– ਕੈਬਨਿਟ ਮੰਤਰੀ ਨੇ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਤਹਿਤ ਜਲੰਧਰ ਵਾਸੀਆਂ ਨਾਲ ਕੀਤਾ ਸਿੱਧਾ ਸੰਵਾਦ
– ਕਿਹਾ, ਭਗਵੰਤ ਮਾਨ ਸਰਕਾਰ ਨੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਲਏ ਇਤਿਹਾਸਕ ਫੈਸਲੇ
ਮੁਹਿੰਮ ਤਹਿਤ ਕੀਤੀਆਂ ਜਾਣਗੀਆਂ 16,000 ਰੈਲੀਆਂ, ਜਨ ਸਭਾਵਾਂ ਤੇ ਨੁੱਕੜ ਮੀਟਿੰਗਾਂ, ਸਿੱਧਾ ਲੋਕਾਂ ਤੱਕ ਪਹੁੰਚਾਇਆ ਜਾਵੇਗਾ ਸਰਕਾਰ ਦਾ ਰਿਪੋਰਟ ਕਾਰਡ
ਜਲੰਧਰ 26 ਮਾਰਚ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਜਲੰਧਰ ਵਾਸੀਆਂ ਨਾਲ ਅੱਜ ਸੰਵਾਦ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀਆਂ ਉਮੀਦਾਂ ’ਤੇ ਪੂਰੀ ਤਰ੍ਹਾਂ ਖਰੀ ਉੱਤਰੀ ਹੈ।
ਵਾਰਡ ਨੰ. 51 ਵਿਖੇ ਆਪਣਾ ਰਿਪੋਰਟ ਕਾਰਡ ਪੇਸ਼ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਪੰਜਾਬ ਸਰਕਾਰ ਦੇ ਚਾਰ ਸਾਲਾਂ ਦੇ ਇਮਾਨਦਾਰ, ਪਾਰਦਰਸ਼ੀ ਅਤੇ ਲੋਕ-ਪੱਖੀ ਸ਼ਾਸਨ ਤੋਂ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਨਾ ਸਿਰਫ਼ ਸੂਬੇ ਦੇ ਲੋਕਾਂ ਨਾਲ ਕੀਤੇ ਇਕ-ਇਕ ਵਾਅਦੇ ਨੂੰ ਪੂਰਾ ਕੀਤਾ ਹੈ, ਸਗੋਂ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ’ਤੇ ਲਿਜਾਣ ਲਈ ਇਤਿਹਾਸਕ ਫੈਸਲੇ ਲਏ ਹਨ।
ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿਹਤ ਖੇਤਰ ਨੂੰ ਮਜ਼ਬੂਤ ਕਰਦਿਆਂ ਜਿਥੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਮਿਆਰੀ ਸਿਹਤ ਸੇਵਾਵਾਂ ਜਨਤਾ ਨੂੰ ਮੁਹੱਈਆ ਕਰਵਾਈਆਂ, ਉਥੇ ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਵੀ ਵੱਡੇ ਸੁਧਾਰ ਕੀਤੇ ਗਏ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਵਿੱਚ ਕਰੋੜਾਂ ਰੁਪਏ ਖਰਚ ਕੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕੀਤੀ ਗਈ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਲਈ ਪਹਿਲੀ ਵਾਰ ਦਿਨ ਵੇਲੇ ਬਿਜਲੀ ਅਤੇ ਲੱਖਾਂ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਾਰਦਰਸ਼ੀ ਢੰਗ ਨਾਲ ਸਿਰਫ਼ ਮੈਰਿਟ ਦੇ ਆਧਾਰ ’ਤੇ 65,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ।
ਐਸ.ਸੀ. ਵਰਗ ਦੀਆਂ ਔਰਤਾਂ ਲਈ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਲਈ 1000 ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ
ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਾਗੂ ਕੀਤੀ ਗਈ ਹੈ, ਜਿਸ ਤਹਿਤ ਇਸ ਬਜਟ ਵਿੱਚ ਐਸ.ਸੀ. ਵਰਗ ਦੀਆਂ ਔਰਤਾਂ ਲਈ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਲਈ 1000 ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋਣ ਵਾਲੇ ਫੌਜੀਆਂ ਦੇ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ ਵਧਾ ਕੇ 1 ਕਰੋੜ ਰੁਪਏ ਕੀਤੀ ਗਈ ਹੈ।
ਸ਼੍ਰੀ ਭਗਤ ਨੇ ਕਿਹਾ ਕਿ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਲਈ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਵੱਡੇ ਪੱਧਰ ’ਤੇ ਜੰਗ ਵਿੱਢੀ ਗਈ ਹੈ, ਜਿਸ ਤਹਿਤ ਨਸ਼ੇ ਦੇ ਸੌਦਾਗਰਾਂ ਨੂੰ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਨਸ਼ੇ ਦੇ ਜੰਜਾਲ ਵਿੱਚ ਫਸ ਚੁੱਕੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਕਾਸ ਅਤੇ ਖੁਸ਼ਹਾਲੀ ਦੀਆਂ ਨਵੀਂਆਂ ਉਚਾਈਆਂ ਨੂੰ ਛੋਹੇਗਾ।
ਇਸ ਮੌਕੇ ਭਾਰੀ ਗਿਣਤੀ ਲੋਕਾਂ ਵਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ ‘ਤੇ ਤਸੱਲੀ ਪ੍ਰਗਟਾਈ।
ਸ਼੍ਰੀ ਭਗਤ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਵਿੱਢੀ ਸੂਬਾ ਪੱਧਰੀ ਵੱਡੀ ਜਨਤਕ ਮੁਹਿੰਮ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਤਹਿਤ 16,000 ਰੈਲੀਆਂ, ਜਨ ਸਭਾਵਾਂ ਅਤੇ ਨੁੱਕੜ ਮੀਟਿੰਗਾਂ ਰਾਹੀਂ ਸਰਕਾਰ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਤੱਕ ਪਹੁੰਚਾਇਆ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਤਹਿਤ ਮੰਤਰੀ, ਵਿਧਾਇਕ, ਚੇਅਰਮੈਨ, ਸਰਪੰਚ, ਪੰਚ, ਐਮ.ਸੀ., ਜ਼ਿਲ੍ਹਾ ਪ੍ਰਧਾਨ ਅਤੇ ਪਾਰਟੀ ਵਲੰਟੀਅਰ ਸ਼ਾਮਲ ਹੋਣਗੇ, ਜੋ ਸਰਕਾਰ ਦਾ ਰਿਪੋਰਟ ਕਾਰਡ ਲੈ ਕੇ ਹਰ ਪਿੰਡ, ਗਲੀ ਅਤੇ ਘਰ-ਘਰ ਪਹੁੰਚਣਗੇ।

