ਕਿਹਾ, ਪ੍ਰਾਜੈਕਟ ਸਦਕਾ ਇਲਾਕਾ ਵਾਸੀਆਂ ਦੀਆਂ ਸੀਵਰੇਜ ਸਬੰਧੀ ਸਮੱਸਿਆਵਾਂ ਹੱਲ ਹੋਣਗੀਆਂ
ਜਲੰਧਰ 27 ਦਸੰਬਰ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਮੇਅਰ ਵਿਨੀਤ ਧੀਰ ਨੇ ਅੱਜ ਵਾਰਡ ਨੰਬਰ 40 ਵਿੱਚ ਪੈਂਦੀ ਮੇਜਰ ਕਲੋਨੀ ਅਤੇ ਦਸਮੇਸ਼ ਕਲੋਨੀ ਵਿੱਚ 42 ਲੱਖ ਰੁਪਏ ਦੇ ਨਵੇਂ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰਾਜੈਕਟ ਦਾ ਉਦੇਸ਼ ਇਨ੍ਹਾਂ ਇਲਾਕਿਆਂ ਦੇ ਵਸਨੀਕਾਂ ਨੂੰ ਸੀਵਰੇਜ ਨਾਲ ਸਬੰਧਤ ਸਮੱਸਿਆਵਾਂ ਦਾ ਸਥਾਈ ਹੱਲ ਪ੍ਰਦਾਨ ਕਰਨਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪ੍ਰਾਜੈਕਟ ਨਾਲ ਇਲਾਕੇ ਦੇ ਵਿਕਾਸ ਨੂੰ ਨਵੀਂ ਗਤੀ ਮਿਲੇਗੀ ਅਤੇ ਸ਼ਹਿਰੀ ਬੁਨਿਆਦੀ ਢਾਂਚਾ ਹੋਰ ਬਿਹਤਰ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਹਿਤੈਸ਼ੀ ਪਹੁੰਚ ਅਪਣਾਈ ਹੈ ਅਤੇ ਜ਼ਮੀਨੀ ਪੱਧਰ ‘ਤੇ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।
ਸ਼੍ਰੀ ਭਗਤ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਭਰ ਵਿੱਚ ਸੀਵਰੇਜ, ਸੜਕਾਂ ਅਤੇ ਪਾਣੀ ਦੀ ਸਪਲਾਈ ਨਾਲ ਸਬੰਧਤ ਹੋਰ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਨੇ ਸ਼ਹਿਰੀ ਬੁਨਿਆਦੀ ਢਾਂਚੇ ਅਤੇ ਨਾਗਰਿਕਾਂ ਦੀ ਸਹੂਲਤ ਵਿੱਚ ਵਾਧਾ ਕਰਨ ਕਈ ਵਿਕਾਸ ਪ੍ਰਾਜੈਕਟਾਂ ਨੂੰ ਸਰਗਰਮੀ ਨਾਲ ਸ਼ੁਰੂ ਕਰਨ ਲਈ ਜਲੰਧਰ ਨਗਰ ਨਿਗਮ ਦੀ ਸ਼ਲਾਘਾ ਵੀ ਕੀਤੀ।
ਇਸ ਮੌਕੇ ਬੋਲਦਿਆਂ ਮੇਅਰ ਵਿਨੀਤ ਧੀਰ ਨੇ ਕਿਹਾ ਕਿ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਅਤੇ ਗੁਣਵੱਤਾਪੂਰਨ ਢੰਗ ਨਾਲ ਪੂਰਾ ਕਰਨਾ ਨਗਰ ਨਿਗਮ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਅੱਗੇ ਕਿਹਾ ਕਿ ਅਧਿਕਾਰੀਆਂ ਨੂੰ ਨਿਰਧਾਰਤ ਸਮਾਂ-ਸੀਮਾ ਦੀ ਪਾਲਣਾ ਕਰਨ ਅਤੇ ਨਿਰਮਾਣ ਕਾਰਜਾਂ ਵਿੱਚ ਉੱਚ ਮਿਆਰਾਂ ਨੂੰ ਕਾਇਮ ਰੱਖਣ ਲਈ ਪਹਿਲਾਂ ਹੀ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ।
ਇਸ ਦੌਰਾਨ ਮੇਜਰ ਕਲੋਨੀ ਅਤੇ ਦਸਮੇਸ਼ ਕਲੋਨੀ ਦੇ ਵਸਨੀਕਾਂ ਨੇ ਕੈਬਨਿਟ ਮੰਤਰੀ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਦਾ ਉਨ੍ਹਾਂ ਦੀ ਮੰਗ ਨੂੰ ਪੂਰਾ ਕਰਨ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਪ੍ਰਾਜੈਕਟ ਨਾਲ ਇਲਾਕੇ ਦੇ ਲੋਕਾਂ ਨੂੰ ਰਾਹਤ ਮਿਲੇਗੀ।

