ਜਲੰਧਰ 12 ਜਨਵਰੀ (ਜਸਵਿੰਦਰ ਸਿੰਘ ਆਜ਼ਾਦ)- ਸੜਕ ਹਾਦਸਿਆਂ ਨੂੰ ਰੋਕਣ ਅਤੇ ਆਮ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਉਦੇਸ਼ ਨਾਲ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨਾ-2026 ਤਹਿਤ ਰੀਜ਼ਨਲ ਟਰਾਂਸਪੋਰਟ ਅਫ਼ਸਰ ਵਲੋਂ ਅੱਜ ਵੱਖ-ਵੱਖ ਪ੍ਰਦੂਸ਼ਣ ਚੈਕ ਸੈਂਟਰਾਂ ਦੀ ਜਾਂਚ ਕੀਤੀ ਗਈ।
ਬੀ.ਐਮ.ਸੀ. ਚੌਕ ਸਥਿਤ ਪ੍ਰਦੂਸ਼ਣ ਚੈਕ ਸੈਂਟਰ ਦਾ ਨਿਰੀਖਣ ਕਰਦਿਆਂ ਰੀਜਨਲ ਟਰਾਂਸਪੋਰਟ ਅਫ਼ਸਰ ਅਮਨਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਤਹਿਤ ਇਹ ਵਿਸ਼ੇਸ਼ ਜਾਂਚ ਕੀਤੀ ਗਈ ਹੈ। ਉਨ੍ਹਾਂ ਇਸ ਮੌਕੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਅਤੇ ਟਰਾਂਸਪੋਰਟ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਤਾਂ ਜੋ ਹਰੇਕ ਲਈ ਸੁਰੱਖਿਅਤ ਸਫ਼ਰ ਯਕੀਨੀ ਬਣਾਇਆ ਜਾ ਸਕੇ। ਇਸ ਦੌਰਾਨ ਕਈ ਵਾਹਨ ਚਾਲਕਾਂ ਵੱਲੋਂ ਆਪਣੇ ਪ੍ਰਦੂਸ਼ਣ ਸਰਟੀਫਿਕੇਟ ਰੀਨਿਊ ਵੀ ਕਰਵਾਏ ਗਏ।
ਇਸ ਮੌਕੇ ਸਹਾਇਕ ਰੀਜ਼ਨਲ ਟਰਾਂਸਪੋਰਟ ਅਫ਼ਸਰ ਵਿਸ਼ਾਲ ਗੋਇਲ ਨੇ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਾਡੀ ਸਭ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਦਿਆਂ ਆਪਣੀ ਅਤੇ ਹੋਰਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਈਏ। ਉਨ੍ਹਾਂ ਅੱਗੇ ਦੱਸਿਆ ਕਿ ਸੜਕ ਸੁਰੱਖਿਆ ਮਹੀਨੇ ਤਹਿਤ ਵਿਭਾਗ ਵੱਲੋਂ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

