– ਡਿਪਟੀ ਕਮਿਸ਼ਨਰ ਵੱਲੋਂ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਨਾਲ ਅਹਿਮ ਮੀਟਿੰਗ, ਸਬੰਧਤ ਵਿਭਾਗਾਂ ਨੂੰ ਬੁੱਧਵਾਰ ਤੱਕ ਲੰਬਿਤ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਕੀਤੀ ਸਖ਼ਤ ਹਦਾਇਤ
– ਪੰਜਾਬ ਸਰਕਾਰ ਦੀ ਵਪਾਰੀਆਂ ਦੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕਰਨ ਦੀ ਵਚਨਬੱਧਤਾ ਦੁਹਰਾਈ
ਜਲੰਧਰ 8 ਜੂਨ (ਜਸਵਿੰਦਰ ਸਿੰਘ ਆਜ਼ਾਦ)- ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਇਕ ਅਹਿਮ ਮੀਟਿੰਗ ਦੌਰਾਨ ਦੱਸਿਆ ਕਿ ਵੱਖ-ਵੱਖ ਵਿਭਾਗਾਂ ਵੱਲੋਂ ਵਪਾਰੀਆਂ ਤੇ ਦੁਕਾਨਦਾਰਾਂ ਦੀਆਂ 125 ਸ਼ਿਕਾਇਤਾਂ ਦਾ ਹੱਲ ਯਕੀਨੀ ਬਣਾਇਆ ਗਿਆ ਹੈ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਪਾਰੀਆਂ ਦੀਆਂ ਪੀ.ਐਸ.ਟੀ.ਸੀ. ਪੋਰਟਲ ’ਤੇ ਦਰਜ ਪੁਲਿਸ, ਸਥਾਨਕ ਸਰਕਾਰਾਂ, ਜ਼ਿਲ੍ਹਾ ਉਦਯੋਗ, ਖੁਰਾਕ ਤੇ ਸਿਵਲ ਸਪਲਾਈਜ਼, ਕਿਰਤ, ਬਿਜਲੀ, ਮੰਡੀ ਬੋਰਡ, ਪੀ.ਡਬਲਯੂ.ਡੀ., ਮਾਲ ਵਿਭਾਗ, ਪੇਂਡੂ ਵਿਕਾਸ, ਟੈਕਸ ਤੇ ਐਕਸਾਈਜ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 125 ਮਸਲਿਆਂ ਦਾ ਨਿਪਟਾਰਾ ਕੀਤਾ ਗਿਆ ਹੈ।
ਪੋਰਟਲ ’ਤੇ ਪ੍ਰਾਪਤ ਸ਼ਿਕਾਇਤਾਂ ਦੀ ਸਮੀਖਿਆ ਕਰਦਿਆਂ ਸ਼੍ਰੀ ਵਾਲੀਆ ਨੇ ਸਬੰਧਤ ਵਿਭਾਗਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਲੰਬਿਤ ਮੁਸ਼ਕਿਲਾਂ ਦਾ ਨਿਪਟਾਰਾ ਬੁੱਧਵਾਰ ਤੱਕ ਯਕੀਨੀ ਬਣਾਇਆ ਜਾਵੇ, ਤਾਂ ਜੋ ਵਪਾਰੀਆਂ ਨੂੰ ਰਾਹਤ ਪਹੁੰਚਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀ ਸਹੂਲਤ ਲਈ ਪੰਜਾਬ ਟਰੇਡਰਜ਼ ਕਮਿਸ਼ਨ ਬਣਾਇਆ ਗਿਆ ਹੈ, ਜਿਸ ਦੇ ਨੁਮਾਇੰਦਿਆਂ ਨਾਲ ਹਰ ਹਫ਼ਤੇ ਮੀਟਿੰਗ ਕੀਤੀ ਜਾ ਰਹੀ ਹੈ, ਤਾਂ ਜੋ ਵਪਾਰੀਆਂ ਨੂੰ ਹੋਰ ਬਿਹਤਰ ਢੰਗ ਨਾਲ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਨੂੰ ਕਾਰੋਬਾਰ ਲਈ ਸਾਜਗਾਰ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਪਾਰੀਆਂ ਦੇ ਮੁੱਦਿਆਂ ਦੇ ਹੱਲ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।
ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ਐਸ.ਡੀ.ਐਮ. ਸ਼ੁਭੀ ਆਂਗਰਾ ਤੇ ਸ਼ਾਇਰੀ ਮਲਹੋਤਰਾ, ਜੁਆਇੰਟ ਕਮਿਸ਼ਨਰ ਨਗਰ ਨਿਗਮ ਸੁਮਨਦੀਪ ਕੌਰ, ਸਹਾਇਕ ਕਮਿਸ਼ਨਰ (ਜਨਰਲ) ਬਾਦਲਦੀਨ, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪੰਜਾਬ ਰਾਜ ਵਿਕਾਸ ਕਮਿਸ਼ਨ ਦੇ ਮੈਂਬਰ ਆਸ਼ੂਤੋਸ਼, ਟਰੇਡਰਜ਼ ਕਮਿਸ਼ਨ ਦੇ ਮੈਂਬਰ ਹਰਿੰਦਰਪਾਲ ਸਿੰਘ ਮਨੋਚਾ ਤੇ ਇੰਦਰਵੰਸ਼ ਸਿੰਘ ਚੱਢਾ ਤੋਂ ਇਲਾਵਾ ਕਮਿਸ਼ਨ ਦੇ ਹੋਰ ਨੁਮਾਇੰਦੇ ਵੀ ਮੌਜੂਦ ਸਨ।

