Breaking
Wed. Mar 18th, 2026

ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਗੀਤਾ ਕਲੋਨੀ ’ਚ 45.30 ਲੱਖ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ

ਮੋਹਿੰਦਰ ਭਗਤ

ਕਿਹਾ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਪੰਜਾਬ ਸਰਕਾਰ

ਜਲੰਧਰ 18 ਮਾਰਚ (ਜਸਵਿੰਦਰ ਸਿੰਘ ਆਜ਼ਾਦ)- ਸ਼ਹਿਰੀ ਬੁਨਿਆਦੀ ਢਾਂਚੇ ਨੂੰ ਹੁਲਾਰਾ ਦਿੰਦਿਆਂ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਥਾਨਕ ਵਾਰਡ ਨੰ. 51 ਦੀ ਗੀਤਾ ਕਲੋਨੀ ਵਿਖੇ 45.30 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਤਵਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਬਿਹਤਰ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲੇ ਦਿਨ ਤੋਂ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਨੂੰ ਪਹਿਲ ਦਿੱਤੀ ਹੈ ਅਤੇ ਇਸ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਲੋਕ-ਪੱਖੀ ਫੈਸਲੇ ਲਏ ਹਨ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਜ਼ ਦੀ ਕੋਈ ਘਾਟ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕਈ ਹੋਰ ਵਿਕਾਸ ਕਾਰਜ ਕਰਵਾਏ ਜਾਣਗੇ।

ਕੰਮ ਦੀ ਗੁਣਵੱਤਾ ਨਾਲ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ

ਸ਼੍ਰੀ ਭਗਤ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੇ ਬਣਨ ਨਾਲ ਜਿਥੇ ਇਲਾਕੇ ਦੇ ਲੋਕਾਂ ਦੀ ਪ੍ਰਮੁੱਖ ਮੰਗ ਪੂਰੀ ਹੋਵੇਗੀ ਉਥੇ ਇਥੋਂ ਲੰਘਣ ਵਾਲਿਆਂ ਲਈ ਆਵਾਜਾਈ ਵੀ ਸੁਖਾਲੀ ਹੋਵੇਗੀ। ਉਨ੍ਹਾਂ ਇਸ ਮੌਕੇ ਅਧਿਕਾਰੀਆਂ ਨੂੰ ਸੜਕਾਂ ਦੇ ਨਿਰਮਾਣ ਕੰਮ ਨਿਰਧਾਰਤ ਮਾਪਦੰਡ ਅਨੁਸਾਰ ਅਤੇ ਤੈਅ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕੰਮ ਦੀ ਗੁਣਵੱਤਾ ਨਾਲ ਕਿਸੇ ਕਿਸਮ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਵਾਰਡ ਇੰਚਾਰਜ ਪ੍ਰਵੀਨ ਗੋਰੀਆ ਅਤੇ ਹੋਰ ਇਲਾਕਾ ਵਾਸੀਆਂ ਨੇ ਸੜਕਾਂ ਦੇ ਨਿਰਮਾਣ ਕੰਮ ਸ਼ੁਰੂ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਇਸ ਨਾਲ ਇਲਾਕਾ ਵਾਸੀਆਂ ਨੂੰ ਕਾਫੀ ਰਾਹਤ ਮਿਲੇਗੀ।

ਇਸ ਮੌਕੇ ਆਪ ਆਗੂ ਸੁਭਾਸ਼ ਗੋਰੀਆ, ਸਤਨਾਮ ਕਲੇਰ, ਆਸ਼ਾ ਧਮਾਟੀਆ, ਦੀਪਕ ਭਗਤ, ਆਸ਼ਾ ਡੋਗਰਾ, ਸੋਨੀਆ ਭਗਤ, ਵਿਕਾਸ ਸੋਨੂੰ, ਸੰਨੀ ਵਿਜ, ਕੇ.ਐਨ. ਭੱਟੀ, ਸੰਧਿਆ, ਕੇਵਲ ਸਿੰਘ ਗਿੱਲ, ਸ਼ਿਵ ਭਗਤ, ਜੋਗਿੰਦਰ ਭਗਤ, ਭੂਸ਼ਣ ਭਗਤ, ਸ਼ੁਭਮ ਸਵਾਲੀਆ, ਰਿੰਕੂ ਭਗਤ, ਜਸਵੀਰ ਕੌਰ, ਰਵਿੰਦਰ ਰਵੀ ਸਮੇਤ ਵੱਡੀ ਗਿਣਤੀ ਵਿੱਚ ਇਲਾਕਾਵਾਸੀ ਮੌਜੂਦ ਸਨ।

By admin

Related Post