਢਦੀ। ਲੋਕ ਮਿਲਣੀਆਂ ਨਾ ਸਿਰਫ਼ ਜਨਤਕ ਮੁੱਦਿਆਂ ਦੇ ਜਲਦੀ ਹੱਲ ਨੂੰ ਯਕੀਨੀ ਬਣਾਉਂਦੀਆਂ ਹਨ, ਸਗੋਂ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਵਿੱਚ ਵੀ ਮਦਦਗਾਰ ਹਨ।”

ਇਸ ਨੂੰ ਮੌਜੂਦਾ ਜ਼ਰੂਰਤਾਂ ਦੇ ਅਨੁਕੂਲ ਇਕ ਲੋਕ—ਪੱਖੀ ਪਹਿਲਕਦਮੀ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਮਿਲਣੀ ਨਾਗਰਿਕਾਂ ਨੂੰ ਉਨ੍ਹਾਂ ਦੇ ਰੋਜ਼ਾਨਾ ਦੇ ਕੰਮ ਨੂੰ ਆਸਾਨੀ ਨਾਲ ਕਰਨ ਵਿੱਚ ਸਹਾਇਤਾ ਕਰਦੀ ਹੈ ਅਤੇ ਚੰਗੇ ਸ਼ਾਸਨ ਨੂੰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ, “ਇਹ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦਗਾਰ ਹੈ ਅਤੇ ਪ੍ਰਸ਼ਾਸਨ ਨੂੰ ਜ਼ਮੀਨੀ ਹਕੀਕਤਾਂ ਦੀ ਸਪੱਸ਼ਟ ਸਮਝ ਪ੍ਰਦਾਨ ਕਰਦੀ ਹੈ। ਸਾਡਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਲੋਕਾਂ ਦੇ ਦਰਵਾਜ਼ਿਆਂ ਉੱਤੇ ਪਹੁੰਚੇ। ਅਸੀਂ ਵਿਕਾਸ ਨੂੰ ਤੇਜ਼ ਕਰਨ ਅਤੇ ਖ਼ੁਸ਼ਹਾਲੀ ਵਧਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਾਂ।”

ਆਮ ਆਦਮੀ ਨੂੰ ਟੌਲ ਫੀਸਾਂ ਵਿੱਚ ਰੋਜ਼ਾਨਾ ਲਗਪਗ 64 ਲੱਖ ਰੁਪਏ ਦੀ ਬੱਚਤ ਹੁੰਦੀ ਹੈ

ਮੁੱਖ ਲੋਕ—ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 90 ਪ੍ਰਤੀਸ਼ਤ ਘਰਾਂ ਨੂੰ ਬਿਜਲੀ ਮੁਫ਼ਤ ਮਿਲ ਰਹੀ ਹੈ, ਜਿਸ ਨਾਲ ਪਰਿਵਾਰਾਂ ਉੱਤੇ ਵਿੱਤੀ ਦਬਾਅ ਕਾਫ਼ੀ ਹੱਦ ਤੱਕ ਘੱਟ ਗਿਆ ਹੈ। ਉਨ੍ਹਾਂ ਕਿਹਾ, “63,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫਾਰਸ਼ ਜਾਂ ਭ੍ਰਿਸ਼ਟਾਚਾਰ ਦੇ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।” ਉਨ੍ਹਾਂ ਕਿਹਾ ਕਿ ਸਰਕਾਰ ਨੇ 17 ਟੌਲ ਪਲਾਜ਼ਾ ਵੀ ਬੰਦ ਕਰ ਦਿੱਤੇ ਹਨ, ਜਿਸ ਨਾਲ ਆਮ ਆਦਮੀ ਨੂੰ ਟੌਲ ਫੀਸਾਂ ਵਿੱਚ ਰੋਜ਼ਾਨਾ ਲਗਪਗ 64 ਲੱਖ ਰੁਪਏ ਦੀ ਬੱਚਤ ਹੁੰਦੀ ਹੈ।

ਸਿਹਤ ਸੰਭਾਲ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਭਰ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜੋ ਮੁਫ਼ਤ ਇਲਾਜ ਅਤੇ ਦਵਾਈਆਂ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਜਲਦੀ ਸ਼ੁਰੂ ਕੀਤੀ ਜਾਵੇਗੀ, ਜਿਸ ਨਾਲ 10 ਲੱਖ Wਪਏ ਤੱਕ ਦਾ ਨਕਦ ਰਹਿਤ ਇਲਾਜ ਸੰਭਵ ਹੋ ਸਕੇਗਾ। ਸਿੱਖਿਆ ਖੇਤਰ ਵਿੱਚ ਵੀ ਕ੍ਰਾਂਤੀਕਾਰੀ ਕਦਮ ਚੁੱਕੇ ਗਏ ਹਨ, ਜਿਨ੍ਹਾਂ ਨੇ ਰਾਸ਼ਟਰੀ ਪੱਧਰ *ਤੇ ਸ਼ਲਾਘਾ ਖੱਟੀ ਹੈ।”

118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ

ਉਨ੍ਹਾਂ ਅੱਗੇ ਕਿਹਾ ਕਿ 118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ, ਜੋ ਗ਼ਰੀਬ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਲੜਕੀਆਂ ਲਈ ਮੁਫ਼ਤ ਬੱਸ ਸੇਵਾ ਇਹ ਯਕੀਨੀ ਬਣਾਉਂਦੀ ਹੈ ਕਿ ਕੋਈ ਵੀ ਲੜਕੀ ਸਿੱਖਿਆ ਤੋਂ ਵਾਂਝੀ ਨਾ ਰਹੇ। ਹਥਿਆਰਬੰਦ ਬਲਾਂ ਵਿੱਚ ਦਾਖ਼ਲੇ ਅਤੇ ਨੀਟ, ਜੇ.ਈ.ਈ., ਸੀ.ਐਲ.ਏ.ਟੀ., ਅਤੇ ਐਨ.ਆਈ.ਐਫ.ਟੀ. ਵਰਗੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਵੀ ਦਿੱਤੀ ਜਾ ਰਹੀ ਹੈ।”

ਸਿੱਖਿਆ ਖ਼ੇਤਰ ਵਿਚਲੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ 265 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਲਈ ਕੁਆਲੀਫਾਈ ਕੀਤਾ, ਜਦੋਂ ਕਿ 44 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸਡ ਅਤੇ 848 ਵਿਦਿਆਰਥੀਆਂ ਨੇ ਨੀਟ ਪਾਸ ਕੀਤਾ। ਉਨ੍ਹਾਂ ਅੱਗੇ ਕਿਹਾ, “ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਉਨ੍ਹਾਂ ਦੇ ਅਧਿਆਪਨ ਹੁਨਰ ਨੂੰ ਅਪਗ੍ਰੇਡ ਕਰਨ ਲਈ ਵਿਸ਼ਵ ਪ੍ਰਸਿੱਧ ਸੰਸਥਾਵਾਂ ਵਿੱਚ ਭੇਜਿਆ ਗਿਆ ਹੈ। ਸਾਡੀ ਸਰਕਾਰ ਦੁਆਰਾ ਬਣਾਈ ਗਈ ਸੜਕ ਸੁਰੱਖਿਆ ਫੋਰਸ ਦੀ ਦੇਸ਼ ਭਰ ਵਿੱਚ ਅਤੇ ਸੰਸਦ ਵਿੱਚ ਵੀ ਸ਼ਲਾਘਾ ਹੋਈ ਹੈ।”

ਇਸ ਮੌਕੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

By admin

Related Post