ਮਹਿਲਾ ਬਾਈਕਰਜ਼ ਨੇ ਦਿੱਤਾ ਟ੍ਰੈਫਿਕ ਨਿਯਮਾਂ ਦੀ ਪਾਲਣਾ ਦਾ ਸੰਦੇਸ਼
ਜਲੰਧਰ 22 ਜਨਵਰੀ (ਜਸਵਿੰਦਰ ਸਿੰਘ ਆਜ਼ਾਦ)- ਆਮ ਲੋਕਾਂ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣ ਦੇ ਮਕਸਦ ਨਾਲ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨਾ-2026 ਤਹਿਤ ਅੱਜ ਰੀਜਨਲ ਟਰਾਂਸਪੋਰਟ ਦਫ਼ਤਰ ਵੱਲੋਂ ਬਾਈਕ ਰੈਲੀ ਕੱਢੀ ਗਈ, ਜਿਸ ਨੂੰ ਰੀਜਨਲ ਟਰਾਂਸਪੋਰਟ ਅਫ਼ਸਰ ਅਮਨਪਾਲ ਸਿੰਘ, ਰਿਟਾਇਰਡ ਐਸ.ਐਸ.ਪੀ. ਐਮ.ਐਸ. ਭੁੱਲਰ ਜੁਆਇੰਟ ਡਾਇਰੈਕਟਰ ਲੀਡ ਏਜੰਸੀ ਆਨ ਰੋਡ ਸੇਫਟੀ, ਏ.ਡੀ.ਸੀ.ਪੀ. ਹਰਮਿੰਦਰ ਸਿੰਘ ਗਿੱਲ, ਸੀ.ਐਮ.ਐਫ.ਓ. ਨਵਦੀਪ ਸਿੰਘ ਅਤੇ ਸਹਾਇਕ ਕਮਿਸ਼ਨਰ (ਜ) ਰੋਹਿਤ ਜਿੰਦਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਸ਼ੁਰੂ ਹੋਈ ਇਹ ਬਾਈਕ ਰੈਲੀ ਚੁਨਮੁਨ ਮਾਲ ਤੋਂ ਏ.ਪੀ.ਜੇ. ਸਕੂਲ, ਬੀ.ਐਸ.ਐਫ. ਚੌਕ ਹੁੰਦੇ ਹੋਏ ਮੁੜ ਸਟੇਡੀਅਮ ਵਿਖੇ ਸਮਾਪਤ ਹੋਈ। ਇਹ ਰੈਲੀ ਮਹਿਲਾਵਾਂ ਦੇ ਰਾਈਡਰਜ਼ ਗਰੁੱਪ ‘ਪੰਜਾਬ ਰਾਈਡਰਜ਼ֹ’ ਦੇ ਸਹਿਯੋਗ ਨਾਲ ਕੱਢੀ ਗਈ, ਜਿਸ ਵਿੱਚ 15 ਮਹਿਲਾ ਬਾਈਕਰਜ਼ ਨੇ ਹਿੱਸਾ ਲਿਆ।
ਇਸ ਮੌਕੇ ਰੀਜਨਲ ਟਰਾਂਸਪੋਰਟ ਅਫ਼ਸਰ ਅਮਨਪਾਲ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਤਹਿਤ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਦੇ ਮਕਦਸ ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ ਅੱਜ ਵੁਮੈਨ ਬਾਈਕ ਰੈਲੀ ਕੱਢੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਬਾਈਕ ਰੈਲੀ ਦਾ ਉਦੇਸ਼ ਲੋਕਾਂ ਨੂੰ ਜ਼ਿੰਮੇਵਾਰ ਡਰਾਈਵਿੰਗ ਅਤੇ ਸੜਕ ਸੁਰੱਖਿਆ ਪ੍ਰਤੀ ਸੁਚੇਤ ਕਰਨਾ ਸੀ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵਿਭਾਗ ਵੱਲੋਂ ਟਰੱਕ, ਟੈਕਸੀ ਤੇ ਆਟੋ ਯੂਨੀਅਨਾਂ, ਸਕੂਲੀ ਬੱਸਾਂ ਦੇ ਡਰਾਈਵਰਾਂ ਅਤੇ ਆਮ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਜਾਗਰੂਕਤਾ ਸੈਮੀਨਾਰ ਕਰਵਾਏ ਗਏ ਹਨ। ਇਸ ਤੋਂ ਇਲਾਵਾ ਵਾਹਨਾਂ ਚਾਲਕਾਂ ਦੀਆਂ ਅੱਖਾਂ ਦੀ ਜਾਂਚ ਲਈ ਅੱਖਾਂ ਦੇ ਮਾਹਰ ਡਾਕਟਰਾਂ ਦੇ ਸਹਿਯੋਗ ਅੱਖਾਂ ਦੇ ਜਾਂਚ ਕੈਂਪ ਵੀ ਲਗਾਏ ਜਾ ਚੁੱਕੇ ਹਨ। ਉਨ੍ਹਾਂ ਇਸ ਮੌਕੇ ਨਾਗਰਿਕਾਂ ਨੂੰ ਆਪਣੀ ਅਤੇ ਹੋਰਨਾਂ ਦੀ ਸੁਰੱਖਿਆ ਲਈ ਟ੍ਰੈਫਿਕ ਨਿਯਮਾਂ ਦੀ ਪੂਰੀ ਜ਼ਿੰਮੇਵਾਰੀ ਅਤੇ ਸੰਜੀਦਗੀ ਨਾਲ ਪਾਲਣਾ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਸਹਾਇਕ ਰੀਜਨਲ ਟਰਾਂਸਪੋਰਟ ਅਫ਼ਸਰ ਵਿਸ਼ਾਲ ਗੋਇਲ, ਰਿਟਾਇਰਡ ਐਸ.ਐਸ.ਪੀ. ਐਮ.ਐਸ. ਭੁੱਲਰ ਅਤੇ ਰੀਜਨਲ ਟਰਾਂਸਪੋਰਟ ਦਾ ਸਟਾਫ਼ ਵੀ ਮੌਜੂਦ ਸੀ।

