ਕਿਹਾ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਹਮੇਸ਼ਾ ਤਰਜੀਹ ਦਿੱਤੀ
ਤਿੰਨ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਲਈ 10-10 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ
ਜਲੰਧਰ 22 ਜੁਲਾਈ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਬੁੱਧਵਾਰ ਨੂੰ ਦੋ ਸਰਕਾਰੀ ਸਕੂਲਾਂ ਦੇ 11ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗਜ਼ ਦੀ ਵੰਡ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਿਦਿਆਰਥੀ ਨੂੰ ਗੁਣਵੱਤਾ ਭਰੂਪਰ ਸਿੱਖਿਆ ਅਤੇ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬਸਤੀ ਮਿੱਠੂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਹਾਊਸ ਵਿਖੇ ਵਿਦਿਆਰਥੀਆਂ ਨੂੰ ਸਕੂਲ ਬੈਗਾਂ ਦੀ ਵੰਡ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਦੇ ਇਸ ਉਪਰਾਲੇ ਸਦਕਾ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਦੇ ਹਜ਼ਾਰਾਂ ਬੱਚਿਆਂ ਦੇ ਮਾਪਿਆਂ ਦਾ ਵਿੱਤੀ ਬੋਝ ਘਟੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਨੂੰ ਹਮੇਸ਼ਾ ਤਰਜੀਹ ਦਿੱਤੀ ਹੈ ਅਤੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵਿਆਪਕ ਪੱਧਰ ’ਤੇ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਲਈ ਬਿਹਤਰ ਅਤੇ ਸੁਖਾਵਾਂ ਮਾਹੌਲ ਮੁਹੱਈਆ ਕਰਵਾਉਣ ਲਈ ਰਾਜ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ।
ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸਿੱਖਿਆ, ਖੇਡਾਂ ਸਮੇਤ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਰਹੇ ਹਨ
ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸਿੱਖਿਆ, ਖੇਡਾਂ ਸਮੇਤ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਦੀ ਬਿਹਤਰੀ ਅਤੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਵਿਦਿਆਰਥੀ ਜੀਵਨ ਵਿੱਚ ਸਿੱਖਿਆ ਦੀ ਮਹੱਤਤਾ ’ਤੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਹਾਸਲ ਕਰਨ, ਟੀਚੇ ਨਿਰਧਾਰਤ ਕਰਨ ਅਤੇ ਉਨ੍ਹਾਂ ਦੀ ਪ੍ਰਾਪਤੀ ਲਈ ਪੂਰੀ ਇਮਾਨਦਾਰੀ ਤੇ ਮਿਹਨਤ ਨਾਲ ਯਤਨ ਕਰਨ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਤੇ ਸਰਕਾਰੀ ਪ੍ਰਾਇਮਰੀ ਸਕੂਲ, ਬਸਤੀ ਮਿੱਠੂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਹਾਊਸ ਨੂੰ ਵਿਕਾਸ ਕਾਰਜਾਂ ਲਈ 10-10 ਲੱਖ (ਕੁੱਲ਼ 30 ਲੱਖ) ਦੀ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਕੌਂਸਲਰ ਮੁਕੇਸ਼ ਸੇਠੀ, ਪ੍ਰਿੰਸੀਪਲ ਪਵਨ ਕੁਮਾਰ, ਪ੍ਰਿੰ. ਜਗਪ੍ਰੀਤ ਕੌਰ, ਪ੍ਰਿੰ. ਪਰਮਿੰਦਰ ਫਲੋਰਾ, ਐਜੂਕੇਸ਼ਨ ਇੰਚਾਰਜ ਜਲੰਧਰ ਪੱਛਮੀ ਸੰਜੀਵ ਭਗਤ, ਹਰਚਰਨ ਸਿੰਘ ਸੰਧੂ, ਰਾਜੀਵ ਓਮਕਾਰ ਟਿੱਕਾ, ਸੁਖਵਿੰਦਰ ਸਿੰਘ, ਏਕਮ, ਲਵਲੀ ਚੌਹਾਨ, ਨਵੀਨ ਸੋਨੀ, ਕੁਲਵਿੰਦਰ ਸਿੰਘ ਹੀਰਾ ਬੋਲੀਨਾ, ਦਵਿੰਦਰ ਸਿੰਘ ਧਾਮੀ, ਅਧਿਆਪਕ ਜੈਸਮੀਨਜੀਤ ਕੌਰ, ਸੋਨੂੰ, ਕਮਲਜੀਤ ਸਿੰਘ ਤੇ ਹੋਰ ਸਟਾਫ਼ ਵੀ ਮੌਜੂਦ ਸੀ।

