ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਨਵੀਂ ਦਾਣਾ ਮੰਡੀ ਦੀ ਅਪਰੋਚ ਰੋਡ ਦਾ ਉਦਘਾਟਨ

ਮੋਹਿੰਦਰ ਭਗਤ

ਕਿਹਾ ਮੰਡੀ ਦੇ ਆੜ੍ਹਤੀਆਂ ਤੇ ਦੁਕਾਨਦਾਰਾਂ ਦੀ ਪ੍ਰਮੁੱਖ ਮੰਗ ਪੂਰੀ ਹੋਈ, ਆਉਣ ਵਾਲੇ ਕਣਕ ਦੇ ਸੀਜ਼ਨ ’ਚ ਕਿਸਾਨਾਂ ਨੂੰ ਵੀ ਹੋਵੇਗੀ ਸੌਖ

ਪੰਜਾਬ ਸਰਕਾਰ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਦੇ ਰਹੀ ਵਿਸ਼ੇਸ਼ ਧਿਆਨ : ਮੋਹਿੰਦਰ ਭਗਤ

ਜਲੰਧਰ 25 ਮਾਰਚ (ਜਸਵਿੰਦਰ ਸਿੰਘ ਆਜ਼ਾਦ)- ਬੁਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਥਾਨਕ ਨਵੀਂ ਦਾਣਾ ਮੰਡੀ ਦੀ ਅਪਰੋਚ ਰੋਡ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ 600 ਫੁੱਟ ਲੰਮੀ ਅਤੇ 20 ਫੁੱਟ ਚੌੜੀ ਇਸ ਅਪਰੋਚ ਰੋਡ ’ਤੇ 14.97 ਲੱਖ ਰੁਪਏ ਦਾ ਖਰਚ ਆਇਆ ਹੈ। ਉਨ੍ਹਾਂ ਕਿਹਾ ਕਿ ਇਸ ਰੋਡ ਦੇ ਬਣਨ ਨਾਲ ਜਿਥੇ ਮੰਡੀ ਦੇ ਆੜ੍ਹਤੀਆਂ ਅਤੇ ਦੁਕਾਨਦਾਰਾਂ ਦੀ ਪ੍ਰਮੁੱਖ ਮੰਗ ਪੂਰੀ ਹੋਈ ਹੈ ਉਥੇ ਆਉਣ ਵਾਲੇ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀ ਤੱਕ ਲੈ ਕੇ ਆਉਣ ਵਿੱਚ ਸੌਖ ਹੋਵੇਗੀ।

ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਅਤੇ ਵਪਾਰੀਆਂ ਨੂੰ ਲੋੜੀਂਦੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਜ਼ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ‘ਆਪ’ ਆਗੂ ਦਿਨੇਸ਼ ਢੱਲ, ਚੇਅਰਮੈਨ ਮਾਰਕੀਟ ਕਮੇਟੀ ਗੁਰਪਾਲ ਸਿੰਘ ਮਾਂਗੇਕੀ, ਸਕੱਤਰ ਮਾਰਕੀਟ ਕਮੇਟੀ ਜਲੰਧਰ ਸ਼ਹਿਰ ਰੁਪਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਅਰਵਿੰਦਰ ਸਿੰਘ, ਐਕਸੀਅਨ ਪੰਜਾਬ ਮੰਡੀ ਬੋਰਡ ਮਨਦੀਪ ਸਿੰਘ, ਐਸ.ਡੀ.ਓ. ਅਵਤਾਰ ਸਿੰਘ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।

By admin

Related Post