– ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੇ ‘ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਲੋਕਾਂ ਨਾਲ ਕੀਤਾ ਸਿੱਧਾ ਸੰਵਾਦ
ਆਦਮਪੁਰ/ਜਲੰਧਰ 26 ਮਾਰਚ (ਜਸਵਿੰਦਰ ਸਿੰਘ ਆਜ਼ਾਦ)- ਚੇਅਰਮੈਨ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਖੇਤਰ ਵਿਚ ਇਤਿਹਾਸਕ ਫੈਸਲੇ ਲੈਕੇ ਕ੍ਰਾਂਤੀਕਾਰੀ ਬਦਲਾਅ ਕੀਤੇ ਹਨ।
ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 4 ਸਾਲ ਪੂਰੇ ਹੋਣ ‘ਤੇ ਚਲਾਈ ਜਾ ਰਹੀ ਮੁਹਿੰਮ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਤਹਿਤ ਇਥੇ ਨਹਿਰ ਕਲੋਨੀ, ਆਦਮਪੁਰ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਕੇ ਦਿਖਾਇਆ ਹੈ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਿਹਤ, ਸਿੱਖਿਆ, ਰੋਜ਼ਗਾਰ, ਉਦਯੋਗਿਕ ਵਿਕਾਸ ਅਤੇ ਬੁਨਿਆਦੀ ਢਾਂਚੇ ਸਮੇਤ ਹੋਰ ਪ੍ਰਮੁੱਖ ਖੇਤਰਾਂ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਡੇਰਾ ਸੱਚਖੰਡ ਬੱਲਾਂ ਨੇੜੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਬਣਾਉਣ ਦਾ ਵਾਅਦਾ ਵੀ ਜਲਦ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੇਂਦਰ ਲਈ ਜ਼ਮੀਨ ਦਾ ਕਾਰਜ ਪਹਿਲਾਂ ਹੀ ਮੁਕੰਮਲ ਹੋ ਚੁੱਕਾ ਹੈ ਅਤੇ ਲੇਆਉਟ ਪਲਾਨ ਵੀ ਤਿਆਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੀ ਉਸਾਰੀ ਜਲਦ ਸ਼ੁਰੂ ਹੋ ਜਾਵੇਗੀ।
ਸ਼੍ਰੀ ਟੀਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ ਦੇ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਹਨ। ਆਮ ਆਦਮੀ ਕਲੀਨਿਕਾਂ ਰਾਹੀਂ ਜਿਥੇ ਲੋਕਾਂ ਨੂੰ ਮੁਫ਼ਤ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਥੇ ਪੰਜਾਬ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਸਿਹਤ ਬੀਮਾ ਕਵਰ ਦੀ ਸਹੂਲਤ ਦਿੱਤੀ ਜਾ ਰਹੀ ਹੈ।
ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਵਰਗੀਆਂ ਅਤਿ ਆਧੁਨਿਕ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ
ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਦੇ ਨਾਲ-ਨਾਲ ਇਨ੍ਹਾਂ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਵਰਗੀਆਂ ਅਤਿ ਆਧੁਨਿਕ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਥੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਚਲਾ ਕੇ ਨਸ਼ਿਆਂ ਦੇ ਕਾਰੋਬਾਰੀਆਂ ’ਤੇ ਵੱਡੇ ਪੱਧਰ ’ਤੇ ਸ਼ਿਕੰਜਾ ਕੱਸਿਆ ਗਿਆ ਹੈ, ਉਥੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਗਿਆ ਹੈ।
ਚੇਅਰਮੈਨ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਪੈਰਾਂ ਸਿਰ ਖੜ੍ਹਾ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਗਿਣਤੀ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਹਨ ਅਤੇ ਬਿਨ੍ਹਾਂ ਕਿਸੇ ਪੱਖਪਾਤ ਅਤੇ ਸਿਫਾਰਸ਼ ਤੋਂ 65000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਸ਼੍ਰੀ ਟੀਨੂੰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੜਕਾਂ, ਪੁਲਾਂ ਸਮੇਤ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵਿਸ਼ੇਸ਼ ਤਵਜੋਂ ਦਿੱਤੀ ਹੈ।
ਚੇਅਰਮੈਨ ਨੇ ਕਿਹਾ ਕਿ ਮਾਨ ਸਰਕਾਰ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਕੇ ਮਹਿਲਾਵਾਂ ਲਈ ਇਤਿਹਾਸਕ ਕਦਮ ਚੁੱਕਿਆ ਹੈ। ਇਸ ਤੋਂ ਇਲਾਵਾ ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ।
ਇਸ ਮੌਕੇ ਇਲਾਕਾ ਵਾਸੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ ਅਤੇ ਉਨ੍ਹਾਂ ਸਰਕਾਰ ਦੀਆਂ ਨੀਤੀਆਂ ਅਤੇ ਹਲਕੇ ਦੇ ਵਿਕਾਸ ਕਾਰਜਾਂ ‘ਤੇ ਤਸੱਲੀ ਵੀ ਪ੍ਰਗਟਾਈ।

