Breaking
Tue. Sep 29th, 2026

ਰਾਜ ਸਭਾ ਮੈਂਬਰ ਵੱਲੋਂ ਡਰੇਨਾਂ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ

ਰਾਜ ਸਭਾ ਮੈਂਬਰ

ਜਮਸ਼ੇਰ ਡੇਅਰੀ ਕੰਪਲੈਕਸ ‘ਚ ਬਣ ਰਹੇ ਸੀਬੀਜੀ ਪਲਾਂਟ ਦੇ ਕੰਮ ਦਾ ਵੀ ਲਿਆ ਜਾਇਜ਼ਾ

ਜਲੰਧਰ 28 ਸਤੰਬਰ (ਜਸਵਿੰਦਰ ਸਿੰਘ ਆਜ਼ਾਦ)- ਰਾਜ ਸਭਾ ਮੈਂਬਰ ਤੇ ਪ੍ਰਸਿੱਧ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਡਰੇਨਾਂ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਸਮੇਤ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਰਾਜ ਸਭਾ ਮੈਂਬਰ ਨੇ ਡਰੇਨਾ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ ਲਗਾਤਾਰ ਨਿਗਰਾਨੀ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਡਰੇਨਾ ਵਿੱਚ ਦੂਸ਼ਿਤ ਪਾਣੀ ਪੈਣ ਤੋਂ ਰੋਕਣ ਲਈ ਢੁੱਕਵੇਂ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਕੁਦਰਤੀ ਸਰੋਤਾਂ ਨਾਲ ਖਿਲਵਾੜ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।

ਸੰਤ ਸੀਚੇਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿੱਚ ਚਿੱਟੀ ਵੇਈਂ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਫਰਵਰੀ 2008 ਵਿੱਚ ਸੰਘਰਸ਼ ਸ਼ੁਰੂ ਕੀਤਾ ਗਿਆ ਸੀ। ਉਸ ਸਮੇਂ ਪਹਿਲੀ ਵਾਰ ਕਾਲਾ ਸੰਘਿਆ ਡਰੇਨ ਦੇ ਜ਼ਹਿਰੀਲੇ ਪਾਣੀ ਨੂੰ ਚਿੱਟੀ ਵੇਈਂ ਵਿੱਚ ਪੈਣ ਤੋਂ ਰੋਕਣ ਲਈ ਬੰਨ੍ਹ ਲਗਾਇਆ ਗਿਆ ਸੀ ਤਾਂ ਜੋ ਇਸ ਨੂੰ ਪ੍ਰਦੂਸ਼ਣ ਮੁਕਤ ਕੀਤਾ ਜਾ ਸਕੇ। ਸੰਤ ਸੀਚੇਵਾਲ ਨੇ ਕਿਹਾ ਕਿ ਚਿੱਟੀ ਵੇਈਂ ਨੂੰ ਪ੍ਰਦੂਸ਼ਣ ਮੁਕਤ ਕਰਨ ਦੇ ਉਦੇਸ਼ ਨਾਲ ਇਸ ਵਿੱਚ ਸਾਫ਼ ਪਾਣੀ ਛੱਡਿਆ ਜਾ ਰਿਹਾ ਹੈ।

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੇ ਮੀਟਿੰਗ ਦੌਰਾਨ ਦੱਸਿਆ ਕਿ ਦੂਸ਼ਿਤ ਪਾਣੀ ਦੇ ਢੁੱਕਵੇਂ ਪ੍ਰਬੰਧ ਨਾ ਕੀਤੇ ਜਾਣ ’ਤੇ ਕਰੀਬ 83 ਲੱਖ ਰੁਪਏ ਦਾ ਵਾਤਾਵਰਣ ਹਰਜਾਨਾ ਲਗਾਇਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਡਰੇਨਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਵਾਤਾਵਰਣ ਨਿਯਮਾਂ ਅਨੁਸਾਰ ਕੰਮ ਕੀਤਾ ਜਾਵੇ।

ਰਾਜ ਸਭਾ ਮੈਂਬਰ ਨੇ ਜਮਸ਼ੇਰ ਡੇਅਰੀ ਕੰਪਲੈਕਸ ਵਿੱਚ ਬਣ ਰਹੇ ਸੀਬੀਜੀ ਪਲਾਂਟ ਦੇ ਕੰਮ ਦਾ ਵੀ ਜਾਇਜ਼ਾ ਲਿਆ ਅਤੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਕੀਤੀਆਂ। ਸੰਤ ਸੀਚੇਵਾਲ ਨੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦੀ ਨੇੜਿਓਂ ਨਿਗਰਾਨੀ ਦੀ ਹਦਾਇਤ ਕਰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦਾ ਸੰਚਾਲਨ ਦੌਰਾਨ ਵਾਤਾਵਰਣ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਹੋਵੇ।

ਰਾਜ ਸਭਾ ਮੈਂਬਰ ਨੇ ਇਸ ਮੌਕੇ ਪੰਜਾਬ ਸਰਕਾਰ ਦੀ ਕੁਦਰਤੀ ਸਰੋਤਾਂ ਦੀ ਸੁਚੱਜੀ ਸੰਭਾਲ ਦੀ ਵਚਤਬੱਧਤਾ ਵੀ ਦੁਹਰਾਈ।

ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਭਰੋਸਾ ਦਿਵਾਇਆ ਕਿ ਡਰੇਨਾਂ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਉਨ੍ਹਾਂ ਡਰੇਨਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਬਿਹਤਰ ਤਾਲਮੇਲ ਦੇ ਨਾਲ-ਨਾਲ ਫੀਲਡ ਵਿੱਚ ਜਾ ਕੇ ਜ਼ਮੀਨੀ ਪੱਧਰ ’ਤੇ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਕਿਸਮ ਦੀ ਊਣਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਯਾ ਪੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ ਤੋਂ ਇਲਾਵਾ ਨਗਰ ਨਿਗਮ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

By admin

Related Post