Breaking
Tue. Jul 15th, 2025

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੇ ਤਹਿਤ 15,000 ਰੁਪਏ ਰਿਸ਼ਵਤ ਲੈਂਦਾ ਥਾਣਾ ਹਰਿਆਣਾ ਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਥਾਣਾ ਹਰਿਆਣਾ

• ਪਹਿਲਾਂ ਦੋ ਕਿਸ਼ਤਾਂ ਵਿੱਚ ਲੈ ਚੁੱਕਾ ਹੈ 15000 ਰੁਪਏ ਰਿਸ਼ਵਤ

ਹੁਸ਼ਿਆਰਪੁਰ, 28 ਮਈ (ਤਰਸੇਮ ਦੀਵਾਨਾ)- ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਹਰਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਕੁਲਦੀਪ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਰੋਬਿਨ ਕੁਮਾਰ ਵਾਸੀ ਪਿੰਡ ਘਗਿਆਲ, ਜ਼ਿਲ੍ਹਾ ਹੁਸ਼ਿਆਰਪੁਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਉਪਰੰਤ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਥਾਣੇ ਵਿੱਚ ਉਸ ਵਿਰੁੱਧ ਇੱਕ ਪੁਲਿਸ ਕੇਸ ਦਰਜ ਕੀਤਾ ਗਿਆ ਸੀ ਅਤੇ ਕੇਸ ਦੀ ਤਫਤੀਸ਼ ਏ.ਐਸ.ਆਈ. ਕੁਲਦੀਪ ਸਿੰਘ ਨੂੰ ਸੌਂਪੀ ਗਈ ਸੀ। ਪਰ ਇਹ ਐਫ.ਆਈ.ਆਰ. ਦਰਜ ਕਰਨ ਤੋਂ ਪਹਿਲਾਂ ਉਕਤ ਏ.ਐਸ.ਆਈ. ਕੁਲਦੀਪ ਸਿੰਘ ਨੇ ਕਥਿਤ ਤੌਰ ‘ਤੇ ਵਿਰੋਧੀ ਧਿਰ ਨਾਲ ਮਿਲੀਭੁਗਤ ਕਰਕੇ ਉਕਤ ਸ਼ਿਕਾਇਤਕਰਤਾ, ਉਸਦੀ ਮਾਂ ਅਤੇ ਹੋਰ ਪਰਿਵਾਰਕ ਮੈਂਬਰਾਂ ਵਿਰੁੱਧ ਜਵਾਬੀ ਕੇਸ ਦਰਜ ਕਰ ਦਿੱਤਾ।

ਏ.ਐਸ.ਆਈ. ਕੁਲਦੀਪ ਸਿੰਘ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ

ਇਸ ਉਪਰੰਤ ਏ.ਐਸ.ਆਈ. ਕੁਲਦੀਪ ਸਿੰਘ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਉਸਦੀ ਮਾਂ ਨੂੰ ਸੋਨੇ ਦੀ ਚੇਨ ਚੋਰੀ ਕਰਨ ਦੇ ਝੂਠੇ ਕੇਸ ਵਿੱਚ ਫਸਾਉਣ ਦੀ ਧਮਕੀ ਦਿੱਤੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਵੱਲੋਂ ਵਾਰ-ਵਾਰ ਬੇਨਤੀਆਂ ਕਰਨ ‘ਤੇ ਸੌਦਾ 30,000 ਰੁਪਏ ਵਿੱਚ ਤੈਅ ਹੋ ਗਿਆ ਅਤੇ ਏ.ਐਸ.ਆਈ. ਨੇ ਪਹਿਲੀ ਕਿਸ਼ਤ ਵਜੋਂ 10,000 ਰੁਪਏ ਲੈ ਲਏ। ਸ਼ਿਕਾਇਤ ਮੁਤਾਬਕ ਮੁਲਜ਼ਮ ਏ.ਐਸ.ਆਈ. ਨੇ ਰਿਸ਼ਵਤ ਦੇ ਬਾਕੀ 20000 ਰੁਪਏ ਦੀ ਮੰਗ ਕੀਤੀ ਅਤੇ ਦੂਜੀ ਕਿਸ਼ਤ ਵਜੋਂ 5,000 ਰੁਪਏ ਲੈ ਲਏ ਸ਼ਿਕਾਇਤਕਰਤਾ ਨੇ ਆਪਣੇ ਮੋਬਾਈਲ ਫੋਨ ‘ਤੇ ਗੈਰ-ਕਾਨੂੰਨੀ ਤੌਰ ‘ਤੇ ਰਿਸ਼ਵਤ ਦੀ ਬਾਕੀ ਰਕਮ ਮੰਗਣ ਸਮੇਂ ਹੋਈ ਗੱਲਬਾਤ ਰਿਕਾਰਡ ਕਰ ਲਈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਏ.ਐਸ.ਆਈ. ਕੁਲਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਤੀਜੀ ਕਿਸ਼ਤ ਵਜੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ, ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

By admin

Related Post