ਜ਼ਿਲ੍ਹੇ ’ਚ ਚੱਲ ਰਹੀਆਂ ਲੋਕ ਭਲਾਈ ਯੋਜਨਾਵਾਂ ਦਾ ਲਿਆ ਜਾਇਜ਼ਾ
ਕਿਹਾ, ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਲਈ ਐਸ.ਡੀ.ਐਮਜ਼ ਲਗਾਤਾਰ ਨਿਗਰਾਨੀ ਯਕੀਨੀ ਬਣਾਉਣ
ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਅਧਿਕਾਰੀਆਂ ਨੂੰ ਪੂਰੀ ਮੁਸਤੈਦੀ ਵਰਤਣ ਦੇ ਨਿਰਦੇਸ਼
ਜਲੰਧਰ 1 ਮਈ (ਜਸਵਿੰਦਰ ਸਿੰਘ ਆਜ਼ਾਦ)- ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਇਨ੍ਹਾਂ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ, ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਹੂਲਤਾਂ ਤੋਂ ਵਾਂਝਾ ਨਾ ਰਹੇ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਵਿੱਚ ਬਣਾਏ ਜਾ ਰਹੇ ਕਾਰਡਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਤੇਜਦੀਪ ਸਿੰਘ ਸੈਣੀ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਤਹਿਤ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਰਾਜ ਸਰਕਾਰ ਦੀ ਇਸ ਮਹੱਤਵਪੂਰਣ ਯੋਜਨਾ ਦਾ ਲਾਭ ਜ਼ਮੀਨੀ ਪੱਧਰ ਤੱਕ ਪੁੱਜਦਾ ਕਰਨ ਲਈ ਐਸ.ਡੀ.ਐਮਜ਼ ਨੂੰ ਯੋਜਨਾ ਦੀ ਨਿਯਮਿਤ ਨਿਗਰਾਨੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਕਾਰਡ ਬਣਾਉਣ ਲਈ ਲਾਏ ਜਾ ਰਹੇ ਕੈਂਪਾਂ ਦੀ ਲਗਾਤਾਰ ਸਮੀਖਿਆ ਦੇ ਨਾਲ-ਨਾਲ ਓਪਰੇਟਰਾਂ ਨਾਲ ਰਾਬਤਾ ਕਾਇਮ ਰੱਖਿਆ ਜਾਵੇ ਅਤੇ ਜੇਕਰ ਕਿਤੇ ਕੋਈ ਸਮੱਸਿਆ ਪੇਸ਼ ਆਉਂਦੀ ਹੈ, ਤਾਂ ਉਸ ਨੂੰ ਫੌਰੀ ਹੱਲ ਕੀਤਾ ਜਾਵੇ, ਤਾਂ ਜੋ ਕਾਰਡ ਬਣਾਉਣ ਆਏ ਲੋਕਾਂ ਨੂੰ ਕੋਈ ਅਸੁਵਿਧਾ ਨਾ ਹੋਵੇ। ਉਨ੍ਹਾਂ ਇਸ ਯੋਜਨਾ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ’ਤੇ ਵੀ ਜ਼ੋਰ ਦਿੱਤਾ।
ਡਿਪਟੀ ਕਮਿਸ਼ਨਰ ਨੇ ਇਕ ਵੱਖਰੀ ਮੀਟਿੰਗ ਦੌਰਾਨ ਸਵਾਮਿਤਵ-ਮੇਰਾ ਘਰ ਮੇਰੇ ਨਾਮ ਯੋਜਨਾ ਤਹਿਤ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਗਰਾਊਂਡ ਟਰੂਥਿੰਗ (ਡੋਰ-ਟੂ-ਡੋਰ ਸਰਵੇ) ਦੇ ਕੰਮ ਦੀ ਸਮੀਖਿਆ ਕਰਦਿਆਂ ਇਸ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਕੁਝ ਪਿੰਡਾਂ ਵਿੱਚ ਲੰਬਿਤ ਗਰਾਊਂਡ ਟਰੂਥਿੰਗ ਦੇ ਕੰਮ ਨੂੰ ਤਰਜੀਹ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇ।
ਨਕਸ਼ਾ-3 ਸਬੰਧੀ ਇਤਰਾਜ਼ ਨਿਰਧਾਰਤ ਸਮੇਂ ਦੇ ਅੰਦਰ ਸਬੰਧਤ ਤਹਿਸੀਲਦਾਰਾਂ ਨੂੰ ਦਿੱਤੇ ਜਾਣ
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਕਸ਼ਾ-1 ਦੀ ਗਰਾਊਂਡ ਟਰੂਥਿੰਗ ਲਈ ਪਿੰਡਾਂ ਵਿੱਚ ਆਉਣ ਵਾਲੇ ਪਟਵਾਰੀਆਂ ਨੂੰ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਨਕਸ਼ਾ-3 ਸਬੰਧੀ ਇਤਰਾਜ਼ ਨਿਰਧਾਰਤ ਸਮੇਂ ਦੇ ਅੰਦਰ ਸਬੰਧਤ ਤਹਿਸੀਲਦਾਰਾਂ ਨੂੰ ਦਿੱਤੇ ਜਾਣ, ਤਾਂ ਜੋ ਇਨ੍ਹਾਂ ਦਾ ਜਲਦ ਤੋਂ ਜਲਦ ਨਿਪਟਾਰਾ ਕੀਤਾ ਜਾ ਸਕੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਈਜ਼ੀ ਰਜਿਸਟ੍ਰੇਸ਼ਨ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਵੀ ਜਾਇਜ਼ਾ ਲਿਆ।
ਇਕ ਹੋਰ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਰੋਕਥਾਮ ਲਈ ਅਧਿਕਾਰੀਆਂ ਨੂੰ ਫੀਲਡ ਵਿੱਚ ਪੂਰੀ ਮੁਸਤੈਦੀ ਵਰਤਣ ਅਤੇ ਕਿਸਾਨਾਂ ਨੂੰ ਖੇਤਾਂ ਵਿੱਚ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਨੇੜਿਓਂ ਨਜ਼ਰ ਰੱਖੀ ਜਾਵੇ ਅਤੇ ਜੇਕਰ ਕੋਈ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ 24 ਘੰਟੇ ਦੇ ਅੰਦਰ ਪੜਤਾਲ ਕਰਕੇ ਰਿਪੋਰਟ ਕਰਨਾ ਯਕੀਨੀ ਬਣਾਇਆ ਜਾਵੇ, ਤਾਂ ਜੋ ਨਿਯਮਾਂ ਮੁਤਾਬਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।
ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਰਾਹੀਂ ਕਿਸਾਨਾਂ ਨੂੰ ਫ਼ਸਲ ਦੀ ਰਹਿੰਦ-ਖੂਹੰਦ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਇਸ ਤੋਂ ਇਲਾਵਾ ਨਾੜ ਦੇ ਸੁਚੱਜੇ ਪ੍ਰਬੰਧਨ ਲਈ ਸਰਕਾਰ ਵੱਲੋਂ ਸਬਸਿਡੀ ’ਤੇ ਮੁਹੱਈਆ ਕਰਵਾਈ ਜਾ ਰਹੀ ਖੇਤੀ ਮਸ਼ੀਨਰੀ ਬਾਰੇ ਵੀ ਜਾਣੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਸਮੱਸਿਆ ਦੇ ਹੱਲ ਲਈ ਕਿਸਾਨਾਂ ਨੂੰ ਨਾੜ ਸਾੜਨ ਦੇ ਨੁਕਸਾਨਾਂ ਅਤੇ ਬਦਲਵੇਂ ਉਪਾਵਾਂ ਬਾਰੇ ਜਾਣਕਾਰੀ ਦੇਣਾ ਬਹੁਤ ਜ਼ਰੂਰੀ ਹੈ।
ਮੀਟਿੰਗਾਂ ਵਿੱਚ ਸਮੂਹ ਐਸ.ਡੀ.ਐਮਜ਼, ਜ਼ਿਲ੍ਹਾ ਮਾਲ ਅਫ਼ਸਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

