Breaking
Fri. Nov 6th, 2026

ਨੌਜਵਾਨਾਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਵਧ ਰਿਹਾ ਰੁਝਾਨ ਪੰਜਾਬ ਦੀ ਸਿਆਸਤ ਵਿੱਚ ਬਦਲਾਅ ਦਾ ਸੰਕੇਤ : ਸੰਜੀਵ ਤਲਵਾੜ

ਪੰਜਾਬ

ਸੁਖਬੀਰ ਬਾਦਲ ਦੀ ਅਗਵਾਈ ਵਿੱਚ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਲਿਆਉਣ ਦੀ ਉਮੀਦ ਨਾਲ ਨੌਜਵਾਨ ਪਾਰਟੀ ਨਾਲ ਜੁੜ ਰਹੇ ਹਨ

ਹੁਸ਼ਿਆਰਪੁਰ, 5 ਨਵੰਬਰ (ਤਰਸੇਮ ਦੀਵਾਨਾ) – ਪੰਜਾਬ ਦੀ ਮੌਜੂਦਾ ਸਿਆਸੀ ਅਤੇ ਆਰਥਿਕ ਸਥਿਤੀ ਤੋਂ ਨਿਰਾਸ਼ ਹੋ ਰਹੇ ਨੌਜਵਾਨਾਂ ਦਾ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਵਧਦਾ ਵਿਸ਼ਵਾਸ ਆਉਣ ਵਾਲੇ ਸਮੇਂ ਵਿੱਚ ਸੂਬੇ ਦੀ ਸਿਆਸਤ ਨੂੰ ਨਵੀਂ ਦਿਸ਼ਾ ਦੇਣ ਦੀ ਸਮਰੱਥਾ ਰੱਖਦਾ ਹੈ। ਨੌਜਵਾਨ ਵਰਗ ਹੁਣ ਪੰਜਾਬ ਦੇ ਭਵਿੱਖ, ਰੁਜ਼ਗਾਰ ਦੇ ਮੌਕਿਆਂ ਅਤੇ ਸੂਬੇ ਦੀ ਆਰਥਿਕ ਮਜ਼ਬੂਤੀ ਨੂੰ ਲੈ ਕੇ ਗੰਭੀਰਤਾ ਨਾਲ ਸੋਚ ਰਿਹਾ ਹੈ। ਇਸੇ ਕਾਰਨ ਨੌਜਵਾਨਾਂ ਦਾ ਪਾਰਟੀ ਨਾਲ ਜੁੜਨ ਦਾ ਸਿਲਸਿਲਾ ਲਗਾਤਾਰ ਤੇਜ਼ ਹੋ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹੁਸ਼ਿਆਰਪੁਰ ਸੰਜੀਵ ਤਲਵਾੜ ਨੇ ਹਲਕਾ ਯੂਥ ਪ੍ਰਧਾਨ ਗੁਰਵਿੰਦਰ ਧੁੱਗਾ ਦੀ ਪ੍ਰੇਰਨਾ ਸਦਕਾ ਪਾਰਟੀ ਵਿੱਚ ਸ਼ਾਮਲ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਕਿਸੇ ਵੀ ਸੂਬੇ ਦੀ ਤਰੱਕੀ ਵਿੱਚ ਨੌਜਵਾਨਾਂ ਦੀ ਭੂਮਿਕਾ ਸਭ ਤੋਂ ਅਹਿਮ ਹੁੰਦੀ ਹੈ ਅਤੇ ਜਦੋਂ ਨੌਜਵਾਨ ਕਿਸੇ ਸਿਆਸੀ ਜਥੇਬੰਦੀ ਨਾਲ ਜੁੜਦੇ ਹਨ ਤਾਂ ਇਹ ਉਸ ਜਥੇਬੰਦੀ ਦੀਆਂ ਨੀਤੀਆਂ ਅਤੇ ਅਗਵਾਈ ਪ੍ਰਤੀ ਉਨ੍ਹਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਸੰਜੀਵ ਤਲਵਾੜ ਨੇ ਕਿਹਾ ਕਿ ਪੰਜਾਬ ਅੱਜ ਆਰਥਿਕ ਸੰਕਟ, ਬੇਰੁਜ਼ਗਾਰੀ ਅਤੇ ਵਿਕਾਸ ਦੀਆਂ ਚੁਣੌਤੀਆਂ ਨਾਲ ਜੂਝ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਨੂੰ ਵਿਕਾਸ ਦੇ ਰਾਹ ’ਤੇ ਅੱਗੇ ਲਿਜਾਣ ਵਿੱਚ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅਜਿਹੀ ਅਗਵਾਈ ਦੀ ਲੋੜ ਹੈ, ਜੋ ਸਿਰਫ਼ ਵਾਅਦਿਆਂ ਤੱਕ ਸੀਮਤ ਨਾ ਰਹੇ, ਸਗੋਂ ਜ਼ਮੀਨੀ ਪੱਧਰ ’ਤੇ ਵਿਕਾਸ ਕਾਰਜਾਂ ਨੂੰ ਤਰਜੀਹ ਦੇਵੇ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਰਾਹ ਖੋਲ੍ਹੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਹੇਠ ਸੁਖਬੀਰ ਸਿੰਘ ਬਾਦਲ ਪੰਜਾਬ ਨੂੰ ਮੁੜ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਅਤੇ ਵਿਕਾਸ ਦੀ ਗਤੀ ਤੇਜ਼ ਕਰਨ ਦੀ ਸਮਰੱਥਾ ਰੱਖਦੇ ਹਨ।

ਇਸ ਮੌਕੇ ਹਲਕਾ ਯੂਥ ਪ੍ਰਧਾਨ ਗੁਰਵਿੰਦਰ ਸਿੰਘ ਨੇ ਕਿਹਾ ਕਿ ਨੌਜਵਾਨਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਉਤਸ਼ਾਹ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨੌਜਵਾਨਾਂ ਨਾਲ ਸਿੱਧਾ ਸੰਵਾਦ ਕਾਇਮ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਭਵਿੱਖ ਸਬੰਧੀ ਚਿੰਤਾ ਪ੍ਰਗਟਾਉਣ ਨਾਲ ਨੌਜਵਾਨ ਵਰਗ ਵਿੱਚ ਨਵਾਂ ਵਿਸ਼ਵਾਸ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੰਜਾਬ ਵਿੱਚ ਅਜਿਹੀ ਸਿਆਸੀ ਤਬਦੀਲੀ ਚਾਹੁੰਦੇ ਹਨ, ਜਿਸ ਨਾਲ ਉਨ੍ਹਾਂ ਨੂੰ ਆਪਣੇ ਹੀ ਸੂਬੇ ਵਿੱਚ ਰੁਜ਼ਗਾਰ, ਕਾਰੋਬਾਰ ਅਤੇ ਤਰੱਕੀ ਦੇ ਬਿਹਤਰ ਮੌਕੇ ਮਿਲ ਸਕਣ।

ਇਸ ਮੌਕੇ ਗੌਰਵ, ਆਰੀਅਨ ਸ਼ਰਮਾ, ਸੁਸ਼ੀਲ ਠਾਕੁਰ ਅਤੇ ਗੁਰਵਿੰਦਰ ਸਿੰਘ ਗੋਲਡੀ ਨੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਹਾਸਲ ਕਰਕੇ ਪਾਰਟੀ ਦੀਆਂ ਨੀਤੀਆਂ ਪ੍ਰਤੀ ਆਪਣਾ ਭਰੋਸਾ ਪ੍ਰਗਟਾਇਆ। ਪਾਰਟੀ ਆਗੂਆਂ ਨੇ ਨਵੇਂ ਸ਼ਾਮਲ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਜਥੇਬੰਦੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ। ਇਸ ਮੌਕੇ ਜ਼ਿਲ੍ਹਾ ਯੂਥ ਪ੍ਰਧਾਨ ਅਮਰਿੰਦਰ ਸੈਨਪੁਰ, ਮਨਪ੍ਰੀਤ ਸੰਧੂ ਅਤੇ ਵਪਾਰ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਾਬੀ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਨੌਜਵਾਨਾਂ ਨੂੰ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।

By admin

Related Post