ਮੌਜੂਦਾ ਟ੍ਰੈਫਿਕ ਇੰਚਾਰਜ ਸ਼ਹਿਰ ਦੀ ਟ੍ਰੈਫਿਕ ਸੰਭਾਲਣ ਵਿੱਚ ਅਸਮਰੱਥ, ਨੋ ਐਂਟਰੀ ਦੇ ਸਮੇਂ ਵੀ ਸ਼ਹਿਰ ਵਿੱਚ ਦਾਖ਼ਲ ਹੋ ਰਹੀਆਂ ਹਨ ਵੱਡੀਆਂ ਗੱਡੀਆਂ : ਨੈਕੂ, ਬੰਟੀ, ਰਾਹੁਲ, ਪਵਨ
ਹੁਸ਼ਿਆਰਪੁਰ, 12 ਅਕਤੂਬਰ (ਤਰਸੇਮ ਦੀਵਾਨਾ) — ਹੁਸ਼ਿਆਰਪੁਰ ਸ਼ਹਿਰ ਦੀ ਲਗਾਤਾਰ ਵਿਗੜ ਰਹੀ ਟ੍ਰੈਫਿਕ ਵਿਵਸਥਾ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਬੇਗਮਪੁਰਾ ਟਾਈਗਰ ਫੋਰਸ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਸੁਭਾਸ਼ ਭਗਤ ਨੂੰ ਮੁੜ ਟ੍ਰੈਫਿਕ ਪੁਲਿਸ ਵਿੱਚ ਤਾਇਨਾਤ ਕੀਤਾ ਜਾਵੇ। ਫੋਰਸ ਦੇ ਆਗੂਆਂ ਨੇ ਕਿਹਾ ਕਿ ਸ਼ਹਿਰ ਵਿੱਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਆਮ ਦੇਖਣ ਨੂੰ ਮਿਲ ਰਹੀ ਹੈ ਅਤੇ ਮੌਜੂਦਾ ਹਾਲਾਤ ਵਿੱਚ ਟ੍ਰੈਫਿਕ ਵਿਵਸਥਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੰਟਰੋਲ ਕਰਨ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ।
ਬੇਗਮਪੁਰਾ ਟਾਈਗਰ ਫੋਰਸ ਦੇ ਚੇਅਰਮੈਨ ਤਰਸੇਮ ਦੀਵਾਨਾ ਅਤੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੇਗਮਪੁਰਾ ਟਾਈਗਰ ਫੋਰਸ ਦੇ ਦੋਆਬਾ ਪੰਜਾਬ ਪ੍ਰਧਾਨ, ਨੈਕੂ ਅਜਨੋਹਾਂ, ਪਵਨ ਦੀਵਾਨਾ ਸਹਿਰੀ ਪ੍ਰਧਾਨ, ਬੰਟੀ ਹਰਿਆਣਾ ਪ੍ਰਧਾਨ ਹਲਕਾ ਸ਼ਾਮ ਚੁਰਾਸੀ, ਰਾਹੁਲ ਕਲੋਤਾ ਉੱਪ ਪ੍ਰਧਾਨ, ਸਰਬਜੋਤ ਸਿੰਘ ਜੋਤਾ, ਅਤੇ ਰਾਜ ਕੁਮਾਰ ਯਾਦਵ ਨੇ ਕੁਝ ਚੋਣਵੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਲੈ ਕੇ ਲੋਕਾਂ ਨੂੰ ਰੋਜ਼ਾਨਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਟ੍ਰੈਫਿਕ ਇੰਚਾਰਜ ਲਈ ਸ਼ਹਿਰ ਦੀ ਟ੍ਰੈਫਿਕ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੰਟਰੋਲ ਕਰਨਾ ਸੰਭਵ ਦਿਖਾਈ ਨਹੀਂ ਦੇ ਰਿਹਾ, ਕਿਉਂਕਿ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ।
ਫੋਰਸ ਦੇ ਆਗੂਆਂ ਨੇ ਖ਼ਾਸ ਤੌਰ ’ਤੇ ਕਿਹਾ ਕਿ ਸ਼ਹਿਰ ਵਿੱਚ ਨੋ ਐਂਟਰੀ ਦੇ ਨਿਰਧਾਰਤ ਸਮੇਂ ਦੌਰਾਨ ਵੀ ਵੱਡੀਆਂ ਗੱਡੀਆਂ ਦੀ ਐਂਟਰੀ ਆਮ ਦੇਖਣ ਨੂੰ ਮਿਲ ਰਹੀ ਹੈ। ਇਸ ਕਾਰਨ ਸ਼ਹਿਰ ਦੇ ਬਾਜ਼ਾਰਾਂ, ਮੁੱਖ ਸੜਕਾਂ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਆਵਾਜਾਈ ਪ੍ਰਭਾਵਿਤ ਹੁੰਦੀ ਹੈ ਅਤੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਨੋ ਐਂਟਰੀ ਦੇ ਨਿਯਮਾਂ ਦੀ ਹੀ ਸਖ਼ਤੀ ਨਾਲ ਪਾਲਣਾ ਨਹੀਂ ਕਰਵਾਈ ਜਾ ਰਹੀ ਤਾਂ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਦੇ ਦਾਅਵੇ ਕਿਵੇਂ ਸਫ਼ਲ ਹੋ ਸਕਦੇ ਹਨ।
ਬਿਨਾਂ ਨੰਬਰ ਪਲੇਟਾਂ ਵਾਲੇ ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਵਿਰੁੱਧ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਜਾਵੇ
ਉਨ੍ਹਾਂ ਮੰਗ ਕੀਤੀ ਕਿ ਬਿਨਾਂ ਨੰਬਰ ਪਲੇਟਾਂ ਵਾਲੇ ਮੋਟਰਸਾਈਕਲਾਂ ਅਤੇ ਹੋਰ ਵਾਹਨਾਂ ਵਿਰੁੱਧ ਵਿਸ਼ੇਸ਼ ਜਾਂਚ ਮੁਹਿੰਮ ਚਲਾਈ ਜਾਵੇ। ਇਸ ਦੇ ਨਾਲ ਹੀ ਆਮ ਵਾਹਨਾਂ ’ਤੇ ਨਿਯਮਾਂ ਦੇ ਉਲਟ ਲਾਲ ਬੱਤੀਆਂ ਲਗਾ ਕੇ ਘੁੰਮਣ ਵਾਲਿਆਂ ਅਤੇ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਕਰਨ ਵਾਲਿਆਂ ਵਿਰੁੱਧ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਛੋਟ ਨਹੀਂ ਮਿਲਣੀ ਚਾਹੀਦੀ।
ਬੇਗਮਪੁਰਾ ਟਾਈਗਰ ਫੋਰਸ ਦੇ ਆਗੂਆਂ ਨੇ ਕਿਹਾ ਕਿ ਟ੍ਰੈਫਿਕ ਵਿਵਸਥਾ ਨੂੰ ਸੁਧਾਰਨ ਲਈ ਸਿਰਫ਼ ਕਾਗਜ਼ੀ ਕਾਰਵਾਈ ਕਾਫ਼ੀ ਨਹੀਂ, ਸਗੋਂ ਪੁਲਿਸ ਅਧਿਕਾਰੀਆਂ ਨੂੰ ਸੜਕਾਂ ’ਤੇ ਉਤਰ ਕੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣੀ ਚਾਹੀਦੀ ਹੈ। ਸ਼ਹਿਰ ਦੇ ਮੁੱਖ ਚੌਕਾਂ, ਬਾਜ਼ਾਰਾਂ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਟ੍ਰੈਫਿਕ ਮੁਲਾਜ਼ਮਾਂ ਦੀ ਤਾਇਨਾਤੀ ਵਧਾਉਣ ਦੇ ਨਾਲ-ਨਾਲ ਨੋ ਐਂਟਰੀ ਦੇ ਸਮੇਂ ਦੀ ਨਿਯਮਤ ਨਿਗਰਾਨੀ ਵੀ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸੁਭਾਸ਼ ਭਗਤ ਨੂੰ ਮੁੜ ਹੁਸ਼ਿਆਰਪੁਰ ਦੀ ਟ੍ਰੈਫਿਕ ਪੁਲਿਸ ਵਿੱਚ ਜ਼ਿੰਮੇਵਾਰੀ ਸੌਂਪੀ ਜਾਵੇ ਅਤੇ ਸ਼ਹਿਰ ਦੀ ਟ੍ਰੈਫਿਕ ਵਿਵਸਥਾ ਨੂੰ ਸੁਧਾਰਨ ਲਈ ਤੁਰੰਤ ਠੋਸ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਬਰਾਬਰ ਪਾਲਣਾ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਨਾਲ ਹੀ ਸ਼ਹਿਰ ਵਾਸੀਆਂ ਨੂੰ ਟ੍ਰੈਫਿਕ ਜਾਮ ਅਤੇ ਅਵਿਵਸਥਾ ਤੋਂ ਰਾਹਤ ਮਿਲ ਸਕਦੀ ਹੈ।

