Breaking
Thu. Nov 19th, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਸਰਬਉੱਚ ਗੁਰੂ ਹਨ ਅਤੇ ਗੁਰੂ ਸਾਹਿਬ ਦੀ ਬੇਅਦਬੀ ਦੀ ਕਿਸੇ ਵੀ ਘਟਨਾ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ : ਮਾਸਟਰ ਕੁਲਵਿੰਦਰ ਸਿੰਘ ਜੰਡਾ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਹੁਸ਼ਿਆਰਪੁਰ, 19 ਨਵੰਬਰ (ਤਰਸੇਮ ਦੀਵਾਨਾ) – ਪੱਛਮੀ ਦਿੱਲੀ ਦੇ ਤਿਲਕ ਨਗਰ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਕੌਮੀ ਮੀਤ ਪ੍ਰਧਾਨ ਅਤੇ ਸੱਭਿਆਚਾਰ ਸੰਭਾਲ ਸੁਸਾਇਟੀ ਰਜਿ. ਪੰਜਾਬ ਦੇ ਪ੍ਰਧਾਨ ਮਾਸਟਰ ਕੁਲਵਿੰਦਰ ਸਿੰਘ ਜੰਡਾ ਨੇ ਕਿਹਾ ਕਿ ਇਹ ਘਟਨਾ ਸਮੁੱਚੀ ਸਿੱਖ ਸੰਗਤ ਦੇ ਹਿਰਦਿਆਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖਾਂ ਦੇ ਸਰਬਉੱਚ ਗੁਰੂ ਹਨ ਅਤੇ ਗੁਰੂ ਸਾਹਿਬ ਦੀ ਬੇਅਦਬੀ ਦੀ ਕਿਸੇ ਵੀ ਘਟਨਾ ਨੂੰ ਹਲਕੇ ਵਿੱਚ ਨਹੀਂ ਲਿਆ ਜਾ ਸਕਦਾ।

ਉਨ੍ਹਾਂ ਆਪਣੇ ਵਿਚਾਰਾਂ ਦਾ ਪ੍ਰਗਟਾਵਾ ਸਾਡੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕੀਤਾ। ਮਾਸਟਰ ਜੰਡਾ ਨੇ ਕਿਹਾ ਕਿ ਮਿਲੀ ਜਾਣਕਾਰੀ ਅਨੁਸਾਰ 15 ਨਵੰਬਰ ਨੂੰ ਸਤਨਾਮ ਸਿੰਘ ਨਾਮ ਦਾ ਇੱਕ ਵਿਅਕਤੀ ਗੁਰਦੁਆਰਾ ਸਾਹਿਬ ਵਿਖੇ ਆਇਆ ਅਤੇ ਕਥਿਤ ਤੌਰ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਬੇਅਦਬੀ ਕਰਕੇ ਉਨ੍ਹਾਂ ਨੂੰ ਪਾੜ ਦਿੱਤਾ। ਇਸ ਤੋਂ ਬਾਅਦ 17 ਨਵੰਬਰ ਨੂੰ ਉਹੀ ਵਿਅਕਤੀ ਮੁੜ ਗੁਰਦੁਆਰਾ ਸਾਹਿਬ ਦੇ ਨੇੜੇ ਦਿਖਾਈ ਦਿੱਤਾ, ਜਿਸ ਨੂੰ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘਾਂ ਅਤੇ ਸੇਵਾਦਾਰਾਂ ਵੱਲੋਂ ਕਾਬੂ ਕਰਕੇ ਪੁਲਿਸ ਦੇ ਹਵਾਲੇ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਪੁਲਿਸ ਵੱਲੋਂ ਮੁਲਜ਼ਮ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ ਅਤੇ ਜਾਂਚ ਨੂੰ ਪੂਰੀ ਗੰਭੀਰਤਾ ਨਾਲ ਅੱਗੇ ਵਧਾਇਆ ਜਾਣਾ ਚਾਹੀਦਾ ਹੈ।

ਇਸ ਦੇ ਨਾਲ ਹੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਭੂਮਿਕਾ ਦੀ ਵੀ ਨਿਰਪੱਖ ਜਾਂਚ ਹੋਣੀ ਲਾਜ਼ਮੀ ਹੈ। ਜੇਕਰ ਪ੍ਰਬੰਧਕਾਂ ਵੱਲੋਂ ਘਟਨਾ ਤੋਂ ਬਾਅਦ ਲਾਪਰਵਾਹੀ ਵਰਤੀ ਗਈ ਜਾਂ ਸੰਗਤ ਤੋਂ ਜਾਣਕਾਰੀ ਲੁਕਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਉਨ੍ਹਾਂ ਦੀ ਜਵਾਬਦੇਹੀ ਵੀ ਤੈਅ ਹੋਣੀ ਚਾਹੀਦੀ ਹੈ। ਮਾਸਟਰ ਕੁਲਵਿੰਦਰ ਸਿੰਘ ਜੰਡਾ ਨੇ ਕਿਹਾ ਕਿ। ਗੁਰੂ ਘਰਾਂ ਦੀ ਸੁਰੱਖਿਆ ਪ੍ਰਬੰਧਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਦੀ ਪਹਿਲੀ ਜ਼ਿੰਮੇਵਾਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਸੁਰੱਖਿਆ, ਸਿੱਖ ਮਰਿਆਦਾ ਦੀ ਪਾਲਣਾ ਅਤੇ ਸੰਗਤ ਦੇ ਵਿਸ਼ਵਾਸ ਨੂੰ ਕਾਇਮ ਰੱਖਣਾ ਹੈ।

ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਨੂੰ ਰੋਕਣ ਲਈ ਸਾਰੇ ਗੁਰਦੁਆਰਾ ਸਾਹਿਬਾਨ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਸੀਸੀਟੀਵੀ ਕੈਮਰੇ, ਨਿਯਮਤ ਨਿਗਰਾਨੀ ਅਤੇ ਸੇਵਾਦਾਰਾਂ ਦੀ ਜਵਾਬਦੇਹੀ ਯਕੀਨੀ ਬਣਾਈ ਜਾਵੇ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਗੁਰੂ ਘਰ ਦੀ ਮਰਿਆਦਾ ਨਾਲ ਖਿਲਵਾੜ ਨਾ ਕਰ ਸਕੇ। ਅੰਤ ਵਿੱਚ ਮਾਸਟਰ ਜੰਡਾ ਨੇ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਅਜਿਹੇ ਸੰਵੇਦਨਸ਼ੀਲ ਮਾਮਲਿਆਂ ਵਿੱਚ ਸੰਜਮ ਅਤੇ ਏਕਤਾ ਬਣਾਈ ਰੱਖਦਿਆਂ ਕਾਨੂੰਨੀ ਅਤੇ ਪੰਥਕ ਮਰਿਆਦਾ ਅਨੁਸਾਰ ਕਾਰਵਾਈ ਲਈ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਅਤੇ ਗੁਰੂ ਘਰਾਂ ਦੇ ਪ੍ਰਬੰਧਾਂ ਵਿੱਚ ਜਵਾਬਦੇਹੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ।

By admin

Related Post