ਜ਼ਿੰਦਗੀ ਦੇ ਆਖ਼ਰੀ ਪੜਾਅ ‘ਤੇ ਬਜ਼ੁਰਗਾਂ ਨੂੰ ਸੜਕਾਂ ਅਤੇ ਅਦਾਲਤਾਂ ਵਿੱਚ ਰੋਲਣਾ ਬੇਹੱਦ ਸ਼ਰਮਨਾਕ, ਭਾਜਪਾ ਸਰਕਾਰ ਆਉਣ ‘ਤੇ ਹਰ ਜਾਇਜ਼ ਮੰਗ ਹੋਵੇਗੀ ਪੂਰੀ : ਸਾਬਕਾ ਕੇਂਦਰੀ ਮੰਤਰੀ
ਹੁਸ਼ਿਆਰਪੁਰ, 13 ਨਵੰਬਰ (ਤਰਸੇਮ ਦੀਵਾਨਾ) – ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਸਿਆਸੀ ਹਮਲਾ ਕਰਦਿਆਂ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਦੋਸ਼ ਲਾਇਆ ਹੈ ਕਿ ਮੌਜੂਦਾ ਸਰਕਾਰ ਨੇ ਸੂਬੇ ਦੇ ਕਰੀਬ ਸਾਢੇ ਤਿੰਨ ਲੱਖ ਪੈਨਸ਼ਨਰਾਂ ਨੂੰ 2.59 ਗੁਣਾਂਕ ਦਾ ਬਣਦਾ ਹੱਕ ਨਾ ਦੇ ਕੇ ਉਨ੍ਹਾਂ ਨਾਲ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਕਾਰਨ ਅੱਜ ਸਮਾਜ ਦੇ ਸਤਿਕਾਰਯੋਗ ਸੀਨੀਅਰ ਸਿਟੀਜ਼ਨ ਆਪਣੇ ਹੱਕਾਂ ਲਈ ਸੜਕਾਂ ‘ਤੇ ਰੁਲਣ ਲਈ ਮਜਬੂਰ ਹਨ, ਜੋ ਕਿ ਬਜ਼ੁਰਗਾਂ ਦਾ ਸਿੱਧਾ ਅਪਮਾਨ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਜੇ ਸਾਂਪਲਾ ਨੇ ਕਿਹਾ ਕਿ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਸਪੱਸ਼ਟ ਸਿਫ਼ਾਰਸ਼ ਕੀਤੀ ਗਈ ਸੀ ਕਿ ਪੈਨਸ਼ਨਰਾਂ ਦੀਆਂ ਪੈਨਸ਼ਨਾਂ ਵਿੱਚ 2.59 ਗੁਣਾਂਕ ਦੇ ਹਿਸਾਬ ਨਾਲ ਸੋਧ ਕੀਤੀ ਜਾਵੇ। ਪਰ ਮੌਜੂਦਾ ਸੂਬਾ ਸਰਕਾਰ ਨੇ ਇਸ ਸਿਫ਼ਾਰਸ਼ ਨੂੰ ਦਰਕਿਨਾਰ ਕਰਦਿਆਂ ਘੱਟ ਦਰ ਨਾਲ ਪੈਨਸ਼ਨਾਂ ਸੋਧ ਕੇ ਬਜ਼ੁਰਗਾਂ ਦੀ ਜੇਬ ‘ਤੇ ਵੱਡਾ ਡਾਕਾ ਮਾਰਿਆ ਹੈ, ਜਿਸ ਨਾਲ ਉਨ੍ਹਾਂ ਨੂੰ ਹਰ ਮਹੀਨੇ ਭਾਰੀ ਵਿੱਤੀ ਨੁਕਸਾਨ ਝੱਲਣਾ ਪੈ ਰਿਹਾ ਹੈ। ਉਨ੍ਹਾਂ ਅਫ਼ਸੋਸ ਪ੍ਰਗਟ ਕਰਦਿਆਂ ਕਿਹਾ ਕਿ ਜਿਹੜੇ ਮੁਲਾਜ਼ਮਾਂ ਨੇ ਆਪਣੀ ਸਾਰੀ ਜਵਾਨੀ ਸੂਬੇ ਦੀ ਸੇਵਾ ਦੇ ਲੇਖੇ ਲਾ ਦਿੱਤੀ, ਅੱਜ ਜ਼ਿੰਦਗੀ ਦੇ ਆਖ਼ਰੀ ਪੜਾਅ ‘ਤੇ ਸਰਕਾਰ ਉਨ੍ਹਾਂ ਨੂੰ ਖੱਜਲ-ਖੁਆਰ ਕਰ ਰਹੀ ਹੈ।
ਸਾਂਪਲਾ ਨੇ ਸਰਕਾਰ ਦੇ ਅੜੀਅਲ ਵਤੀਰੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਇੱਕ ਪਾਸੇ ਤਾਂ ਪੈਨਸ਼ਨਰਾਂ ਨੂੰ 2.59 ਗੁਣਾਂਕ ਦਾ ਲਾਭ ਨਹੀਂ ਦਿੱਤਾ ਜਾ ਰਿਹਾ ਅਤੇ ਦੂਜੇ ਪਾਸੇ ਉਨ੍ਹਾਂ ਦਾ ਬਣਦਾ ਮਹਿੰਗਾਈ ਭੱਤਾ (ਡੀ.ਏ.) ਵੀ ਰੋਕ ਕੇ ਹੱਕ ਖੋਹਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗ ਪੈਨਸ਼ਨਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ ਅਤੇ ਹੁਣ ਉਨ੍ਹਾਂ ਨੂੰ ਆਪਣੀ ਲੜਾਈ ਮਾਣਯੋਗ ਹਾਈਕੋਰਟ ਵਿੱਚ ਲੜਨੀ ਪੈ ਰਹੀ ਹੈ, ਪਰ ਸਰਕਾਰ ਦੇ ਕੰਨਾਂ ‘ਤੇ ਜੂੰ ਤੱਕ ਨਹੀਂ ਸਰਕ ਰਹੀ।
ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਉਨ੍ਹਾਂ ਦੇ ਪੁਰਾਣੇ ਵਾਅਦੇ ਯਾਦ ਕਰਵਾਉਂਦਿਆਂ ਸਾਬਕਾ ਭਾਜਪਾ ਪ੍ਰਧਾਨ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ‘ਆਪ’ ਆਗੂ ਪੈਨਸ਼ਨਰਾਂ ਨੂੰ ਹਰ ਤਰ੍ਹਾਂ ਦਾ ਇਨਸਾਫ਼ ਦੇਣ ਦੇ ਵੱਡੇ-ਵੱਡੇ ਦਾਅਵੇ ਕਰਦੇ ਸਨ ਪਰ ਸਰਕਾਰ ਬਣਨ ਤੋਂ ਬਾਅਦ ਪਿਛਲੇ ਪੌਣੇ ਪੰਜ ਸਾਲਾਂ ਦੌਰਾਨ ਇਸ ਵਰਗ ਨਾਲ ਸਰਾਸਰ ਵਾਅਦਾਖ਼ਿਲਾਫ਼ੀ ਅਤੇ ਧ੍ਰੋਹ ਕਮਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹਰ ਵਰਗ ਨੂੰ ਨਿਰਾਸ਼ ਕੀਤਾ ਹੈ ਅਤੇ ਲੱਖਾਂ ਪਰਿਵਾਰਾਂ ਨੂੰ ਕਾਨੂੰਨੀ ਤੇ ਸੜਕੀ ਸੰਘਰਸ਼ਾਂ ਦੇ ਰਾਹ ਪੈਣ ਲਈ ਮਜਬੂਰ ਕੀਤਾ ਹੈ।
ਅੰਤ ਵਿੱਚ ਵਿਜੇ ਸਾਂਪਲਾ ਨੇ ਪੈਨਸ਼ਨਰ ਵਰਗ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਮੁਲਾਜ਼ਮਾਂ ਅਤੇ ਸੀਨੀਅਰ ਸਿਟੀਜ਼ਨਾਂ ਦੇ ਹੱਕਾਂ ਨਾਲ ਖੜ੍ਹੀ ਹੈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ‘ਤੇ ਪਹਿਲ ਦੇ ਆਧਾਰ ‘ਤੇ ਪੈਨਸ਼ਨਰਾਂ ਦੀ 2.59 ਗੁਣਾਂਕ ਦੀ ਚਿਰੋਕਣੀ ਮੰਗ ਨੂੰ ਪੂਰਾ ਕੀਤਾ ਜਾਵੇਗਾ ਅਤੇ ਇਸ ਦੇ ਨਾਲ ਹੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਹੋਰ ਸਾਰੇ ਜਾਇਜ਼ ਮਸਲਿਆਂ ਦਾ ਵੀ ਸਥਾਈ ਹੱਲ ਕੱਢਿਆ ਜਾਵੇਗਾ

