Wed. Aug 26th, 2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਨਕੋਦਰ ਦੇ ਪਿੰਡਾਂ ਲਈ 5.50 ਕਰੋੜ ਰੁਪਏ ਦੀ ਲਾਗਤ ਵਾਲੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ

ਬਰਿੰਦਰ ਕੁਮਾਰ ਗੋਇਲ

ਹੁਣ 4017 ਏਕੜ ਰਕਬੇ ਨੂੰ ਸਿੰਜਾਈ ਲਈ ਮਿਲੇਗਾ ਪਾਣੀ

ਕਿਹਾ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਤੇ ਸੂਬੇ ਦੇ ਸਿੰਚਾਈ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕਰ ਰਹੀ ਕੰਮ

ਨਕੋਦਰ (ਜਲੰਧਰ), 26 ਅਗਸਤ : ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਹਲਕਾ ਨਕੋਦਰ ਵਿਖੇ 5.50 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋਏ ਸਿੰਚਾਈ ਸਬੰਧੀ ਕਾਰਜਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਸੂਬੇ ਦੇ ਸਿੰਚਾਈ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਰਹੀ ਹੈ।

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਮੌਜੂਦਗੀ ਵਿੱਚ ਪਿੰਡ ਮਵਈ ਵਿਖੇ ਇਨ੍ਹਾਂ ਕੰਮਾਂ ਦਾ ਉਦਘਾਟਨ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਨਕੋਦਰ ਵਿੱਚ ਬਿਸਤ-ਦੁਆਬ ਨਹਿਰੀ ਸਿਸਟਮ ਅਧੀਨ 3.76 ਕਰੋੜ ਰੁਪਏ ਦੀ ਲਾਗਤ ਨਾਲ 18.01 ਕਿਲੋਮੀਟਰ ਲੰਬਾਈ ਵਾਲੇ ਪੱਕੇ ਖਾਲੇ ਅਤੇ 1.74 ਕਰੋੜ ਰੁਪਏ ਦੀ ਲਾਗਤ ਨਾਲ 11.45 ਕਿਲੋਮੀਟਰ ਜ਼ਮੀਨਦੋਜ਼ ਪਾਈਪ ਲਾਈਨ ਦਾ ਕੰਮ ਮੁਕੰਮਲ ਕੀਤਾ ਗਿਆ ਹੈ।

ਸ਼੍ਰੀ ਗੋਇਲ ਨੇ ਦੱਸਿਆ ਕਿ 5.50 ਕਰੋੜ ਰੁਪਏ ਦੀ ਲਾਗਤ ਨਾਲ ਪੱਕੇ ਖਾਲੇ ਅਤੇ ਜ਼ਮੀਨਦੋਜ਼ ਪਾਈਪ ਲਾਈਨ ਨਾਲ ਹੁਣ ਕਰੀਬ 4017 ਏਕੜ ਜ਼ਮੀਨ ਨੂੰ ਪਾਣੀ ਮਿਲੇਗਾ, ਜਿਹੜਾ ਪਹਿਲਾਂ 1265 ਏਕੜ ਜ਼ਮੀਨ ਨੂੰ ਮਿਲਦਾ ਸੀ।

ਉਨ੍ਹਾਂ ਕਿਹਾ ਕਿ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣਾ ਅਤੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣਾ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਿਥੇ ਟੇਲਾਂ ’ਤੇ ਨਹਿਰੀ ਪਾਣੀ ਪਹੁੰਚਾਇਆ ਜਾ ਰਿਹਾ ਹੈ ਉਥੇ ਧਰਤੀ ਹੇਠਲੇ ਪਾਣੀ ਨੂੰ ਰੀਚਾਰਜ ਕਰਨ ਦੇ ਉਪਰਾਲਿਆਂ ਤਹਿਤ 2 ਲੱਖ 30 ਹਜ਼ਾਰ ਲੀਟਰ ਪਾਣੀ ਰੀਚਾਰਜ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਪੰਜਾਬ ਵਿਚਲੀਆਂ 1117 ਮਾਇਨਰਾਂ ਤੇ ਰਜਬਾਹਿਆਂ ਵਿੱਚ ਅੱਜ 39 ਹਜ਼ਾਰ ਕਿਊਸਿਕ ਪਾਣੀ ਵਹਿ ਰਿਹਾ ਹੈ, ਜੋ ਕਿ ਰਿਕਾਰਡ ਵਾਧਾ ਹੈ ਅਤੇ ਕਿਸਾਨਾਂ ਦੇ ਖੇਤਾਂ ਵਿੱਚ ਟੇਲਾਂ ਤੱਕ ਨਹਿਰੀ ਪਾਣੀ ਪਹੁੰਚਣਾ ਸੰਭਵ ਹੋਇਆ ਹੈ।
ਸ਼੍ਰੀ ਗੋਇਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਸਿੰਚਾਈ ਲਈ ਨਹਿਰੀ ਪਾਣੀ ਦੀ ਵਰਤੋਂ ਦੇ ਮਾਮਲੇ ਵਿੱਚ ਸਵੈ-ਨਿਰਭਰ ਬਣਾਉਣ ਲਈ 7500 ਕਰੋੜ ਰੁਪਏ ਦੀ ਵੱਡੀ ਰਾਸ਼ੀ ਖਰਚ ਕੀਤੀ ਗਈ ਹੈ, ਜਿਸ ਸਦਕਾ ਸੂਬੇ ਵਿੱਚ ਧਰਤੀ ਹੇਠਲੇ ਪਾਣੀ, ਬਿਜਲੀ ਅਤੇ ਹੋਰ ਖੇਤੀਬਾੜੀ ਸਰੋਤਾਂ ਨੂੰ ਬਚਾਉਣ ਵਿੱਚ ਮਦਦ ਮਿਲੀ ਹੈ।

ਇਸ ਮੌਕੇ ਵਿਧਾਇਕ ਇੰਦਰਜੀਤ ਕੌਰ ਮਾਨ ਨੇ ਨਕੋਦਰ ਨੂੰ ਇਸ ਪ੍ਰਾਜੈਕਟ ਲਈ ਪੰਜਾਬ ਸਰਕਾਰ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਿਸਾਨਾਂ ਦੀਆਂ ਦੁੱਖ ਤਕਲੀਫ਼ਾਂ ਸੁਣਦਿਆਂ ਖੇਤਾਂ ਵਿੱਚ ਟੇਲਾਂ ’ਤੇ ਪਾਣੀ ਪਹੁੰਚਾਉਣ ਦਾ ਕੰਮ ਕੀਤਾ ਹੈ।

ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਦਰਸ਼ਨ ਸਿੰਘ ਟਾਹਲੀ ਤੋਂ ਇਲਾਵਾ ਹੋਰ ਵੱਖ-ਵੱਖ ਸ਼ਖਸੀਅਤਾਂ ਵੀ ਮੌਜੂਦ ਸਨ।

By admin

Related Post