Breaking
Tue. Jul 15th, 2025

ਕੈਬਨਿਟ ਮੰਤਰੀ ਨੇ ਨੌਜਵਾਨਾਂ ਨੂੰ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਵਲੋਂ ਦਰਸਾਏ ਨਿਆਂ, ਸਮਾਨਤਾ ਤੇ ਸੱਚਾਈ ਦੇ ਮਾਰਗ ‘ਤੇ ਚੱਲਣ ਦਾ ਦਿੱਤਾ ਸੱਦਾ

ਭਗਵਾਨ ਸ਼੍ਰੀ ਪਰਸ਼ੂਰਾਮ

ਭਗਵਾਨ ਸ਼੍ਰੀ ਪਰਸ਼ੂਰਾਮ ਧਰਮ, ਨਿਆਂ ਤੇ ਤਿਆਗ ਦੇ ਪ੍ਰਤੀਕ: ਅਮਨ ਅਰੋੜਾ

ਕੈਬਨਿਟ ਮੰਤਰੀ ਵੱਲੋਂ ਜਲੰਧਰ ਦੇ ਚੌਕ ਦਾ ਨਾਂ ਭਗਵਾਨ ਸ਼੍ਰੀ ਪਰਸ਼ੂਰਾਮ ਦੇ ਨਾਂਅ ‘ਤੇ ਰੱਖਣ ਦਾ ਐਲਾਨ

ਜਲੰਧਰ 29 ਅਪ੍ਰੈਲ (ਜਸਵਿੰਦਰ ਸਿੰਘ ਆਜ਼ਾਦ)- ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਆਦਰਸ਼ ਅਤੇ ਸਦਭਾਵਨਾਪੂਰਣ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਵੱਲੋਂ ਦਰਸਾਏ ਨਿਆਂ, ਸਮਾਨਤਾ ਅਤੇ ਸੱਚਾਈ ਦੇ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ।

ਕੈਬਨਿਟ ਮੰਤਰੀ ਭਗਵਾਨ ਸ਼੍ਰੀ ਪਰਸ਼ੂਰਾਮ ਜਯੰਤੀ ਮੌਕੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਸਥਾਨਕ ਕੇ.ਐਮ.ਵੀ. ਕਾਲਜ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਸ਼ੁਭ ਮੌਕੇ ਲੋਕਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਮਾਣ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਪਹਿਲੀ ਵਾਰ ਭਗਵਾਨ ਸ਼੍ਰੀ ਪਰਸ਼ੂਰਾਮ ਜਯੰਤੀ ਮੌਕੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਨੇ ਜਲੰਧਰ ਵਿੱਚ ਇਹ ਰਾਜ ਪੱਧਰੀ ਸਮਾਗਮ ਕਰਵਾਉਣ ਲਈ ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੀ ਸ਼ਲਾਘਾ ਕੀਤੀ।

ਜਲੰਧਰ ਸ਼ਹਿਰ ਵਿੱਚ ਇੱਕ ਨਵੇਂ ਚੌਕ ਦਾ ਨਾਮ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦੇ ਨਾਂਅ ‘ਤੇ ਰੱਖਣ ਦਾ ਐਲਾਨ ਵੀ ਕੀਤਾ

ਭਗਵਾਨ ਸ਼੍ਰੀ ਪਰਸ਼ੂਰਾਮ ਜੀ ਨੂੰ ਭਗਤੀ ਅਤੇ ਸ਼ਕਤੀ ਦਾ ਦੈਵੀ ਸੁਮੇਲ ਦੱਸਦਿਆਂ ਸ਼੍ਰੀ ਅਰੋੜਾ ਨੇ ਕਿਹਾ ਕਿ ਉਨ੍ਹਾਂ ਦਾ ਅਨਿਆਂ ਵਿਰੁੱਧ ਖੜ੍ਹੇ ਹੋਣ ਦਾ ਸੰਦੇਸ਼ ਪਹਿਲਾਂ ਨਾਲੋਂ ਕਿਤੇ ਜ਼ਿਆਦਾ ਪ੍ਰਸੰਗਿਕ ਹੈ। ਉਨ੍ਹਾਂ ਜਲੰਧਰ ਸ਼ਹਿਰ ਵਿੱਚ ਇੱਕ ਨਵੇਂ ਚੌਕ ਦਾ ਨਾਮ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦੇ ਨਾਂਅ ‘ਤੇ ਰੱਖਣ ਦਾ ਐਲਾਨ ਵੀ ਕੀਤਾ।

ਕੈਬਨਿਟ ਮੰਤਰੀ ਨੇ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਭਾਰਤ ਦੀ ਵਿਸ਼ਾਲ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਨਾਲ ਜੋੜਨ ਲਈ ਭਵਿੱਖ ਵਿੱਚ ਵੀ ਅਜਿਹੇ ਸਮਾਗਮ ਕਰਵਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਜਿਹੇ ਸਮਾਗਮ ਦੇਸ਼ ਦੇ ਅਮੀਰ ਸੱਭਿਆਚਾਰਕ ਅਤੇ ਧਾਰਮਿਕ ਇਤਿਹਾਸ ਨੂੰ ਕਾਇਮ ਰੱਖਣ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਉਂਦੇ ਹਨ।

ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਇਤਿਹਾਸਕ ਪਹਿਲਕਦਮੀ ਲਈ ਸ਼ਲਾਘਾ ਕੀਤੀ।

ਸਮਾਰੋਹ ਦੀ ਸ਼ੁਰੂਆਤ ਕੈਬਨਿਟ ਮੰਤਰੀ ਅਮਨ ਅਰੋੜਾ, ਸਲਾਹਕਾਰ ਦੀਪਕ ਬਾਲੀ, ਵਿਧਾਇਕ ਰਮਨ ਅਰੋੜਾ, ਜਲੰਧਰ ਇੰਪਰੂਵਮੈਂਟ ਟਰੱਸਟ ਦੀ ਚੇਅਰਪਰਸਨ ਰਾਜਵਿੰਦਰ ਕੌਰ ਥਿਆੜਾ ਅਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਜੋਤੀ ਜਗਾਉਣ ਨਾਲ ਹੋਈ।

ਇਸ ਦੌਰਾਨ ਬੁਲਾਰਿਆਂ ਨੇ ਭਗਵਾਨ ਸ਼੍ਰੀ ਪਰਸ਼ੂਰਾਮ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਚਾਨਣਾ ਪਾਇਆ ਅਤੇ ਨੌਜਵਾਨਾਂ ਨੂੰ ਉਨ੍ਹਾਂ ਦੇ ਆਦਰਸ਼ਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਇਸ ਤੋਂ ਪਹਿਲਾਂ ਬ੍ਰਾਹਮਣ ਭਾਈਚਾਰੇ ਦੇ ਕਈ ਪ੍ਰਮੁੱਖ ਮੈਂਬਰਾਂ, ਜਿਨ੍ਹਾਂ ਵਿੱਚ ਸੁਰਦਰਸ਼ਨ ਸ਼ਰਮਾ, ਡਾ. ਵੀ.ਕੇ. ਵਾਸੂਦੇਵ, ਰਾਜਿੰਦਰ ਸ਼ਰਮਾ, ਵਿਨੋਦ ਕੁਮਾਰ ਦੱਤਾ ਅਤੇ ਭਾਰਤ ਭੂਸ਼ਣ ਸ਼ਰਮਾ ਸ਼ਾਮਲ ਹਨ, ਨੂੰ ਸਮਾਜ, ਖਾਸ ਕਰ ਸਿਹਤ ਅਤੇ ਸਿੱਖਿਆ ਖੇਤਰਾਂ ਵਿੱਚ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਸਮਾਗਮ ਦੀ ਸਮਾਪਤੀ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦੀ ਆਰਤੀ ਨਾਲ ਹੋਈ।

By admin

Related Post