ਪੁਲਿਸ ਵਲੋ ਮੋਹਰਨਜੀਤ ਨਾਲ ਕੀਤੀ ਧੱਕੇਸ਼ਾਹੀ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ : ਸੰਦੀਪ ਸਿੰਘ ਖਾਲਸਾ

ਮੋਹਰਨਜੀਤ

ਹੁਸ਼ਿਆਰਪੁਰ, 10 ਸਤੰਬਰ (ਤਰਸੇਮ ਦੀਵਾਨਾ) – ਸੰਦੀਪ ਸਿੰਘ ਖਾਲਸਾ ਮੈਂਬਰ ਪੀ ਏ ਸੀ ਅਤੇ ਹਲਕਾ ਪ੍ਰਧਾਨ ਟਾਂਡਾ ਸ਼੍ਰੋਮਣੀ ਅਕਾਲੀ ਦਲ ( ਅ ) ਨੇ ਸਪੱਸ਼ਟ ਕੀਤਾ ਕਿ ਪੰਜਾਬ ਦੀ ਧਰਤੀ ’ਤੇ ਕਿਸੇ ਵੀ ਵਿਅਕਤੀ ਨਾਲ ਜ਼ਿਆਦਤੀ, ਧੱਕੇਸ਼ਾਹੀ ਜਾਂ ਕਾਨੂੰਨ ਦੀ ਉਲੰਘਣਾ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਲੋਕਾਂ ਦੇ ਹੱਕਾਂ ਅਤੇ ਇਨਸਾਫ਼ ਲਈ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ। ​ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮੋਹਰਨਜੀਤ ਸਿੰਘ ਦੇ ਮਾਮਲੇ ਦੀ ਪੂਰੀ ਜਾਂਚ ਕਰਵਾ ਕੇ ਜੇਕਰ ਕੋਈ ਅਣਮਨੁੱਖੀ ਕਾਰਵਾਈ ਸਾਹਮਣੇ ਆਉਂਦੀ ਹੈ ਤਾਂ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ।

ਕਿਸੇ ਵੀ ਨੌਜਵਾਨ ਜਾਂ ਆਮ ਨਾਗਰਿਕ ਨਾਲ ਜੇਕਰ ਧੱਕੇਸ਼ਾਹੀ ਹੁੰਦੀ ਹੈ ਤਾਂ ਉਸ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਲੋਕਾਂ ਵਿੱਚ ਸੁਰੱਖਿਆ ਅਤੇ ਨਿਆਂ ਦੀ ਭਾਵਨਾ ਪੈਦਾ ਕਰੇ।

​ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਜਾਂ ਕਿਸੇ ਸਿਵਲ ਅਧਿਕਾਰੀ ਵੱਲੋਂ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕੀਤੀ ਗਈ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਬੰਧਤ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਸੱਚਾਈ ਲੋਕਾਂ ਦੇ ਸਾਹਮਣੇ ਆ ਸਕੇ।

ਪਿੰਡ ਸ਼ੇਰੋ ਦੇ ਨੌਜਵਾਨ ਮੋਹਰਨਜੀਤ ਸਿੰਘ ਦੇ ਮਾਮਲੇ ਵਿੱਚ ਪੁਲਿਸ ਕਾਰਵਾਈ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ

​ਉਨ੍ਹਾਂ ਦੱਸਿਆ ਕਿ ਪਿੰਡ ਸ਼ੇਰੋ ਦੇ ਨੌਜਵਾਨ ਮੋਹਰਨਜੀਤ ਸਿੰਘ ਦੇ ਮਾਮਲੇ ਵਿੱਚ ਪੁਲਿਸ ਕਾਰਵਾਈ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਖ਼ਿਲਾਫ਼ ਕੋਈ ਦੋਸ਼ ਜਾਂ ਮਾਮਲਾ ਬਣਦਾ ਹੈ ਤਾਂ ਕਾਨੂੰਨੀ ਪ੍ਰਕਿਰਿਆ ਅਨੁਸਾਰ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਪਰ ਕਾਨੂੰਨ ਦੀ ਆੜ ਵਿੱਚ ਕਿਸੇ ਨਾਲ ਅਣਮਨੁੱਖੀ ਵਿਵਹਾਰ ਕਰਨਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

​ਸੰਦੀਪ ਸਿੰਘ ਖਾਲਸਾ ਨੇ ਕਿਹਾ ਕਿ ਭਾਰਤੀ ਸੰਵਿਧਾਨ ਹਰੇਕ ਨਾਗਰਿਕ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਅਤੇ ਸਰਕਾਰ ਦੇ ਲੋਕ ਵਿਰੋਧੀ ਫੈਸਲਿਆਂ ਜਾਂ ਅਮਲਾਂ ਵਿਰੁੱਧ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟ ਕਰਨ ਦਾ ਅਧਿਕਾਰ ਦਿੰਦਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਅਸਲ ਮਜ਼ਬੂਤੀ ਤਾਂ ਹੀ ਸੰਭਵ ਹੈ ਜਦੋਂ ਸਰਕਾਰਾਂ ਆਪਣੇ ਵਿਰੁੱਧ ਉੱਠਣ ਵਾਲੀ ਆਵਾਜ਼ ਨੂੰ ਦਬਾਉਣ ਦੀ ਬਜਾਏ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦਾ ਹੱਲ ਕਰਨ।

​ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੈਂਬਰ ਪੀਏਸੀ ਅਤੇ ਹਲਕਾ ਟਾਂਡਾ ਦੇ ਪ੍ਰਧਾਨ ਸੰਦੀਪ ਸਿੰਘ ਖਾਲਸਾ ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋ ਦੇ ਨੌਜਵਾਨ ਮੋਹਰਨਜੀਤ ਸਿੰਘ ਨਾਲ ਪੁਲਿਸ ਅਤੇ ਸਿਵਲ ਅਧਿਕਾਰੀਆਂ ਵੱਲੋਂ ਕੀਤੇ ਗਏ ਕਥਿਤ ਅਣਮਨੁੱਖੀ ਵਰਤਾਰੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਵੱਲੋਂ ਜੇਕਰ ਕੋਈ ਗੈਰ-ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ ਤਾਂ ਉਸ ਨਾਲ ਜਬਰ, ਧੱਕੇਸ਼ਾਹੀ ਜਾਂ ਤਸ਼ੱਦਦ ਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੋ ਸਕਦਾ।

By admin

Related Post