Breaking
Fri. Nov 13th, 2026

ਬਾਬਾ ਦੂਲੋ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਵਿਸ਼ਾਲ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ

ਮੈਡੀਕਲ ਕੈਂਪ

ਮਾਹਿਰ ਡਾਕਟਰਾਂ ਦੀ ਟੀਮ ਨੇ ਲਗਭਗ 1500 ਮਰੀਜ਼ਾਂ ਦੀ ਕੀਤੀ ਜਾਂਚ, ਮੁਫ਼ਤ ਦਵਾਈਆਂ ਵੀ ਵੰਡੀਆਂ

ਹੁਸ਼ਿਆਰਪੁਰ, 13 ਨਵੰਬਰ (ਤਰਸੇਮ ਦੀਵਾਨਾ) – ਨਜ਼ਦੀਕੀ ਪਿੰਡ ਠੱਕਰਵਾਲ ਮੌਜੋਮਜ਼ਾਰਾ ਵਿਖੇ ਬਾਬਾ ਦੂਲੋ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਰੋਗਿਆ ਆਯੁਰਵੈਦਿਕ ਕਲੀਨਿਕ ਅਤੇ ਸਿਮਰਨ ਆਯੁਰਵੈਦਿਕ ਫਾਰਮੇਸੀ ਵੱਲੋਂ ਵਿਸ਼ਾਲ ਮੁਫ਼ਤ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਲਗਭਗ 1500 ਮਰੀਜ਼ਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਵੱਡੀ ਗਿਣਤੀ ਵਿੱਚ ਪਹੁੰਚੇ ਮਰੀਜ਼ਾਂ ਨੇ ਇਸ ਮੁਫ਼ਤ ਸਿਹਤ ਜਾਂਚ ਕੈਂਪ ਦਾ ਲਾਭ ਉਠਾਇਆ।

ਕੈਂਪ ਦਾ ਉਦਘਾਟਨ ਆਰੋਗਿਆ ਆਯੁਰਵੈਦਿਕ ਕਲੀਨਿਕ ਦੇ ਮੁੱਖ ਵੈਦ ਡਾ. ਬਲਜਿੰਦਰ ਰਾਮ, ਬਾਬਾ ਗੁਰਦੀਪ ਸਿੰਘ ਸਾਹੋਕੇ, ਡੇਰਾ ਮੁਖੀ ਸੰਤ ਗੁਰਪ੍ਰੀਤ ਸਿੰਘ ਅਤੇ ਸੰਤ ਜਗਦੀਪ ਸਿੰਘ ਵੱਲੋਂ ਸਾਂਝੇ ਤੌਰ ’ਤੇ ਕੀਤਾ ਗਿਆ। ਇਸ ਮੌਕੇ ਡਾ. ਬਲਜਿੰਦਰ ਰਾਮ ਨੇ ਕਿਹਾ ਕਿ ਆਯੁਰਵੈਦਿਕ ਅਤੇ ਯੂਨਾਨੀ ਚਿਕਿਤਸਾ ਪ੍ਰਣਾਲੀਆਂ ਭਾਰਤ ਦੀਆਂ ਪ੍ਰਾਚੀਨ ਅਤੇ ਮਹੱਤਵਪੂਰਨ ਇਲਾਜ ਪੱਧਤੀਆਂ ਹਨ। ਇਨ੍ਹਾਂ ਦਾ ਉਦੇਸ਼ ਸਿਰਫ਼ ਬਿਮਾਰੀਆਂ ਦਾ ਇਲਾਜ ਕਰਨਾ ਹੀ ਨਹੀਂ, ਸਗੋਂ ਲੋਕਾਂ ਨੂੰ ਸਰੀਰਕ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਬਿਮਾਰੀਆਂ ਤੋਂ ਬਚਾਅ ਲਈ ਪ੍ਰੇਰਿਤ ਕਰਨਾ ਵੀ ਹੈ।

ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਦਵਾਈ ਦੀ ਵਰਤੋਂ ਯੋਗ ਡਾਕਟਰ ਦੀ ਸਲਾਹ ਅਨੁਸਾਰ ਹੀ ਕਰਨੀ ਚਾਹੀਦੀ ਹੈ। ਇਸ ਮੌਕੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਸੁਰਿੰਦਰ ਪਾਲ ਕੌਰ ਅਤੇ ਮੈਡਮ ਦਲਜੀਤ ਕੌਰ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਕੈਂਪ ਵਿੱਚ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਮਾਹਿਰ ਡਾਕਟਰਾਂ ਦੀ ਟੀਮ ਭੇਜ ਕੇ ਆਪਣਾ ਅਹਿਮ ਸਹਿਯੋਗ ਦਿੱਤਾ। ਕੈਂਪ ਦੌਰਾਨ ਡਾ. ਰਹੁਨਾ ਸ਼ਰਮਾ, ਸ਼੍ਰੀਮਤੀ ਕਰੁਣਾ ਸ਼ਰਮਾ, ਬਲਦੇਵ ਕ੍ਰਿਸ਼ਨ, ਚੰਦਰ ਮੋਹਣ, ਡਾ. ਭਾਰਦਵਾਜ, ਵੈਦ ਗੁਰਦੀਪ ਕੌਰ, ਵੈਦ ਲੋਕੇਸ਼ ਕੁਮਾਰ, ਵੈਦ ਇੰਦਰਜੀਤ, ਵੈਦ ਸਹਜਪ੍ਰੀਤ, ਵੈਦ ਬਲਜਿੰਦਰ ਰਾਮ ਭਾਰਦਵਾਜ ਅਤੇ ਵੈਦ ਸਿਮਰਨ ਕੌਰ ਨੇ ਆਪਣੀਆਂ ਸੇਵਾਵਾਂ ਨਿਭਾਈਆਂ। ਡਾਕਟਰਾਂ ਦੀ ਟੀਮ ਨੇ ਮਰੀਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਸਿਹਤ ਸੰਭਾਲ ਸਬੰਧੀ ਜ਼ਰੂਰੀ ਸਲਾਹ ਵੀ ਦਿੱਤੀ। ਕੈਂਪ ਦੀ ਸਫ਼ਲਤਾ ਲਈ ਅਵਤਾਰ ਸਿੰਘ, ਬਲਜਿੰਦਰ ਸਿੰਘ, ਬਿਕਰਮਜੀਤ ਸਿੰਘ, ਸੁਖਪ੍ਰੀਤ ਸਿੰਘ, ਬਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਮੋਗੇ ਤੋਂ ਪਹੁੰਚੀ ਸੰਗਤ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ।

ਅੰਤ ਵਿੱਚ ਪ੍ਰਬੰਧਕਾਂ ਵੱਲੋਂ ਕੈਂਪ ਨੂੰ ਸਫ਼ਲ ਬਣਾਉਣ ਲਈ ਯੋਗਦਾਨ ਪਾਉਣ ਵਾਲੇ ਸਮੂਹ ਡਾਕਟਰਾਂ, ਸੰਤਾਂ-ਮਹਾਂਪੁਰਸ਼ਾਂ, ਸੇਵਾਦਾਰਾਂ ਅਤੇ ਸਹਿਯੋਗੀਆਂ ਦਾ ਦਿਲੋਂ ਧੰਨਵਾਦ ਕੀਤਾ ਗਿਆ। ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਮੁਫ਼ਤ ਮੈਡੀਕਲ ਕੈਂਪ ਲਗਾਉਣ ਦਾ ਮੁੱਖ ਉਦੇਸ਼ ਲੋੜਵੰਦ ਲੋਕਾਂ ਤੱਕ ਸਿਹਤ ਸਹੂਲਤਾਂ ਪਹੁੰਚਾਉਣਾ ਅਤੇ ਸਮਾਜ ਸੇਵਾ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ।

By admin

Related Post