ਕੈਬਨਿਟ ਮੰਤਰੀ ਨੇ ਲੋੜਵੰਦ ਵਿਅਕਤੀਆਂ ਨੂੰ ਕੰਬਲ, ਟਰੈਕ ਸੂਟ ਅਤੇ ਬੂਟ ਵੰਡੇ
ਜਲੰਧਰ 22 ਜਨਵਰੀ (ਜਸਵਿੰਦਰ ਸਿੰਘ ਆਜ਼ਾਦ)- ਠੰਡ ਦੇ ਮੌਸਮ ਦੇ ਮੱਦੇਨਜ਼ਰ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਭਾਰਗਵ ਕੈਂਪ ਵਿਖੇ ਲੋੜਵੰਦ ਵਿਅਕਤੀਆਂ ਨੂੰ ਕੰਬਲ, ਟਰੈਕ ਸੂਟ ਅਤੇ ਬੂਟਾਂ ਦੀ ਵੰਡ ਕੀਤੀ ਗਈ। ਮਨੁੱਖਤਾ ਦੀ ਸੇਵਾ ਦੇ ਇਸ ਉਪਰਾਲੇ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੀ ਮੌਜੂਦ ਸਨ।
ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਲੋੜਵੰਦ ਵਿਅਕਤੀਆਂ ਦੀ ਮਦਦ ਕਰਨਾ ਮਨੁੱਖਤਾ ਦੀ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸਭ ਦਾ ਫਰਜ਼ ਬਣਦਾ ਹੈ ਕਿ ਮੁਸ਼ਕਲ ਹਾਲਾਤ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮਦਦ ਲਈ ਅੱਗੇ ਆਈਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋੜਵੰਦ ਅਤੇ ਕਮਜ਼ੋਰ ਵਰਗ ਦੀ ਭਲਾਈ ਸਮੇਤ ਹਰ ਵਰਗ ਦੇ ਲੋਕਾਂ ਦੀ ਬਿਹਤਰੀ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
ਸ਼੍ਰੀ ਭਗਤ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਪਣੀ ਸਮਰੱਥਾ ਅਨੁਸਾਰ ਲੋੜਵੰਦਾਂ ਦੀ ਸਹਾਇਤਾ ਕਰਨ ਅਤੇ ਸਮਾਜ ਸੇਵਾ ਦੇ ਕਾਰਜਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ।
ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸੁਰਜੀਤ ਲਾਲ ਅਤੇ ਹੋਰ ਸਟਾਫ਼ ਮੈਂਬਰ ਵੀ ਮੌਜੂਦ ਸਨ।

