ਪਿੰਡ ਲੁਟੇਰਾ ਖੁਰਦ, ਕੋਟਲੀ ਜੈਮਲ ਸਿੰਘ, ਲੱਦੇਵਾਲੀ, ਆਲੇਵਾਲੀ, ਬਿਨਪਾਲਕੇ ਤੇ ਚਾਹੜਕੇ ਵਿਖੇ ਦਿਖਾਈ ਗਈ ਦਸਤਾਵੇਜ਼ੀ ਫਿਲਮ
ਜਲੰਧਰ 25 ਜੁਲਾਈ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਡਾਕੂਮੈਂਟਰੀ ਵੈਨਾਂ ਰਾਹੀਂ ਦਿਖਾਈ ਜਾ ਰਹੀ ਵਿਸ਼ੇਸ਼ ਦਸਤਾਵੇਜ਼ੀ ਫਿਲਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸੇ ਕੜੀ ਤਹਿਤ ਬੀਤੀ ਸ਼ਾਮ ਜ਼ਿਲ੍ਹੇ ਦੇ ਪਿੰਡ ਲੁਟੇਰਾ ਖੁਰਦ, ਕੋਟਲੀ ਜੈਮਲ ਸਿੰਘ, ਲੱਦੇਵਾਲੀ, ਆਲੇਵਾਲੀ, ਬਿਨਪਾਲਕੇ ਤੇ ਚਾਹੜਕੇ ਵਿਖੇ ਐਲ.ਈ.ਡੀ. ਸਕਰੀਨਾਂ ਰਾਹੀਂ ਪਿੰਡ ਵਾਸੀਆਂ ਨੂੰ ਕਰੀਬ 30 ਮਿੰਟ ਦੀ ਇਹ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ।
ਡਾਕੂਮੈਂਟਰੀ ਰਾਹੀਂ ਹਾਜ਼ਰ ਲੋਕਾਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ, ਉਨ੍ਹਾਂ ਦੇ ਭਾਈਚਾਰੇ, ਮਨੁੱਖਤਾ ਅਤੇ ਸਮਾਜਿਕ ਸਦਭਾਵਨਾ ਬਾਰੇ ਸੰਦੇਸ਼ ਤੋਂ ਜਾਣੂ ਕਰਵਾਇਆ ਗਿਆ। ਪੰਜਾਬ ਸਰਕਾਰ ਦੇ ਇਸ ਉਪਰਾਲੇ ਤਹਿਤ ਜ਼ਿਲ੍ਹੇ ਵਿੱਚ 3 ਡਾਕੂਮੈਂਟਰੀ ਵੈਨਾਂ ਰਾਹੀਂ ਰੋਜ਼ਾਨਾ 6 ਪਿੰਡਾਂ ਵਿੱਚ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਗੁਰੂ ਜੀ ਦੇ ਜੀਵਨ ਦੇ ਮਹੱਤਵਪੂਰਨ ਪੱਖਾਂ, ਉੱਚ ਆਦਰਸ਼ਾਂ ਅਤੇ ਸਮਾਜਿਕ ਸੁਧਾਰਾਂ ਲਈ ਉਨ੍ਹਾਂ ਵੱਲੋਂ ਪਾਏ ਯੋਗਦਾਨ ਬਾਰੇ ਜਾਣਨ ਅਤੇ ਸਮਝਣ ਦਾ ਮੌਕਾ ਮਿਲ ਰਿਹਾ ਹੈ।
ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਡਾਕੂਮੈਂਟਰੀ ਨੂੰ ਪ੍ਰੇਰਨਾਦਾਇਕ ਅਤੇ ਸਮਾਜ ਲਈ ਮਾਰਗਦਰਸ਼ਕ ਦੱਸਿਆ। ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਸਾਡੇ ਮਹਾਨ ਗੁਰੂਆਂ ਅਤੇ ਸੰਤਾਂ ਦੇ ਜੀਵਨ ਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਵਸਨੀਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਪਹਿਲ ਨਾ ਸਿਰਫ਼ ਗੁਰੂ ਜੀ ਦੇ ਜੀਵਨ ਅਤੇ ਵਿਚਾਰਧਾਰਾ ਬਾਰੇ ਲੋਕਾਂ ਨੂੰ ਜਾਣੂ ਕਰਵਾ ਰਹੀ ਹੈ, ਸਗੋਂ ਸਮਾਜ ਵਿੱਚ ਆਪਸੀ ਪਿਆਰ, ਸਾਂਝ ਅਤੇ ਸਮਾਜਿਕ ਸਦਭਾਵਨਾ ਨੂੰ ਵੀ ਮਜ਼ਬੂਤ ਕਰ ਰਹੀ ਹੈ।

