ਗੁਰਦੁਆਰਾ ਦੁੱਖ ਨਿਵਾਰਨ ਸ੍ਰੀ ਗੁਰੂ ਨਾਨਕ ਚਰਨ ਸਰ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਸਬੰਧੀ ਸਮਾਗਮ 27 ਅਕਤੂਬਰ ਨੂੰ: ਬਾਬਾ ਅਵਤਾਰ ਸਿੰਘ
ਹੁਸ਼ਿਆਰਪੁਰ, 25 ਅਕਤੂਬਰ (ਤਰਸੇਮ ਦੀਵਾਨਾ) — ਗੁਰਦੁਆਰਾ ਦੁੱਖ ਨਿਵਾਰਨ ਸ੍ਰੀ ਗੁਰੂ ਨਾਨਕ ਚਰਨਸਰ ਸਾਹਿਬ, ਭੀਖੋਵਾਲ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦੇ 558ਵੇਂ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਦੁੱਖ ਨਿਵਾਰਨ ਸ੍ਰੀ ਗੁਰੂ ਨਾਨਕ ਚਰਨਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਬੰਧਕ ਬਾਬਾ ਅਵਤਾਰ ਸਿੰਘ ਭੀਖੋਵਾਲ ਨੇ ਦੱਸਿਆ ਕਿ ਮੁੱਖ ਪ੍ਰਬੰਧਕ ਬਾਬਾ ਅਵਤਾਰ ਸਿੰਘ ਅਤੇ ਐਡਵੋਕੇਟ ਭਾਈ ਹਰਗੋਪਾਲ ਸਿੰਘ ਦੀ ਦੇਖ-ਰੇਖ ਹੇਠ 27 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ। ਇਸ ਉਪਰੰਤ ਗੁਰਬਾਣੀ ਕੀਰਤਨ ਦੇ ਦੀਵਾਨ ਸਜਾਏ ਜਾਣਗੇ, ਜਿਨ੍ਹਾਂ ਦੌਰਾਨ ਸੰਗਤਾਂ ਗੁਰੂ ਜਸ ਸਰਵਣ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨਗੀਆਂ।
ਬਾਬਾ ਅਵਤਾਰ ਸਿੰਘ ਨੇ ਦੱਸਿਆ ਕਿ ਧਾਰਮਿਕ ਸਮਾਗਮ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ । ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਗੁਰਪੁਰਬ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

