6.5 ਲੱਖ ਰੁਪਏ ਦੀ ਲਾਗਤ ਨਾਲ ਪਾਰਕ ਦੇ ਸੁੰਦਰੀਕਰਨ ਦੇ ਕੰਮ ਨੂੰ ਕੀਤਾ ਜਾਵੇਗਾ ਮੁਕੰਮਲ
ਜਲੰਧਰ 18 ਦਸੰਬਰ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਦੇ ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ ਭਲਾਈ ਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਮਾਡਲ ਹਾਊਸ ਦੇ ਕੇ.ਪੀ.ਨਗਰ ਵਿਖੇ 6.5 ਲੱਖ ਰੁਪਏ ਦੀ ਲਾਗਤ ਨਾਲ ਪਾਰਕ ਦੇ ਸੁੰਦਰੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਮੇਅਰ ਨਗਰ ਨਿਗਮ ਵਨੀਤ ਧੀਰ ਵੀ ਮੌਜੂਦ ਸਨ। ਪਾਰਕ ਦੇ ਸੁੰਦਰੀਕਰਨ ਦਾ ਨੀਂਹ ਪੱਥਰ ਰੱਖਣ ਉਪਰੰਤ ਲੋਕਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪਾਰਕ ਦੇ ਸੁੰਦਰੀਕਰਨ ਅਤੇ ਇਸ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਹੋਣ ਨਾਲ ਲੋਕਾਂ ਨੂੰ ਪਾਰਕ ਵਿੱਚ ਸਵੇਰ ਤੇ ਸ਼ਾਮ ਦੀ ਸੈਰ ਕਰਨ ਤੋਂ ਇਲਾਵਾ ਸਰੀਰਕ ਕਸਰਤ ਕਰਨ ਵਿੱਚ ਹੋਰ ਸਹੂਲਤ ਮਿਲੇਗੀ।
ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਜਲੰਧਰ ਸ਼ਹਿਰ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਕਰਕੇ ਇਸ ਨੂੰ ਇਕ ਨਵੀਂ ਦਿੱਖ ਮਿਲ ਰਹੀ ਹੈ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਸਾਫ਼-ਸੁਥਰਾ ਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰ ਵਿੱਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਲਈ ਵੱਡੇ ਪੱਧਰ ’ਤੇ ਫੰਡ ਜਾਰੀ ਕੀਤੇ ਜਾ ਰਹੇ ਹਨ।
ਫੰਡਾਂ ਦੀ ਕੋਈ ਕਮੀ ਨਹੀਂ ਹੈ
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸ਼ਹਿਰ ਨੂੰ ਹੋਰ ਖੂਬਸੂਰਤ ਤੇ ਬੁਨਿਆਦੀ ਢਾਂਚੇ ਪਖੋਂ ਹੋਰ ਮਜਬੂਤ ਬਣਾਉਣ ਲਈ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਇਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।
ਇਸ ਮੌਕੇ ਮੇਅਰ ਵਨੀਤ ਧੀਰ ਨੇ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਲਗਾਤਾਰ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਪਾਰਕਾਂ ਅਤੇ ਚੌਕਾਂ ਦੇ ਸੁੰਦਰੀਕਰਨ ਕੀਤੇ ਜਾ ਰਹੇ ਹਨ ਜੋ ਸ਼ਹਿਰ ਨੂੰ ਹੋਰ ਵੀ ਖੂਬਸੂਰਤ ਦਿੱਖ ਪ੍ਰਦਾਨ ਕਰ ਰਹੇ ਹਨ। ਇਸ ਮੌਕੇ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਵਲੋਂ ਸ਼ਹਿਰ ਨੂੰ ਬੁਨਿਆਦੀ ਢਾਂਚੇ ਪਖੋਂ ਮਜ਼ਬੂਤ ਬਣਾਉਣ ਲਈ ਸ਼ੁਰੂ ਕੀਤੀਆਂ ਪਹਿਲਕਦਮੀਆਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸ਼ਹਿਰ ਦਾ ਜੋ ਵਿਕਾਸ ਉਹਨਾਂ ਨੂੰ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸਮੇਂ ਦੇਖਣ ਨੂੰ ਮਿਲ ਰਿਹਾ ਹੈ ਉਹ ਪਹਿਲਾਂ ਕਦੇ ਨਹੀਂ ਦੇਖਿਆ ਗਿਆ।

