Breaking
Fri. Sep 11th, 2026

ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ’ਤੇ ਹਮਲਾ ਬੇਹੱਦ ਮੰਦਭਾਗਾ ਧਾਰਮਿਕ ਮਰਿਆਦਾ ਭੰਗ ਕਰਨ ਵਾਲਿਆਂ ’ਤੇ ਹੋਵੇ ਕਾਰਵਾਈ : ਲਾਲੀ ਬਾਜਵਾ

ਸ੍ਰੀ ਹਜ਼ੂਰ ਸਾਹਿਬ

ਹੁਸ਼ਿਆਰਪੁਰ, 13 ਅਗਸਤ ( ਤਰਸੇਮ ਦੀਵਾਨਾ ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਹੋਏ ਹਮਲੇ ਦੀ ਅਕਾਲੀ ਦਲ ਹੁਸ਼ਿਆਰਪੁਰ ਵੱਲੋਂ ਪੁਰਜ਼ੋਰ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ ਹੈ। ਇਸ ਸਬੰਧੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਰਗੇ ਪਵਿੱਤਰ ਅਸਥਾਨ ਦੇ ਅੰਦਰ ਕਿਸੇ ਵਿਅਕਤੀ ’ਤੇ ਹਮਲਾ ਕਰਨਾ ਬੇਹੱਦ ਨਿੰਦਣਯੋਗ ਅਤੇ ਮੰਦਭਾਗੀ ਘਟਨਾ ਹੈ। ਲਾਲੀ ਬਾਜਵਾ ਨੇ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਦੁਨੀਆ ਭਰ ਦੀ ਸਿੱਖ ਸੰਗਤ ਲਈ ਅਤਿਅੰਤ ਸਤਿਕਾਰਯੋਗ ਧਾਰਮਿਕ ਅਸਥਾਨ ਹੈ। ਅਜਿਹੇ ਪਵਿੱਤਰ ਸਥਾਨ ਦੀ ਮਰਿਆਦਾ ਅਤੇ ਸ਼ਾਂਤੀ ਨੂੰ ਭੰਗ ਕਰਨ ਵਾਲੀ ਕਿਸੇ ਵੀ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਕਿਹਾ ਕਿ ਹਮਲਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ’ਤੇ ਹਰ ਵਿਅਕਤੀ ਨੂੰ ਸ਼ਾਂਤੀ, ਸਤਿਕਾਰ ਅਤੇ ਮਰਿਆਦਾ ਕਾਇਮ ਰੱਖਣੀ ਚਾਹੀਦੀ ਹੈ। ਕਿਸੇ ਵੀ ਤਰ੍ਹਾਂ ਦੀ ਹਿੰਸਾ ਜਾਂ ਹਮਲਾ ਨਾ ਤਾਂ ਧਾਰਮਿਕ ਮਰਿਆਦਾ ਦੇ ਅਨੁਕੂਲ ਹੈ ਅਤੇ ਨਾ ਹੀ ਸਿੱਖ ਪੰਥ ਦੀਆਂ ਕਦਰਾਂ-ਕੀਮਤਾਂ ਨਾਲ ਮੇਲ ਖਾਂਦਾ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਘਟਨਾ ਦੀ ਨਿਰਪੱਖ ਜਾਂਚ ਕਰਕੇ ਹਮਲਾਵਰ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਲਾਲੀ ਬਾਜਵਾ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਧਾਰਮਿਕ ਸਥਾਨਾਂ ਦੀ ਪਵਿੱਤਰਤਾ, ਸਿੱਖ ਮਰਿਆਦਾ ਅਤੇ ਸ਼ਾਂਤੀ ਦੀ ਰੱਖਿਆ ਲਈ ਆਵਾਜ਼ ਬੁਲੰਦ ਕਰਦਾ ਆਇਆ ਹੈ। ਉਨ੍ਹਾਂ ਸਮੁੱਚੀ ਸੰਗਤ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਘਟਨਾਵਾਂ ਦੇ ਮੱਦੇਨਜ਼ਰ ਸੰਜਮ ਬਣਾਈ ਰੱਖਣ ਅਤੇ ਆਪਸੀ ਭਾਈਚਾਰਾ ਕਾਇਮ ਰੱਖਣ।

By admin

Related Post