ਡੀ.ਐਸ.ਪੀ. ਸੰਜੀਵ ਸਿੰਗਲਾ ਨੂੰ ਤੁਰੰਤ ਨੌਕਰੀ ਤੋਂ ਬਰਖ਼ਾਸਤ ਕੀਤਾ ਜਾਵੇ : ਬੰਟੀ ਹਰਿਆਣਾ
ਹੁਸ਼ਿਆਰਪੁਰ,19 ਜੂਨ (ਤਰਸੇਮ ਦੀਵਾਨਾ) – ਆਪਣੇ ਹੱਕਾਂ ਅਤੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪਟਿਆਲਾ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਪ੍ਰੈਂਟਿਸ ਲਾਈਨਮੈਨਾਂ ‘ਤੇ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ ਦੇ ਵਿਰੋਧ ਵਿੱਚ ‘ਬੇਗਮਪੁਰਾ ਟਾਈਗਰ ਫੋਰਸ‘ ਦੇ ਹਲਕਾ ਸ਼ਾਮ ਚੁਰਾਸੀ ਦੇ ਪ੍ਰਧਾਨ ਬੰਟੀ ਹਰਿਆਣਾ ਦੀ ਪ੍ਰਧਾਨਗੀ ਹੇਠ ਤਹਿਸੀਲ ਭੂੰਗਾ ( ਹੁਸ਼ਿਆਰਪੁਰ ) ਦੇ ਨਾਇਬ ਤਹਿਸੀਲਦਾਰ ਰਾਜ ਕੁਮਾਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਇੱਕ ਮੰਗ ਪੱਤਰ ਭੇਜਿਆ ਗਿਆ। ਮੰਗ ਪੱਤਰ ਵਿੱਚ ਫੋਰਸ ਨੇ ਇਸ ਘਟਨਾ ਲਈ ਜ਼ਿੰਮੇਵਾਰ ਡੀ.ਆਈ.ਜੀ. ਰੇਂਜ ਪਟਿਆਲਾ, ਐਸ.ਐਸ.ਪੀ.ਪਟਿਆਲਾ ਡੀ ਐਸ ਪੀ ਸੰਜੀਵ ਸਿੰਗਲਾ ਪਟਿਆਲਾ, ਅਤੇ ਐਸ.ਡੀ.ਐਮ. ਪਟਿਆਲਾ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਬੇਗਮਪੁਰਾ ਟਾਈਗਰ ਫੋਰਸ ਦੇ ਆਗੂਆਂ ਨੇ ਦੱਸਿਆ ਕਿ ਪਟਿਆਲਾ ਪੁਲਿਸ ਦੇ ਡੀ.ਐਸ.ਪੀ. ਸੰਜੀਵ ਸਿੰਗਲਾ ਅਤੇ ਉਨ੍ਹਾਂ ਦੇ ਮੁਲਾਜ਼ਮਾਂ ਵੱਲੋਂ ਬੇਰੁਜ਼ਗਾਰਾਂ ਨਾਲ ਅਣਮਨੁੱਖੀ ਸਲੂਕ ਕੀਤਾ ਗਿਆ ਹੈ, ਜਿਸ ਨੇ ਸੂਬੇ ਦੇ ਹਰ ਸੰਵੇਦਨਸ਼ੀਲ ਵਿਅਕਤੀ ਦੀ ਰੂਹ ਨੂੰ ਕੰਬਾ ਦਿੱਤਾ ਹੈ। ਉਨ੍ਹਾਂ ਮੰਗ ਕੀਤੀ ਕਿ ਸਬੰਧਤ ਅਧਿਕਾਰੀਆਂ ਖ਼ਿਲਾਫ਼ ਮਾਨਯੋਗ ਹਾਈਕੋਰਟ ਅਤੇ ਮਾਨਵ ਅਧਿਕਾਰ ਕਮਿਸ਼ਨ (Human Rights Commission) ਵਿੱਚ ਨਾਮਜ਼ਦ (By Name) ਕੇਸ ਦਰਜ ਕੀਤੇ ਜਾਣ।
ਉਨ੍ਹਾਂ ਦੋਸ਼ ਲਾਇਆ ਕਿ ਲਾਠੀਚਾਰਜ ਦੌਰਾਨ ਇੱਕ ਪੁਲਿਸ ਮੁਲਾਜ਼ਮ ਨੇ ਨੌਜਵਾਨ ਦਾ ਮੋਬਾਈਲ ਫੋਨ ਖੋਹ ਲਿਆ ਸੀ। ਜਦੋਂ ਉਸ ਨੇ ਫੋਨ ਵਾਪਸ ਮੰਗਿਆ, ਤਾਂ ਡੀ.ਐਸ.ਪੀ. ਸੰਜੀਵ ਸਿੰਗਲਾ ਨੇ ਕਾਨੂੰਨ ਦੀਆਂ ਧੱਜੀਆਂ ਉਡਾਉਂਦੇ ਹੋਏ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜੋ ਕਿ ਸਰਾਸਰ ਮਨੁੱਖੀ ਅਧਿਕਾਰਾਂ ਦਾ ਘਾਣ ਹੈ। ਆਗੂਆ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੋਣਾਂ ਵੇਲੇ ਕੀਤੇ ਵਾਅਦੇ ਯਾਦ ਕਰਵਾਉਂਦਿਆਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਭਗਵੰਤ ਮਾਨ ਦਾਅਵੇ ਕਰਦੇ ਸਨ ਕਿ ਉਨ੍ਹਾਂ ਦੀ ਸਰਕਾਰ ਆਉਣ ‘ਤੇ ਕਿਸੇ ਨੂੰ ਧਰਨੇ ਨਹੀਂ ਲਾਉਣੇ ਪੈਣਗੇ ਅਤੇ ‘ਹਰੇ ਪੈਨ’ ਨਾਲ ਨੌਕਰੀਆਂ ਦੀ ਬੌਛਾਰ ਕੀਤੀ ਜਾਵੇਗੀ। ਪਰ ਅੱਜ ਹਰੇ ਪੈਨ ਦੀ ਜਗ੍ਹਾ ਬੇਰੁਜ਼ਗਾਰਾਂ ਨੂੰ ਪੁਲਿਸ ਦੀਆਂ ਲਾਠੀਆਂ ਮਿਲ ਰਹੀਆਂ ਹਨ। ਉਨ੍ਹਾਂ ਮੁੱਖ ਮੰਤਰੀ ਦੀ ਚੁੱਪੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਘਟਨਾ ਨੂੰ ਕਈ ਦਿਨ ਬੀਤ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਕੋਈ ਬਿਆਨ ਨਾ ਆਉਣਾ ਬੇਹੱਦ ਨਿੰਦਣਯੋਗ ਹੈ।
ਹਰ ਨਾਗਰਿਕ ਨੂੰ ਆਪਣੇ ਹੱਕਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਸੰਵਿਧਾਨਕ ਅਧਿਕਾਰ ਹੈ
ਉਹਨਾ ਕਿਹਾ ਕਿ “ਭਾਰਤ ਇੱਕ ਲੋਕਤੰਤਰ ਦੇਸ਼ ਹੈ, ਜਿੱਥੇ ਹਰ ਨਾਗਰਿਕ ਨੂੰ ਆਪਣੇ ਹੱਕਾਂ ਲਈ ਸ਼ਾਂਤਮਈ ਪ੍ਰਦਰਸ਼ਨ ਕਰਨ ਦਾ ਸੰਵਿਧਾਨਕ ਅਧਿਕਾਰ ਹੈ। ਪ੍ਰਦਰਸ਼ਨਕਾਰੀ ਨੌਜਵਾਨ ਕੋਈ ਅੱਤਵਾਦੀ ਨਹੀਂ ਹਨ, ਉਹ ਪੜ੍ਹ-ਲਿਖ ਕੇ ਸਿਰਫ਼ ਰੁਜ਼ਗਾਰ ਮੰਗ ਰਹੇ ਹਨ ਕੀ ਸਰਕਾਰ ਕੋਲੋਂ ਰੁਜ਼ਗਾਰ ਮੰਗਣਾ ਗੁਨਾਹ ਹੈ?”ਪੁਲਿਸ ਪ੍ਰਸ਼ਾਸਨ ‘ਤੇ ਦੋਹਰੀ ਨੀਤੀ ਦਾ ਦੋਸ਼ ਲਾਉਂਦਿਆਂ ਫੋਰਸ ਦੇ ਆਗੂਆਂ ਨੇ ਭਾਜਪਾ ਆਗੂ ਰਵਨੀਤ ਬਿੱਟੂ ਦੀ ਪਿਛਲੀ ਘਟਨਾ ਦਾ ਹਵਾਲਾ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਰਵਨੀਤ ਬਿੱਟੂ ਨੇ ਐੱਸ.ਐੱਸ.ਪੀ. ਨੂੰ ਸ਼ਰੇਆਮ ਧਮਕਾਇਆ ਸੀ, ਉਦੋਂ ਪੁਲਿਸ ਦੀ ਲਾਠੀ ਅਤੇ ਜ਼ੁਬਾਨ ਕਿਉਂ ਬੰਦ ਸੀ? ਪੁਲਿਸ ਪ੍ਰਸ਼ਾਸਨ ਸਿਰਫ਼ ਗਰੀਬ ਅਤੇ ਬੇਸਹਾਰਾ ਨੌਜਵਾਨਾਂ ‘ਤੇ ਹੀ ਆਪਣੀ ਵਰਦੀ ਦਾ ਰੋਅਬ ਪਾਉਂਦਾ ਹੈ, ਜਦਕਿ ਸਿਆਸੀ ਆਗੂਆਂ ਸਾਹਮਣੇ ਬੇਵੱਸ ਹੋ ਜਾਂਦਾ ਹੈ।
ਨਿਹੱਥੇ ਨੌਜਵਾਨਾਂ ‘ਤੇ ਵਰ੍ਹਾਈਆਂ ਗਈਆਂ ਇਹ ਡਾਂਗਾਂ ਮੌਜੂਦਾ ਸਰਕਾਰ ਦੀ ਪੁੱਠੀ ਗਿਣਤੀ ਦੀ ਸ਼ੁਰੂਆਤ ਹਨ। ਆਗੂਆ ਨੇ ਕਿਹਾ ਕਿ ਐਸ.ਡੀ.ਐਮ. ਪਟਿਆਲਾ ਵੱਲੋਂ ਲਾਠੀਚਾਰਜ ਦੇ ਦਿੱਤੇ ਗਏ ਹੁਕਮਾਂ (ਆਰਡਰਾਂ) ਦੀ ਕਾਪੀ ਤੁਰੰਤ ਜਨਤਕ ਕੀਤੀ ਜਾਵੇ। ਅਤੇ ਡੀ.ਐਸ.ਪੀ. ਸੰਜੀਵ ਸਿੰਗਲਾ ਨੂੰ ਬਿਨਾਂ ਕਿਸੇ ਦੇਰੀ ਦੇ ਤੁਰੰਤ ਨੌਕਰੀ ਤੋਂ ਬਰਖ਼ਾਸਤ (Dismiss) ਕੀਤਾ ਜਾਵੇ। ਉਹਨਾਂ ਕਿਹਾ ਕਿ ਇਸ ਹਿੰਸਕ ਕਾਰਵਾਈ ਵਿੱਚ ਸ਼ਾਮਲ ਬਾਕੀ ਪੁਲਿਸ ਮੁਲਾਜ਼ਮਾਂ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਤੁਰੰਤ ਬਣਦੀਆਂ ਧਾਰਾਵਾਂ ਤਹਿਤ ਐਫ.ਆਈ.ਆਰ. (FIR) ਦਰਜ ਕਰਕੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਮਨ ਕੁਮਾਰ, ਸੁਖਵਿੰਦਰ ਸਿੰਘ, ਬਲਵੀਰ ਸਿੰਘ ਆਦਿ ਹਾਜ਼ਰ ਸਨ !

