ਹਸਪਤਾਲ ’ਚ ਮਰੀਜ਼ਾਂ ਲਈ ਉਪਲਬਧ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ
ਪੰਜਾਬ ਸਰਕਾਰ ਦੀ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਨੂੰ ਇਤਿਹਾਸਕ ਕਦਮ ਕਰਾਰ ਦਿੱਤਾ
ਜਲੰਧਰ 9 ਜੁਲਾਈ (ਨਤਾਸ਼ਾ)- ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਯਕੀਨੀ ਬਣਾਉਣ ਦੇ ਮੰਤਵ ਨਾਲ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਥਾਨਕ ਈ.ਐਸ.ਆਈ. ਹਸਪਤਾਲ ਦਾ ਅਚਨਚੇਤ ਨਿਰੀਖਣ ਕੀਤਾ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਨੇ ਓ.ਪੀ.ਡੀ., ਐਮਰਜੈਂਸੀ, ਅੱਖਾਂ, ਹੱਡੀਆਂ, ਦੰਦਾਂ, ਮੈਡੀਸਨ ਅਤੇ ਸਰਜਰੀ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦਾ ਦੌਰਾ ਕਰਦਿਆਂ ਹਸਪਤਾਲ ਵਿੱਚ ਮਰੀਜ਼ਾਂ ਲਈ ਉਪਲਬਧ ਸਿਹਤ ਸਹੂਲਤਾਂ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਵਾਰਡਾਂ ਵਿੱਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਵੀ ਕੀਤੀ ਅਤੇ ਹਸਪਤਾਲ ਵਿਚ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਉਨ੍ਹਾਂ ਦਾ ਫੀਡਬੈਕ ਹਾਸਲ ਕੀਤਾ।
ਸ਼੍ਰੀ ਭਗਤ ਨੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ’ਤੇ ਤਸੱਲੀ ਪ੍ਰਗਟ ਕਰਦਿਆਂ ਹਸਪਤਾਲ ਦੇ ਅਧਿਕਾਰੀਆਂ ਨੂੰ ਇਨ੍ਹਾਂ ਨੂੰ ਹੋਰ ਬਿਹਤਰ ਬਣਾਉਣ ਲਈ ਕਿਹਾ ਤਾਂ ਜੋ ਈ.ਐਸ.ਆਈ. ਲਾਭਪਾਤਰੀਆਂ ਨੂੰ ਸਮੇਂ ਸਿਰ, ਅਸਰਦਾਰ ਅਤੇ ਮਿਆਰੀ ਸਿਹਤ ਸੇਵਾਵਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਹਰੇਕ ਕਿਰਤੀ, ਜੋ ਈ.ਐਸ.ਆਈ. ਵਿੱਚ ਆਪਣਾ ਨਿਯਮਿਤ ਯੋਗਦਾਨ ਦਿੰਦਾ ਹੈ, ਉਸ ਨੂੰ ਬਿਹਤਰੀਨ ਸਿਹਤ ਸੇਵਾਵਾਂ ਮਿਲਣੀਆਂ ਚਾਹੀਦੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਇੰਪਲਾਈਜ਼ ਸਟੇਟ ਇੰਸ਼ੋਰੈਂਸ ਕਾਰਪੋਰੇਸ਼ਨ (ਈ.ਐਸ.ਆਈ.ਸੀ.) ਦੀਆਂ ਸਿਹਤ ਸਬੰਧੀ ਯੋਜਨਾਵਾਂ ਅਤੇ ਸਹੂਲਤਾਂ ਬਾਰੇ ਕਿਰਤੀਆਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ’ਤੇ ਵੀ ਜ਼ੋਰ ਦਿੱਤਾ।
ਬਿਨਾਂ ਕਿਸੇ ਪੱਖ-ਪਾਤ ਦੇ ਇਸ ਯੋਜਨਾ ਨੂੰ ਲਾਗੂ ਕਰਦਿਆਂ ਸੂਬੇ ਦੇ ਹਰ ਘਰ ਵਿੱਚ ਸਿਹਤ ਕਾਰਡ ਬਣਾਉਣਾ ਯਕੀਨੀ ਬਣਾਇਆ ਜਾਵੇਗਾ
ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿਹਤ ਦੇ ਖੇਤਰ ਨੂੰ ਹਮੇਸ਼ਾ ਪਹਿਲੀ ਤਰਜੀਹ ਦਿੱਤੀ ਹੈ ਅਤੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸਾਰੇ ਨਾਗਰਿਕਾਂ ਨੂੰ 10 ਲੱਖ ਰੁਪਏ ਦਾ ਸਿਹਤ ਬੀਮਾ ਪ੍ਰਦਾਨ ਦੇ ਫੈਸਲੇ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਵੱਡੀ ਗਿਣਤੀ ਲੋਕ ਉੱਚ ਦਰਜੇ ਦੀਆਂ ਸਿਹਤ ਸੇਵਾਵਾਂ ਦਾ ਲਾਭ ਲੈਣ ਦੇ ਯੋਗ ਹੋ ਸਕਣਗੇ। ਖਾਸ ਕਰ ਉਹ ਲੋਕ ਜਿਹੜੇ ਵਿੱਤੀ ਮੁਸ਼ਕਲਾਂ ਕਾਰਨ ਆਪਣਾ ਇਲਾਜ ਕਰਵਾਉਣ ਤੋਂ ਅਸਮਰੱਥ ਹਨ। ਸ਼੍ਰੀ ਭਗਤ ਨੇ ਕਿਹਾ ਕਿ ਬਿਨਾਂ ਕਿਸੇ ਪੱਖ-ਪਾਤ ਦੇ ਇਸ ਯੋਜਨਾ ਨੂੰ ਲਾਗੂ ਕਰਦਿਆਂ ਸੂਬੇ ਦੇ ਹਰ ਘਰ ਵਿੱਚ ਸਿਹਤ ਕਾਰਡ ਬਣਾਉਣਾ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਮੈਡੀਕਲ ਸੁਪਰਡੈਂਟ ਡਾ. ਵੰਦਨਾ, ਡਾ. ਨਮਿਤਾ ਘਈ, ਡਾ. ਵਿਸ਼ਵਾਸ ਲੂਥਰਾ ਤੋਂ ਇਲਾਵਾ ਹਸਪਤਾਲ ਦਾ ਹੋਰ ਸਟਾਫ਼ ਵੀ ਮੌਜੂਦ ਸੀ।