-ਸਰਕਾਰ ਦਾ ਤਾਨਾਸ਼ਾਹੀ ਰਵਈਆ ਲੋਕ ਬਰਦਾਸ਼ਤ ਨਹੀਂ ਕਰਨਗੇ : ਲਾਲੀ ਬਾਜਵਾ
ਹੁਸ਼ਿਆਰਪੁਰ 2 ਜੁਲਾਈ (ਤਰਸੇਮ ਦੀਵਾਨਾ ) ਪੰਜਾਬ ਦੇ ਸਾਬਕਾ ਮੰਤਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਕਰਮ ਸਿੰਘ ਮਜੀਠੀਆ ਦੀ ਮੁਹਾਲੀ ਵਿਖੇ ਅਦਾਲਤ ‘ਚ ਪੇਸ਼ੀ ਤੋਂ ਪਹਿਲਾਂ ਪੁਲਿਸ ਪ੍ਰਸ਼ਾਸ਼ਨ ਵਲੋੰ ਅਕਾਲੀ ਆਗੂਆਂ ਨੂੰ ਅੱਜ ਘਰਾਂ ਵਿੱਚ ਹੀ ਨਜਰਬੰਦ ਕਰ ਦਿੱਤਾ ਸੀ ਤਾ ਕਿ ਵਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਸਮੇੰ ਵੱਡਾ ਇਕੱਠ ਨਾ ਹੋ ਸਕੇ ਇਸ ਕਰਕੇ ਅਕਾਲੀ ਦਲ ਦੇ ਕਈ ਸੀਨੀਅਰ ਆਗੂਆਂ ਨੂੰ ਘਰਾਂ ਵਿੱਚ ਹੀ ਨਜਰਬੰਦ ਕਰ ਦਿੱਤਾ ਗਿਆ ਅਤੇ ਕਈਆਂ ਨੂੰ ਮੁਹਾਲੀ ਜਾਂਦੇ ਸਮੇਂ ਰਸਤੇ ਵਿੱਚ ਰੋਕੀ ਰੱਖਿਆ। ਅੱਜ ਤੜਕੇ ਚੌਂਕੀ ਇੰਚਾਰਜ ਪੁਰਹੀਰਾਂ ਪੁਲਿਸ ਮੁਲਾਜ਼ਮਾਂ ਨਾਲ ਜਤਿੰਦਰ ਸਿੰਘ ਲਾਲੀ ਬਾਜਵਾ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਹੁਸ਼ਿਆਰਪੁਰ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਉਹਨਾਂ ਨੂੰ ਘਰ ਵਿੱਚ ਨਜਰਬੰਦ ਕਰ ਦਿੱਤਾ ਗਿਆ।
ਇਸ ਮੌਕੇ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਮੋਜੂਦਾ ਸਰਕਾਰ ਵਲੋਂ ਅਣ ਐਲਾਨੀ ਐਮਰਜੈਂਸੀ ਐਲਾਨ ਕੀਤੀ ਗਈ ਹੈ, ਜਿਸ ਦਾ ਮਕਸਦ ਅਕਾਲੀ ਦਲ ਲੀਡਰਸ਼ਿਪ ਨੂੰ ਬਦਨਾਮ ਕਰਕੇ ਝੂਠੇ ਕੇਸਾਂ ਵਿਚ ਫਸਾਕੇ ਗ੍ਰਿਫਤਾਰ ਕਰਨਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨਾ ਹੈ। ਉਨਾਂ ਕਿਹਾ ਕਿ ਜਿਸ ਤਰਾਂ ਕੇਂਦਰ ਸਰਕਾਰ ਏਜੰਸੀਆਂ ਦਾ ਇਸਤੇਮਾਲ ਕਰ ਰਹੀ ਹੈ ਇਸੇ ਤਰਾਂ ਪੰਜਾਬ ਦੀ ਮੌਜੂਦਾ ਸਰਕਾਰ ਵੀ ਏਜੰਸੀਆਂ ਦਾ ਗਲਤ ਇਸਤੇਮਾਲ ਕਰ ਰਹੀ ਹੈ।
ਉਨਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਪੰਥ, ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਲੜਾਈ ਲਈ ਸਦਾ ਅੱਗੇ ਹੋ ਕੇ ਲੜਦੇ ਰਹਿਣਗੇ ਅਤੇ ਆਪਣੀ ਲੀਡਰਸ਼ਿਪ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਵਿੱਚ ਪੰਜਾਬੀਆਂ ਦੇ ਨਾਲ ਹੋ ਰਹੇ ਧੱਕੇ ਦੇ ਖਿਲਾਫ ਸਦਾ ਖੜਨਗੇ। ਲਾਲੀ ਬਾਜਵਾ ਨੇ ਕਿਹਾ ਕਿ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਸ਼ਾਨ ਮੱਤੇ 105 ਸਾਲਾ ਇਤਿਹਾਸ ਵਿਚ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਪੰਥ ਅਤੇ ਪੰਜਾਬੀਆਂ ਨਾਲ ਡੱਟ ਕੇ ਖੜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਏਕਤਾ ਤੇ ਦ੍ਰਿੜ ਵਿਸ਼ਵਾਸ ਨਾਲ ਸਰਕਾਰ ਦੇ ਹਰ ਜ਼ੁਲਮ ਦਾ ਸਾਹਮਣਾ ਕਰੇਗਾ।