ਪੰਜਾਬ ਵਿੱਚ ਸਿੱਖਿਆ ਦੇ ਖੇਤਰ ’ਚ ਆਈ ਬਦਲਾਅ ਦੀ ਲਹਿਰ : ਮੋਹਿੰਦਰ ਭਗਤ
ਜਲੰਧਰ 23 ਅਪ੍ਰੈਲ (ਜਸਵਿੰਦਰ ਸਿੰਘ ਆਜ਼ਾਦ)- ਸੂਬਾ ਸਰਕਾਰ ਦੀ ਪਹਿਲਕਦਮੀ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਅੱਜ ਜ਼ਿਲ੍ਹੇ ਦੇ 27 ਹੋਰ ਸਰਕਾਰੀ ਸਕੂਲਾਂ ਨੂੰ ਨਵੀਂ ਦਿੱਖ ਅਤੇ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਲਈ 2.12 ਕਰੋੜ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ।
ਇਨ੍ਹਾਂ ਸਕੂਲਾਂ ਵਿੱਚ 16 ਸਰਕਾਰੀ ਪ੍ਰਾਇਮਰੀ ਅਤੇ 11 ਅਪਰ ਪ੍ਰਾਇਮਰੀ ਸਕੂਲ ਸ਼ਾਮਲ ਹਨ, ਜਿਨ੍ਹਾਂ ਵਿੱਚ ਕ੍ਰਮਵਾਰ 84.39 ਲੱਖ ਅਤੇ 1.28 ਕਰੋੜ ਦੀ ਲਾਗਤ ਨਾਲ ਤਿਆਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਗੁਜ਼ਾਂ (ਲੜਕੇ) ਵਿਖੇ ਉਦਘਾਟਨੀ ਸਮਾਰੋਹ ਤੋਂ ਪਹਿਲਾਂ ਹਾਜ਼ਰੀਨ ਸਮੇਤ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਦੌਰਾਨ ਆਪਣੀਆਂ ਜਾਨਾਂ ਗਵਾਉਣ ਵਾਲੇ ਵਿਅਕਤੀਆਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਉਪਰੰਤ ਸਕੂਲ ਵਿਖੇ 5.64 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ‘ਪੰਜਾਬ ਸਿੱਖਿਆ ਕ੍ਰਾਂਤੀ’ ਸਿਰਫ਼ ਇਕ ਪ੍ਰੋਗਰਾਮ ਨਹੀਂ ਸਗੋਂ ਬਦਲਾਅ ਦੀ ਲਹਿਰ ਹੈ, ਜੋ ਹਰ ਸ਼ਹਿਰ, ਪਿੰਡ ਅਤੇ ਬੱਚੇ ਤੱਕ ਪਹੁੰਚ ਰਹੀ ਹੈ।
ਆਉਣ ਵਾਲੇ ਦਿਨਾਂ ਵਿੱਚ ਵੀ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਰਹਿਣਗੇ
ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਸਮਾਰਟ ਕਲਾਸ ਰੂਮ, ਸਾਇੰਸ ਲੈਬਜ਼, ਖੇਡ ਦੇ ਮੈਦਾਨ, ਲਾਇਬ੍ਰੇਰੀਆਂ, ਚਾਰਦਿਵਾਰੀਆਂ ਸਮੇਤ ਹੋਰ ਵਿੱਦਿਅਕ ਢਾਂਚਾ ਮੁਹੱਈਆ ਕਰਵਾ ਕੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉੱਚਾ ਹੋਇਆ ਹੈ ਅਤੇ ਇਥੇ ਪੜ੍ਹਨ ਵਾਲੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਮੱਲਾਂ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਜਾਰੀ ਰਹਿਣਗੇ ਅਤੇ ਰਾਜ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਉੱਤਮ ਦਰਜੇ ਦਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਇਸ ਮੌਕੇ ਸਕੂਲ ਵਿੱਚ ਕਮਰੇ ਦੇ ਨਿਰਮਾਣ ਦੇ ਨਾਲ-ਨਾਲ ਹੋਰ ਲੋੜੀਂਦੀਆਂ ਜ਼ਰੂਰਤਾਂ ਪੂਰਾ ਕਰਨ ਦਾ ਭਰੋਸਾ ਵੀ ਦਿੱਤਾ
ਕੈਬਨਿਟ ਮੰਤਰੀ ਨੇ ਇਸ ਮੌਕੇ ਸਕੂਲ ਵਿੱਚ ਕਮਰੇ ਦੇ ਨਿਰਮਾਣ ਦੇ ਨਾਲ-ਨਾਲ ਹੋਰ ਲੋੜੀਂਦੀਆਂ ਜ਼ਰੂਰਤਾਂ ਪੂਰਾ ਕਰਨ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਸਮਾਗਮ ਵਿੱਚ ਇਕੱਤਰ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਅਤੇ ਹੋਰਨਾਂ ਨੂੰ ਵੀ ਇਸ ਦੇ ਲਈ ਪ੍ਰੇਰਿਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਸਰਕਾਰੀ ਸਕੂਲ ਕਿਸੇ ਪੱਖੋਂ ਪ੍ਰਾਈਵੇਟ ਸਕੂਲਾਂ ਨਾਲੋਂ ਘੱਟ ਨਹੀਂ ਹਨ। ਹੋਰ ਤਾਂ ਹੋਰ ਇਨ੍ਹਾਂ ਸਕੂਲਾਂ ਵਿੱਚ ਸਰਕਾਰ ਵੱਲੋਂ ਮਿਆਰੀ ਸਿੱਖਿਆ ਤੇ ਹੋਰ ਸਹੂਲਤਾਂ ਬਿਲਕੁਲ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਸ਼੍ਰੀ ਭਗਤ ਨੇ ਇਸ ਮੌਕੇ ਸਕੂਲਾਂ ਵਿੱਚ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ’ਤੇ ਜ਼ੋਰ ਦਿੰਦਿਆਂ ਆਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਅੱਗੇ ਆਉਣ ਤਾਂ ਜੋ ਸੂਬੇ ਤੇ ਦੇਸ਼ ਦੇ ਭਵਿੱਖ ਨੂੰ ਇਸ ਅਲਾਮਤ ਦੀ ਗ੍ਰਿਫ਼ਤ ਵਿੱਚ ਆਉਣ ਤੋਂ ਬਚਾਇਆ ਜਾ ਸਕੇ।
ਇਸੇ ਤਰ੍ਹਾਂ ਵਿਧਾਇਕ ਬਲਕਾਰ ਸਿੰਘ ਵੱਲੋਂ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਕਰਤਾਰਪੁਰ ਦੇ 5 ਸਰਕਾਰੀ ਸਕੂਲਾਂ ਵਿੱਚ 20.98 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਇੰਦਰਜੀਤ ਕੌਰ ਮਾਨ ਵੱਲੋਂ ਹਲਕਾ ਨਕੋਦਰ ਦੇ 4 ਸਰਕਾਰੀ ਸਕੂਲਾਂ ਵਿੱਚ 7.24 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜ ਸਮਰਪਿਤ ਕੀਤੇ ਗਏ।
ਇਸ ਤੋਂ ਇਲਾਵਾ ਜ਼ਿਲ੍ਹੇ ਦੇ ਹੋਰਨਾਂ ਸਰਕਾਰੀ ਸਕੂਲਾਂ ਵਿੱਚ ਵੀ ਬੁਨਿਆਦੀ ਢਾਂਚੇ ਨਾਲ ਸਬੰਧਤ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ।