ਹੁਸ਼ਿਆਰਪੁਰ, 26 ਜੁਲਾਈ ( ਤਰਸੇਮ ਦੀਵਾਨਾ ) – ਡੈਮੋਕ੍ਰੇਟਿਕ ਭਾਰਤੀਆ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਰਜਿੰਦਰ ਗਿੱਲ ਅਤੇ ਰਾਸ਼ਟਰੀ ਚੇਅਰਮੈਨ ਪ੍ਰਿੰ. ਮੋਹਨ ਲਾਲ ਖੋਸਲਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਰਨਾਲਾ ਲਾਠੀਚਾਰਜ ਘਟਨਾ ਦੀ ਤੁਰੰਤ ਨਿਰਪੱਖ ਅਤੇ ਉੱਚ-ਪੱਧਰੀ ਜਾਂਚ ਕਰਵਾਈ ਜਾਵੇ। ਉਨ੍ਹਾਂ ਮੰਗ ਕੀਤੀ ਕਿ ਜਬਰ ਕਰਨ ਵਾਲੇ ਦੋਸ਼ੀ ਅਧਿਕਾਰੀਆਂ ‘ਤੇ ਸਖ਼ਤ ਵਿਭਾਗੀ ਤੇ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇ ਅਤੇ ਸਫਾਈ ਕਰਮਚਾਰੀਆਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਕੇ ਉਨ੍ਹਾਂ ਨੂੰ ਸਨਮਾਨਜਨਕ ਤੇ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਇਆ ਜਾਵੇ। ਪੰਜਾਬ ਸਰਕਾਰ ਦੀ ਨੀਤੀ ‘ਤੇ ਤਿੱਖਾ ਹਮਲਾ ਬੋਲਦਿਆਂ ਰਜਿੰਦਰ ਗਿੱਲ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮਰਾਓ ਅੰਬੇਡਕਰ ਦੇ ਆਦਰਸ਼ਾਂ ਦਾ ਹੋਕਾ ਦਿੰਦੀ ਹੈ, ਜਦਕਿ ਦੂਜੇ ਪਾਸੇ ਦਲਿਤ ਅਤੇ ਵਾਂਝੇ ਵਰਗ ਨਾਲ ਅਜਿਹਾ ਦਮਨਕਾਰੀ ਵਿਵਹਾਰ ਕੀਤਾ ਜਾ ਰਿਹਾ ਹੈ।
ਨਾਗਰਿਕਾਂ ਨੂੰ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤੀਪੂਰਨ ਢੰਗ ਨਾਲ ਆਵਾਜ਼ ਬੁਲੰਦ ਕਰਨ ਦਾ ਮੌਲਿਕ ਅਧਿਕਾਰ ਹੈ
ਉਨ੍ਹਾਂ ਕਿਹਾ ਕਿ ਜਿਸ ਰਾਜਨੀਤਿਕ ਦਲ ਦਾ ਚੋਣ ਨਿਸ਼ਾਨ ‘ਝਾੜੂ’ ਹੈ, ਉਸੇ ਦੇ ਰਾਜ ਵਿੱਚ ਸਮਾਜ ਨੂੰ ਸਾਫ਼ ਰੱਖਣ ਵਾਲੇ ਸਫਾਈ ਸੇਵਕਾਂ ‘ਤੇ ਲਾਠੀਆਂ ਵਰਸਾਉਣਾ ਬੇਹੱਦ ਸ਼ਰਮਨਾਕ ਅਤੇ ਅਮਾਨਵੀ ਹੈ। ਰਜਿੰਦਰ ਗਿੱਲ ਨੇ ਕਿਹਾ ਕਿ ਸਰਕਾਰ ਵੱਲੋਂ ਸੰਵਾਦ ਅਤੇ ਹੱਲ ਦਾ ਰਸਤਾ ਅਪਣਾਉਣ ਦੀ ਬਜਾਏ ਪੁਲਿਸ ਤਸ਼ੱਦਦ ਨਾਲ ਅੰਦੋਲਨ ਨੂੰ ਦਬਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਜੋ ਕਿ ਘੋਰ ਨਿੰਦਣਯੋਗ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਸੰਵਿਧਾਨਕ ਵਿਵਸਥਾ ਵਿੱਚ ਨਾਗਰਿਕਾਂ ਨੂੰ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤੀਪੂਰਨ ਢੰਗ ਨਾਲ ਆਵਾਜ਼ ਬੁਲੰਦ ਕਰਨ ਦਾ ਮੌਲਿਕ ਅਧਿਕਾਰ ਹੈ।
ਇਸ ਹਿੰਸਕ ਘਟਨਾ ਨੂੰ ਲੋਕਤੰਤਰਿਕ ਅਧਿਕਾਰਾਂ ਦਾ ਸਰੇਆਮ ਘਾਣ ਅਤੇ ਮਿਹਨਤਕਸ਼ ਵਰਗ ਦੇ ਆਤਮ-ਸਨਮਾਨ ‘ਤੇ ਸਿੱਧਾ ਹਮਲਾ ਕਰਾਰ ਦਿੰਦਿਆਂ, ਉਨ੍ਹਾਂ ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ, ਵਿਸ਼ੇਸ਼ ਤੌਰ ‘ਤੇ ਮਹਿਲਾ ਕਰਮਚਾਰੀਆਂ ‘ਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਜਬਰ ਅਤੇ ਲਾਠੀਚਾਰਜ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕੀਤੀ। ਅੰਤ ਵਿੱਚ ਉਹਨਾਂ ਕਿਹਾ ਕਿ ਡੀਐਸਪੀ ਸਤਬੀਰ ਸਿੰਘ ਬੈਂਸ ਅਤੇ ਐਸਐਚ ਓ ਲਖਵਿੰਦਰ ਸਿੰਘ ਨੂੰ ਸਸਪੈਂਡ ਨਹੀਂ ਡਿਸਮਿਸ ਕਰਕੇ ਇਹਨਾਂ ਤੇ ਐਸੀ ਐਸਟੀ ਐਕਟ ਅਤੇ 307 ਦੇ ਤਹਿਤ ਪਰਚਾ ਦਰਜ ਕਰਕੇ ਇਹਨਾਂ ਨੂੰ ਸਲਾਖਾਂ ਦੇ ਪਿੱਛੇ ਸੁੱਟਿਆ ਜਾਵੇ।

