ਹੁਸ਼ਿਆਰਪੁਰ, 12 ਸਤੰਬਰ (ਤਰਸੇਮ ਦੀਵਾਨਾ) – ਨਜ਼ਦੀਕੀ ਪਿੰਡ ਭੀਖੋਵਾਲ ਵਿਖੇ ਸਥਿਤ ਗੁਰਦੁਆਰਾ ਦੁੱਖ ਨਿਵਾਰਨ ਸ੍ਰੀ ਗੁਰੂ ਨਾਨਕ ਚਰਨਸਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਦੋ ਸ੍ਰੀ ਅਖੰਡ ਪਾਠ ਸਾਹਿਬ ਅਤੇ ਇੱਕ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਭੋਗ ਪਾਉਣ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿੱਚ ਵੱਖ-ਵੱਖ ਕੀਰਤਨੀ ਜਥਿਆਂ, ਰਾਗੀਆਂ ਅਤੇ ਕਵੀਸ਼ਰਾਂ ਵੱਲੋਂ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨਾਲ ਜੋੜਿਆ ਗਿਆ।
ਸਮਾਗਮ ਦੌਰਾਨ ਕਵੀਸ਼ਰ ਗਿਆਨੀ ਹਰਦੇਵ ਸਿੰਘ, ਕੀਰਤਨੀ ਜਥਾ ਗਿਆਨੀ ਮਨਵੀਰ ਸਿੰਘ, ਹਜ਼ੂਰੀ ਰਾਗੀ ਜਸਵੰਤ ਸਿੰਘ, ਅਤੇ ਹਜ਼ੂਰੀ ਰਾਗੀ ਭਾਈ ਬਲਵੰਤ ਸਿੰਘ ਵੱਲੋਂ ਹਾਜ਼ਰੀ ਭਰਦਿਆਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਮੌਕੇ ਬਾਬਾ ਅਵਤਾਰ ਸਿੰਘ, ਐਡਵੋਕੇਟ ਹਰਗੋਪਾਲ ਸਿੰਘ, ਮੈਨੇਜਰ ਅਮਰਜੀਤ ਸਿੰਘ, ਬੀਬੀ ਹਰਮੀਤ ਕੌਰ, ਬੀਬੀ ਹਰਿੰਦਰਜੀਤ ਕੌਰ, ਬਾਬਾ ਹਰਦਿਆਲ ਸਿੰਘ, ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ, ਸ਼ਰਨਜੀਤ ਸਿੰਘ, ਗਿਆਨੀ ਪਰਮਜੀਤ ਸਿੰਘ, ਗਿਆਨੀ ਰਸ਼ਪਾਲ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਧਾਰਮਿਕ ਸਮਾਗਮ ਦੌਰਾਨ ਸੰਗਤਾਂ ਵਿੱਚ ਵਿਸ਼ੇਸ਼ ਉਤਸ਼ਾਹ ਦੇਖਣ ਨੂੰ ਮਿਲਿਆ। ਸੰਗਤਾਂ ਨੇ ਗੁਰਬਾਣੀ ਕੀਰਤਨ ਸਰਵਣ ਕਰਦਿਆਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨ ਦਾ ਸੰਦੇਸ਼ ਪ੍ਰਾਪਤ ਕੀਤਾ। ਸਮਾਗਮ ਦੀ ਸਮਾਪਤੀ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ। ਇਸ ਸਬੰਧੀ ਜਾਣਕਾਰੀ ਗੁਰਦੁਆਰਾ ਦੁੱਖ ਨਿਵਾਰਨ ਸ੍ਰੀ ਗੁਰੂ ਨਾਨਕ ਚਰਨਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਬੰਧਕ ਅਵਤਾਰ ਸਿੰਘ ਭੀਖੋਵਾਲ ਵੱਲੋਂ ਦਿੱਤੀ ਗਈ।

