ਹੁਸ਼ਿਆਰਪੁਰ 21 ਅਪ੍ਰੈਲ (ਤਰਸੇਮ ਦੁਵਾਨ )- ਪੰਜਾਬ ਵਿਚ ਬੇਅਦਬੀ ਰੋਕੂ ਕਾਨੂੰਨ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026 ਦੇ ਰੂਪ ਵਿਚ ਬਣ ਗਿਆ ਹੈ। ਇਸ ਕਾਰਜ ਵਿਚ ਮਿਲੀ ਸਫਲਤਾ ਲਈ ਸਤਿਗੁਰੂ ਜੀ ਦਾ ਕੋਟਿਨ ਕੋਟ ਸ਼ੁਕਰਾਨਾ ਕਰਦਿਆਂ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਮੁਕੇਰੀਆਂ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਪਿੰਕੀ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਾਨ ਸਰਕਾਰ ਵਧਾਈ ਦੀ ਪਾਤਰ ਹੈ ਜਿਨਾਂ ਨੇ ਸਤਿਗੁਰੂ ਜੀ ਨੂੰ ਪਿਆਰ ਵਾਲੀਆਂ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਹੋਇਆ, ਇਹ ਸੋਧ ਐਕਟ 13 ਅਪ੍ਰੈਲ 2026 ਨੂੰ ਪੰਜਾਬ ਵਿਧਾਨ ਸਭਾ ਵਿਚ ਸਰਬ ਸੰਮਤੀ ਨਾਲ ਪਾਸ ਕਰਵਾਇਆ ਅਤੇ ਪੰਜਾਬ ਦੇ ਮਾਨਯੋਗ ਗਵਰਨਰ ਗੁਲਾਬ ਚੰਦ ਕਟਾਰੀਆ ਨੇ ਦਸਤਖਤ ਕਰਕੇ ਇਸ ਐਕਟ ਨੂੰ ਪ੍ਰਵਾਨਗੀ ਦਿਤੀ। ਉਨ੍ਹਾਂ ਸਰਕਾਰ ਦੇ ਇਸ ਫ਼ੈਸਲੇ ਨੂੰ ਸਿੱਖ ਸੰਗਤ ਦੀਆਂ ਲੰਮੇ ਸਮੇਂ ਤੋਂ ਚਲੀਆਂ ਆ ਰਹੀਆਂ ਮੰਗਾਂ ਤੇ ਧਾਰਮਿਕ ਭਾਵਨਾਵਾਂ ਦੀ ਸੱਚੀ ਤਰਜਮਾਨੀ ਕਰਾਰ ਦਿੱਤਾ।
ਉਨ੍ਹਾਂ ਕਿਹਾ ਕਿ ਇਹ ਕਦਮ ਪੰਜਾਬ ਨੂੰ ਦੁਬਾਰਾ ਸ਼ਾਂਤੀ ਤੇ ਸਨਮਾਨ ਦੇ ਰਾਹ ‘ਤੇ ਲਿਜਾਣ ‘ਚ ਮੀਲ ਪੱਥਰ ਸਾਬਤ ਹੋਵੇਗਾ ਅਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਪੂਰਾ ਸਨਮਾਨ ਮਿਲੇਗਾ। ਭੁਪਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਸਿੱਖਾਂ ਦੀ ਧਾਰਮਿਕ ਆਸਥਾ ਅਤੇ ਕੌਮੀ ਸਨਮਾਨ ਦੀ ਰੱਖਿਆ ਲਈ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਦਾ ਮੁਕੰਮਲ ਖ਼ਾਤਮਾ ਕਰਨਾ ਸਮੇਂ ਦੀ ਲੋੜ ਹੈ।
ਪਿਛਲੇ ਕਈ ਸਾਲਾਂ ਦੌਰਾਨ ਪੰਜਾਬ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਰਗੇ ਦੁਖਦਾਈ ਮਾਮਲੇ ਵੇਖੇ ਹਨ, ਜਿਨ੍ਹਾਂ ਨੇ ਨਾਨਕ ਨਾਮ ਲੇਵਾ ਸੰਗਤ ਦੇ ਦਿਲਾਂ ਨੂੰ ਡੂੰਘੀ ਠੇਸ ਪਹੁੰਚਾਈ। ਉਨ੍ਹਾਂ ਪਿਛਲੀਆਂ ਸਰਕਾਰਾਂ ਨੂੰ ਕੋਸਦਿਆਂ ਕਿਹਾ ਕਿ ਇਸ ਸੰਵੇਦਨਸ਼ੀਲ ਮੁੱਦੇ ਨੂੰ ਅਕਸਰ ਵੋਟਾਂ ਦੀ ਰਾਜਨੀਤੀ ਲਈ ਵਰਤਿਆ ਗਿਆ ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਵਿਧਾਨ ਸਭਾ ‘ਚ ਇਹ ਬਿੱਲ ਪੇਸ਼ ਕਰਕੇ ਇੱਕ ਨਵਾਂ ਇਤਿਹਾਸ ਰਚਿਆ ਹੈ।

