ਜਲੰਧਰ 24 ਮਈ (ਜਸਵਿੰਦਰ ਸਿੰਘ ਆਜ਼ਾਦ)- ਪਲਾਸਟਿਕ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਅਤੇ ਆਉਣ ਵਾਲੇ ਵਿਸ਼ਵ ਵਾਤਾਵਰਣ ਦਿਵਸ ਨੂੰ ਮੁੱਖ ਰੱਖਦੇ ਹੋਏ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਖੇਤਰੀ ਦਫ਼ਤਰ ਵੱਲੋਂ ਸਥਾਨਕ ਸ਼ਹੀਦ ਭਗਤ ਸਿੰਘ ਇੰਟਰਸਟੇਟ ਬੱਸ ਟਰਮੀਨਲ ਵਿਖੇ ਵਿਸ਼ਵ ਵਾਤਾਵਰਣ ਦਿਵਸ 2025 ਦੀ ਥੀਮ ‘ਪਲਾਸਟਿਕ ਪ੍ਰਦੂਸ਼ਣ ਨੂੰ ਹਰਾਓ’ ਤਹਿਤ ਨੁੱਕੜ ਨਾਟਕ ਕਰਵਾਇਆ ਗਿਆ।
ਇਸ ਨੁੱਕੜ ਨਾਟਕ ਦਾ ਮੁੱਖ ਉਦੇਸ਼ ਪਲਾਸਟਿਕ ਪ੍ਰਦੂਸ਼ਣ ਨੂੰ ਖ਼ਤਮ ਕਰਨ ਅਤੇ ਇਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਦੇ ਬਦਲਵੇਂ ਵਿਕਲਪਾਂ ਨੂੰ ਉਤਸ਼ਾਹਿਤ ਕਰਨ ਦੇ ਵਿਸ਼ਵਵਿਆਪੀ ਮੁੱਦੇ ਬਾਰੇ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਸੀ। ਨੁੱਕੜ ਨਾਟਕ ਰਾਹੀਂ ਲੋਕਾਂ ਨੂੰ ਇਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਤੋਂ ਹੋਣ ਵਾਲੇ ਨੁਕਸਾਨ ਤੋਂ ਵੀ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਦੀ ਭੂਮਿਕਾ ਨਿਭਾਉਂਦਿਆ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਨਾ ਕਰਕੇ ਵਾਤਾਵਰਣ ਸੁਰੱਖਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ ਗਿਆ।
ਇਸ ਮੌਕੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਵੱਲੋ ਕੱਪੜੇ ਦੇ ਥੈਲੇ ਵੀ ਵੰਡੇ ਗਏ।