ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਿਹਤ ਬੀਮਾ ਯੋਜਨਾ ਦਾ ਵੱਡਾ ਤੋਹਫ਼ਾ
10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਦੀ ਨਿਵੇਕਲੀ ਪਹਿਲ ਦੀ ਹੋਈ ਸ਼ੁਰੂਆਤ
ਜਲੰਧਰ 22 ਜਨਵਰੀ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਬਾਗਬਾਨੀ ਅਤੇ ਸੁਤੰਤਰਤਾ ਸੈਨਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਮਿਆਰੀ ਤੇ ਮੁਫ਼ਤ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਸਿਹਤ ਯੋਜਨਾ ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਗਈ ਜੋ ਲੋਕਾਂ ਲਈ ਵਰਦਾਨ ਸਾਬਿਤ ਹੋਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸ੍ਰ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਸ ਪਹਿਲ ਨਾਲ ਹਰੇਕ ਵਿਅਕਤੀ ਨੂੰ 10 ਲੱਖ ਰਪੁਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ ਮਿਲੇਗਾ।
ਸ੍ਰੀ ਭਗਤ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਾਗੂ ਕਰਨ ਵਾਲਾ ਪੰਜਾਬ ਦੇਸ਼ ਭਰ ਵਿੱਚ ਪਹਿਲਾ ਸੂਬਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਬੀਮਾ ਯੋਜਨਾ ਨਾਲ ਲੋਕਾਂ ਨੂੰ ਸਿਹਤ ਸੰਭਾਲ ਵਿੱਚ ਬਹੁਤ ਵੱਡਾ ਲਾਭ ਮਿਲੇਗਾ ਅਤੇ ਉਹ ਬਿਨਾਂ ਕਿਸੇ ਪਰੇਸ਼ਾਨੀ ਦੇ ਆਪਣਾ ਮੁਫ਼ਤ ਇਲਾਜ ਕਰਵਾ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ੁਰੂ ਕੀਤੀ ਗਈ ਇਹ ਨਿਵੇਕਲੀ ਪਹਿਲ ਸੂਬਾ ਵਾਸੀਆ ਲਈ ਵਰਦਾਨ ਸਾਬਿਤ ਹੋਵੇਗੀ ਅਤੇ ਇਸ ਸਕੀਮ ਤਹਿਤ 10 ਲੱਖ ਰੁਪਏ ਦੇ ਇਲਾਜ ਤੱਕ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਵਲੋਂ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਸੂਬਾ ਵਾਸੀ ਜਿਸ ਪਾਸ ਪੰਜਾਬ ਦਾ ਅਧਾਰ ਕਾਰਡ ਜਾਂ ਵੋਟਰ ਕਾਰਡ ਹੈ, ਇਸ ਸਕੀਮ ਦਾ ਲਾਭ ਲੈ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਵਲੋਂ ਵੱਖ-ਵੱਖ ਥਾਵਾਂ ਉਤੇ ਲਗਾਏ ਜਾ ਰਹੇ ਮੁੱਖ ਮੰਤਰੀ ਸਿਹਤ ਯੋਜਨਾ ਸਿਹਤ ਕਾਰਡ ਰਜਿਸਟਰੇਸ਼ਨਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਨੂੰ ਯਕੀਨੀ ਬਣਾਉਣ।

