ਕੇਂਦਰ ਦੀਆਂ ਗਲਤ ਨੀਤੀਆਂ ਨੇ ਦੇਸ਼ ਦੀ ਆਰਥਿਕਤਾ ਦਾ ਲੱਕ ਤੋੜ ਦਿੱਤਾ ਹੈ
ਹੁਸ਼ਿਆਰਪੁਰ, 16 ਜੁਲਾਈ (ਤਰਸੇਮ ਦੀਵਾਨਾ) – ਉੱਘੇ ਕਾਂਗਰਸੀ ਆਗੂ ਮਨੀ ਫਰਵਾਹਾ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੇਂਦਰ ਦੀਆਂ ਗਲਤ ਨੀਤੀਆਂ ਨੇ ਦੇਸ਼ ਦੀ ਆਰਥਿਕਤਾ ਦਾ ਲੱਕ ਤੋੜ ਦਿੱਤਾ ਹੈ। ਅੱਜ ਦੇਸ਼ ਦੀ ਆਮ ਜਨਤਾ ਰਿਕਾਰਡ ਤੋੜ ਮਹਿੰਗਾਈ, ਬੇਰੁਜ਼ਗਾਰੀ ਅਤੇ ਭਾਰੀ ਆਰਥਿਕ ਮੰਦਹਾਲੀ ਦਾ ਸਾਹਮਣਾ ਕਰ ਰਹੀ ਹੈ। ਲੋਕ ਹੁਣ ਇਸ ਮੌਜੂਦਾ ਸਿਸਟਮ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਦੇਸ਼ ਦੇ ਨਾਲ-ਨਾਲ ਪੰਜਾਬ ਵਿੱਚ ਵੀ ਵੱਡਾ ਬਦਲਾਅ ਚਾਹੁੰਦੇ ਹਨ। ਭਾਜਪਾ ਅਤੇ ਆਮ ਆਦਮੀ ਪਾਰਟੀ ਦੀਆਂ ਲੋਕ-ਵਿਰੋਧੀ ਨੀਤੀਆਂ ਤੋਂ ਨਿਰਾਸ਼ ਹੋ ਕੇ ਜਨਤਾ ਹੁਣ ਕਾਂਗਰਸ ਨੂੰ ਇੱਕੋ-ਇੱਕ ਉਮੀਦ ਵਜੋਂ ਦੇਖ ਰਹੀ ਹੈ।
ਮਨੀ ਫਰਵਾਹਾ ਨੇ ਕਿਹਾ ਕਿ ਸਾਲ 2014 ਤੋਂ ਸੱਤਾ ਸੰਭਾਲਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਗਾਤਾਰ ‘ਕਾਂਗਰਸ ਮੁਕਤ ਭਾਰਤ’ ਦਾ ਹੋਕਾ ਦਿੰਦੇ ਆ ਰਹੇ ਹਨ, ਪਰ ਦੇਸ਼ ਦੀ ਜਨਤਾ ਹੁਣ ਇਸ ਝੂਠੀ ਰਾਜਨੀਤੀ ਨੂੰ ਸਮਝ ਚੁੱਕੀ ਹੈ। ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਗਾਂਧੀ ਪਰਿਵਾਰ ਦੇ ਅਕਸ ਨੂੰ ਖਰਾਬ ਕਰਨ ਲਈ ਸੋਸ਼ਲ ਮੀਡੀਆ ਸਮੇਤ ਵੱਖ-ਵੱਖ ਪ੍ਰਚਾਰ ਸਾਧਨਾਂ ‘ਤੇ ਕਰੋੜਾਂ ਰੁਪਏ ਪਾਣੀ ਵਾਂਗ ਵਹਾਏ ਗਏ, ਪਰ ਇਸ ਦੇ ਬਾਵਜੂਦ ਰਾਹੁਲ ਗਾਂਧੀ ਦੀ ਲੋਕਪ੍ਰਿਯਤਾ ਦਿਨ-ਬ-ਦਿਨ ਵਧਦੀ ਗਈ। ਰਾਹੁਲ ਗਾਂਧੀ ਨੇ ਦੇਸ਼ ਦੇ ਗਰੀਬਾਂ, ਆਮ ਲੋਕਾਂ ਅਤੇ ਕਿਸਾਨਾਂ ਦੀ ਆਵਾਜ਼ ਨੂੰ ਸੜਕ ਤੋਂ ਲੈ ਕੇ ਸੰਸਦ ਤੱਕ ਬੁਲੰਦ ਕੀਤਾ ਹੈ।
ਪਾਰਟੀ ਨੂੰ ਮਜ਼ਬੂਤ ਕਰਨ ਲਈ ਸਾਰੇ ਆਗੂ ਨਿੱਜੀ ਮਤਭੇਦਾਂ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਇੱਕ ਮੰਚ ‘ਤੇ ਇਕੱਠੇ ਹੋਣ
ਨਿਆਂ, ਸੰਵਿਧਾਨ ਅਤੇ ਲੋਕਤੰਤਰ ਦੀ ਰੱਖਿਆ ਲਈ ਕੀਤੇ ਗਏ ਉਨ੍ਹਾਂ ਦੇ ਸੰਘਰਸ਼ ਸਦਕਾ ਅੱਜ ਵਿਸ਼ਵ ਪੱਧਰ ‘ਤੇ ਵੀ ਲੋਕ ਉਨ੍ਹਾਂ ਨੂੰ ਦੇਸ਼ ਦੀ ਸੱਚੀ ਆਵਾਜ਼ ਮੰਨਣ ਲੱਗੇ ਹਨ। ਪੰਜਾਬ ਕਾਂਗਰਸ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਸੁਨੇਹਾ ਦਿੰਦਿਆਂ ਮਨੀ ਫਰਵਾਹਾ ਨੇ ਅਪੀਲ ਕੀਤੀ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਾਰੇ ਆਗੂ ਨਿੱਜੀ ਮਤਭੇਦਾਂ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਇੱਕ ਮੰਚ ‘ਤੇ ਇਕੱਠੇ ਹੋਣ। ਉਨ੍ਹਾਂ ਕਿਹਾ, “ਸਾਨੂੰ ਵਿਰੋਧੀ ਪਾਰਟੀਆਂ—ਆਪ (AAP) ਅਤੇ ਭਾਜਪਾ (BJP) ਨੂੰ ਕਾਂਗਰਸ ਵਿਰੁੱਧ ਕੂੜ ਪ੍ਰਚਾਰ ਕਰਨ ਦਾ ਕੋਈ ਮੌਕਾ ਨਹੀਂ ਦੇਣਾ ਚਾਹੀਦਾ।” ਸਾਨੂੰ ਨਿੱਜੀ ਹਿੱਤਾਂ ਨੂੰ ਪਿੱਛੇ ਰੱਖ ਕੇ ਲੋਕ ਹਿੱਤਾਂ ਲਈ ਡਟਣਾ ਚਾਹੀਦਾ ਹੈ ਅਤੇ ਰਾਹੁਲ ਗਾਂਧੀ ਦੇ ਹੱਥ ਮਜ਼ਬੂਤ ਕਰਨੇ ਚਾਹੀਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਭਰ ਵਿੱਚ ਕਾਂਗਰਸ ਲਗਾਤਾਰ ਮਜ਼ਬੂਤੀ ਵੱਲ ਕਦਮ ਵਧਾ ਰਹੀ ਹੈ ਅਤੇ ਕੇਂਦਰ ਵਿੱਚ ਮੁੜ ਸੱਤਾ ਸੰਭਾਲਣ ਵੱਲ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਵੱਖ-ਵੱਖ ਰਾਜਾਂ ਵਿੱਚ ਕਾਂਗਰਸ ਦੀਆਂ ਸਰਕਾਰਾਂ ਬਣਨ ਕਾਰਨ ਵਰਕਰਾਂ ਵਿੱਚ ਇੱਕ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਕੋਲ ਲੋਕਾਂ ਦਾ ਵਿਸ਼ਵਾਸ ਜਿੱਤ ਕੇ ਸੂਬੇ ਵਿੱਚ ਮੁੜ ਸੱਤਾ ਹਾਸਲ ਕਰਨ ਦਾ ਬਹੁਤ ਸੁਨਹਿਰੀ ਮੌਕਾ ਹੈ। ਮਨੀ ਫਰਵਾਹਾ ਨੇ ਭਰੋਸਾ ਜਤਾਇਆ ਕਿ ਪਾਰਟੀ ਦੀ ਇਸੇ ਇੱਕਜੁੱਟਤਾ ਦੇ ਜ਼ੋਰ ‘ਤੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਸੂਬਾ ਮੁੜ ਵਿਕਾਸ ਤੇ ਖੁਸ਼ਹਾਲੀ ਦੀਆਂ ਲੀਹਾਂ ‘ਤੇ ਪਰਤੇਗਾ।

