Breaking
Sun. Sep 21st, 2025

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ : 30000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਨਗਰ ਨਿਗਮ ਦਾ ਸਹਾਇਕ ਨਗਰ ਯੋਜਨਾਕਾਰ ​​ਗ੍ਰਿਫ਼ਤਾਰ

ਭ੍ਰਿਸ਼ਟਾਚਾਰ

ਜਲੰਧਰ 15 ਮਈ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਕਾਰਵਾਈ ਕਰਦਿਆਂ ਨਗਰ ਨਿਗਮ, ਜਲੰਧਰ ਦੇ ਸਹਾਇਕ ਨਗਰ ਯੋਜਨਾਕਾਰ ​​(ਏਟੀਪੀ) ਸੁਖਦੇਵ ਵਸ਼ਿਸ਼ਟ ਨੂੰ 30,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕੰਮ ਕਰਵਾਉਣ ਵਾਲੇ ਲੋਕਾਂ ਤੋਂ ਪ੍ਰਾਪਤ ਸ਼ਿਕਾਇਤਾਂ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾਵਾਂ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਜਾਣਬੁੱਝ ਕੇ ਅਰਜ਼ੀਆਂ ਨੂੰ ਪ੍ਰਵਾਨਗੀਆਂ ਦੇਣ ਵਿੱਚ ਦੇਰੀ ਕਰਕੇ ਲੋਕਾਂ ਤੋਂ ਪੈਸੇ ਵਸੂਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਜਲੰਧਰ ਖੇਤਰ ਵਿੱਚ ਇਮਾਰਤਾਂ ਦੇ 70 ਫੀਸਦ ਨਕਸ਼ੇ ਨਗਰ ਨਿਗਮ ਦੁਆਰਾ ਪਹਿਲਾਂ ਹੀ ਮਨਜ਼ੂਰ ਕੀਤੇ ਜਾ ਚੁੱਕੇ ਹਨ ਪਰ ਉਕਤ ਸਹਾਇਕ ਨਗਰ ਯੋਜਨਾਕਾਰ ਸੁਖਦੇਵ ਵਸ਼ਿਸ਼ਟ ਨੇ ਰਿਸ਼ਵਤ ਨਾ ਮਿਲਣ ਤੱਕ ਕੁਝ ਅਰਜ਼ੀਆਂ ਨੂੰ ਵਿਚਾਰਨ ਤੋਂ ਇਨਕਾਰ ਕਰ ਦਿੱਤਾ ਹੋਇਆ ਹੈ। ਸ਼ਿਕਾਇਤਕਰਤਾਵਾਂ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਏਟੀਪੀ ਨੇ ਇੱਕ ਕੇਸ ਨੂੰ ਪ੍ਰਵਾਨਗੀ ਦੇਣ ਦੀ ਪ੍ਰਕਿਰਿਆ ਲਈ ਉਸ ਵਿਅਕਤੀ ਤੋਂ 30,000 ਰੁਪਏ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾਵਾਂ ਨੇ ਇਹ ਦੋਸ਼ ਵੀ ਲਾਇਆ ਕਿ ਉਕਤ ਮੁਲਜ਼ਮ ਬਿਨੈਕਾਰਾਂ ਨੂੰ ਡਰਾਉਣ ਲਈ ਨਿਰੀਖਣ ਦੌਰਾਨ ਇਮਾਰਤਾਂ ਨੂੰ ਸੀਲ ਕਰਨ ਆਦਿ ਦੀਆਂ ਧਮਕੀਆਂ ਵੀ ਦਿੰਦਾ ਹੈ ਅਤੇ ਅਕਸਰ ਕਹਿੰਦਾ ਹੈ ਕਿ ਉਸ ਨੂੰ ਆਪਣੀ ਬਦਲੀ ਦੀ ਵੀ ਪ੍ਰਵਾਹ ਨਹੀਂ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ‘ਚ ਮੁਲਜ਼ਮ ਦੀ ਭੂਮਿਕਾ ਬਾਰੇ ਹੋਰ ਪਤਾ ਲਗਾਉਣ ਲਈ ਇਸ ਕੇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

By admin

Related Post