ਐਨਕੋਰਡ ਦੀ ਮੀਟਿੰਗ ’ਚ ਡਰੱਗ ਹਾਟਸਪਾਟਸ ’ਤੇ ਵਧੇਰੇ ਧਿਆਨ ਕੇਂਦਰਿਤ ਕਰਨ ਲਈ ਕਿਹਾ
ਨਸ਼ਿਆਂ ਵਿਰੁੱਧ ਜਨਤਕ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ’ਤੇ ਦਿੱਤਾ ਜ਼ੋਰ
ਜਲੰਧਰ 19 ਜੂਨ (ਜਸਵਿੰਦਰ ਸਿੰਘ ਆਜ਼ਾਦ)- ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਤੇ ਨਾਰਕੋ ਕੋਆਰਡੀਨੇਸ਼ਨ (ਐਨਕੋਰਡ) ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਖਿਲਾਫ਼ ਚੁੱਕੇ ਜਾ ਰਹੇ ਕਦਮਾਂ ਦਾ ਜਾਇਜ਼ਾ ਲਿਆ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਰੱਗ ਹਾਟਸਪੋਟਸ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਲਗਾਤਾਰ ਸਮੀਖਿਆ ਯਕੀਨੀ ਬਣਾਈ ਜਾਵੇ ਤਾਂ ਜੋ ਇਨ੍ਹਾਂ ਥਾਵਾਂ ਤੋਂ ਨਸ਼ਿਆਂ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕੇ।
ਪੰਜਾਬ ਸਰਕਾਰ ਦੀ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਦੀ ਵਚਨਬੱਧਤਾ ਦੁਹਰਾਉਂਦਿਆਂ ਸ਼੍ਰੀ ਵਾਲੀਆ ਨੇ ਅਧਿਕਾਰੀਆਂ ਨੂੰ ਕਿਹਾ ਕਿ ਡਰੱਗ ਹਾਟਸਪਾਟਸ ’ਤੇ ਵਧੇਰੇ ਧਿਆਨ ਕੇਂਦਰਿਤ ਕਰਦਿਆਂ ਉਥੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਨ ਲਈ ਨਵੀਂਆਂ ਪਹਿਲਕਦਮੀਆਂ ਹੋਰ ਵੀ ਅਸਰਦਾਰ ਢੰਗ ਨਾਲ ਲਾਗੂ ਕੀਤੀਆਂ ਜਾਣ।
ਉਨ੍ਹਾਂ ਨਸ਼ਿਆਂ ਦੀ ਰੋਕਥਾਮ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ, ਨਸ਼ਿਆਂ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਲਈ ਠੋਸ ਉਪਰਾਲਿਆਂ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਜਨਤਕ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ।
ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਵੱਖ-ਵੱਖ ਪੱਧਰ ‘ਤੇ ਨਸ਼ਿਆਂ ਵਿਰੁੱਧ ਹੋਰ ਅਸਰਦਾਰ ਢੰਗ ਨਾਲ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਇਸ ਅਲਾਮਤ ਤੋਂ ਬਚਾਅ ਕੇ ਉਨ੍ਹਾਂ ਦੀ ਅਥਾਹ ਊਰਜਾ ਨੂੰ ਉਸਾਰੂ ਪਾਸੇ ਲਾਇਆ ਜਾ ਸਕੇ।

