Breaking
Thu. Jul 23rd, 2026

ਨਵੇਂ ਰਾਸ਼ਨ ਕਾਰਡ ਬਣਾਉਣ ਲਈ ਆਨਲਾਈਨ ਅਰਜ਼ੀਆਂ ਪ੍ਰਾਪਤ ਕਰਨ ਦੀ ਪ੍ਰਕਿਰਿਆ ਸ਼ੁਰੂ

ਨਵੇਂ ਰਾਸ਼ਨ ਕਾਰਡ

11 ਅਗਸਤ ਤੱਕ ਦਿੱਤੀਆਂ ਜਾ ਸਕਦੀਆਂ ਹਨ ਅਰਜ਼ੀਆਂ

ਜਲੰਧਰ 22 ਜੁਲਾਈ (ਜਸਵਿੰਦਰ ਸਿੰਘ ਆਜ਼ਾਦ)- ਜ਼ਿਲ੍ਹਾ ਕੰਟਰੋਲਰ, ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ, ਜਲੰਧਰ ਹਰਸ਼ਰਨਜੀਤ ਸਿੰਘ ਬਰਾੜ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਕੀਤੇ ਐਲਾਨ ਅਤੇ ਰਾਜ ਸਰਕਾਰ ਵਲੋਂ ਲਏ ਗਏ ਫੈਸਲੇ ਅਨੁਸਾਰ ਨੈਸ਼ਨਲ ਫੂਡ ਸਕਿਓਰਿਟੀ ਐਕਟ, 2013/ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਆਨਲਾਈਨ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣੀਆਂ ਹਨ।

ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਪਰਿਵਾਰਾਂ/ਲਾਭਪਾਤਰੀਆਂ ਨੂੰ ਇੱਕ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ-ਆਧਾਰਿਤ ਪ੍ਰਕਿਰਿਆ ਰਾਹੀਂ ਸ਼ਾਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਫਾਰਮ ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿੱਚ ਵਿਭਾਗੀ ਵੈਬਸਾਈਟ http://foodsuppb.gov.in ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ। ਬਿਨੈਕਾਰ ਫਾਰਮ ਭਰਨ ਤੋਂ ਪਹਿਲਾਂ ਫਾਰਮ ਦੇ ਨਾਲ ਦਿੱਤੀਆਂ ਹਦਾਇਤਾਂ ਨੂੰ ਧਿਆਨ ਨਾਲ ਪੜ੍ਹਨ ਅਤੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਮੁਕੰਮਲ ਅਰਜ਼ੀ ਜਮ੍ਹਾ ਕਰਵਾਉਣ।

ਬਿਨੈਕਾਰ ਆਪਣੀਆਂ ਅਰਜ਼ੀਆਂ ਨਜ਼ਦੀਕੀ ਸੇਵਾ ਕੇਂਦਰ/ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਵਿਖੇ ਜਾ ਕੇ ਅਨਲਾਈਨ ਜਮ੍ਹਾ ਕਰਵਾ ਸਕਦੇ ਹਨ

ਸ਼੍ਰੀ ਬਰਾੜ ਨੇ ਦੱਸਿਆ ਕਿ ਬਿਨੈਕਾਰ ਆਪਣੀਆਂ ਅਰਜ਼ੀਆਂ ਨਜ਼ਦੀਕੀ ਸੇਵਾ ਕੇਂਦਰ/ਕਾਮਨ ਸਰਵਿਸ ਸੈਂਟਰ (ਸੀ.ਐਸ.ਸੀ.) ਵਿਖੇ ਜਾ ਕੇ ਅਨਲਾਈਨ ਜਮ੍ਹਾ ਕਰਵਾ ਸਕਦੇ ਹਨ। ਸੇਵਾ ਕੇਂਦਰ/ਸੀ.ਐਸ.ਸੀ. ਰਾਹੀਂ ਅਰਜ਼ੀ ਸਫ਼ਲਤਾਪੂਰਵਕ ਜਮ੍ਹਾ ਹੋਣ ’ਤੇ ਬਿਨੈਕਾਰ ਨੂੰ 100 ਰੁਪਏ ਪ੍ਰਤੀ ਫਾਰਮ ਪ੍ਰੋਸੈਸਿੰਗ ਫੀਸ ਵੀ ਜਮ੍ਹਾ ਕਰਵਾਉਣੀ ਪਵੇਗੀ। ਬਿਨੈਕਾਰ ਆਪਣੀ ਅਰਜ਼ੀ ਖੁਦ ਵੀ ਸਿੱਧੇ ਤੌਰ ’ਤੇ https://ercms.punjab.gov.in ਪੋਰਟਲ ਰਾਹੀਂ ਆਨਲਾਈਨ ਜਮ੍ਹਾ ਕਰਵਾ ਸਕਦੇ ਹਨ ਅਤੇ ਫਾਰਮ ਆਨਲਾਈਨ ਜਮ੍ਹਾ ਕਰਵਾਉਣ ਲਈ ਬਿਨੈਕਾਰ ਨੂੰ ਕੋਈ ਵੀ ਫੀਸ ਨਹੀਂ ਦੇਣੀ ਪਵੇਗੀ।

ਇਸ ਤੋਂ ਇਲਾਵਾ ਬਿਨੈਕਾਰ ਆਪਣਾ ਫਾਰਮ ਸਮੇਤ ਦਸਤਾਵੇਜ਼ ਅਤੇ 100 ਰੁਪਏ ਪ੍ਰਤੀ ਫਾਰਮ ਫੀਸ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਜਲੰਧਰ ਦੇ ਦਫਤਰ ਵਿਖੇ ਵੀ ਜਮ੍ਹਾ ਕਰਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਫਾਰਮ ਸਫ਼ਲਤਾਪੂਰਵਕ ਆਨਲਾਈਨ ਜਮ੍ਹਾ ਹੋਣ ’ਤੇ ਬਿਨੇਕਾਰ ਨੂੰ ਉਸਦੇ ਮੋਬਾਇਲ ਨੰਬਰ ’ਤੇ ਫਾਰਮ ਪ੍ਰਾਪਤੀ ਦਾ ਮੈਸਜ ਸਮੇਤ ਰਸੀਦ ਨੰ. ਪ੍ਰਾਪਤ ਹੋਵੇਗਾ। ਅਰਜ਼ੀਆਂ 11.08.2026 ਤੱਕ ਪ੍ਰਾਪਤ ਕੀਤੀਆਂ ਜਾਣਗੀਆਂ ਅਤੇ ਬਿਨੇਕਾਰ ਕਿਸੇ ਵੀ ਕੰਮਕਾਜੀ ਦਿਨ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਆਨਲਾਈਨ ਵਿਧੀ ਰਾਹੀਂ ਸੇਵਾ ਕੇਂਦਰ/ਕਾਮਨ ਸਰਵਿਸ ਸੈਂਟਰ ’ਤੇ ਜਾਂ ਆਫਲਾਈਨ ਵਿਧੀ ਰਾਹੀਂ ਜ਼ਿਲ੍ਹਾ ਕੰਟਰੋਲਰ, ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਜਲੰਧਰ ਦੇ ਦਫਤਰ ਵਿਖੇ ਫਾਰਮ ਜਮ੍ਹਾ ਕਰਵਾ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਦਫ਼ਤਰ, ਜਲੰਧਰ ਜਾਂ ਨਜ਼ਦੀਕੀ ਸੇਵਾ ਕੇਂਦਰ/ ਕਾਮਨ ਸਰਵਿਸ ਸੈਂਟਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

By admin

Related Post