ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਡਾਇਰੀਆ ਪ੍ਰਭਾਵਿਤ ਇਲਾਕੇ ਦਾ ਦੌਰਾ

ਮੋਹਿੰਦਰ ਭਗਤ

– ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਨਹੀਂ ਆਉਣ ਦੇਵੇਗੀ ਕੋਈ ਸਮੱਸਿਆ, ਫੌਰੀ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਲਗਾਇਆ ਮੈਡੀਕਲ ਕੈਂਪ

– ਸਿਹਤ ਵਿਭਾਗ ਅਤੇ ਨਗਰ ਨਿਗਮ ਨੂੰ ਤੁਰੰਤ ਬਣਦੀ ਕਰਵਾਈ ਕਰਨ ਦੇ ਦਿੱਤੇ ਨਿਰਦੇਸ਼

ਜਲੰਧਰ 30 ਅਗਸਤ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼ਹਿਰ ਦੇ ਵਾਰਡ ਨੰ. 60 ਵਿਖੇ ਨਿਊ ਗੌਤਮ ਨਗਰ ਦਾ ਦੌਰਾ ਕੀਤਾ, ਜਿਥੇ ਪਿਛਲੇ ਦਿਨੀਂ ਡਾਇਰੀਆ ਦੇ ਕੇਸ ਸਾਹਮਣੇ ਆਏ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ ਅਤੇ ਪ੍ਰਭਾਵਿਤਾਂ ਨੂੰ ਇਲਾਜ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਸ਼੍ਰੀ ਭਗਤ ਨੇ ਕਿਹਾ ਕਿ ਡਾਇਰੀਆ ਦੇ ਕੇਸ ਸਾਹਮਣੇ ਆਉਣ ’ਤੇ ਪ੍ਰਸ਼ਾਸਨ ਵੱਲੋਂ ਤੁਰੰਤ ਅਹਿਤਿਆਤੀ ਕਦਮ ਚੁੱਕਦਿਆਂ ਇਲਾਕੇ ਵਿੱਚ ਬਿਮਾਰੀ ਦੀ ਰੋਕਥਾਮ ਲਈ 24 ਘੰਟੇ ਨਿਗਰਾਨੀ ਦੇ ਨਾਲ-ਨਾਲ ਦਵਾਈਆਂ ਅਤੇ ਪੀਣ ਵਾਲਾ ਸਾਫ਼ ਪਾਣੀ ਉਪਲਬਧ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਫੌਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪ੍ਰਭਾਵਿਤ ਇਲਾਕੇ ਵਿੱਚ ਵਿਸ਼ੇਸ਼ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਸਿਹਤ ਟੀਮਾਂ ਵੱਲੋਂ ਘਰ-ਘਰ ਜਾ ਸਰਵੇ ਵੀ ਕੀਤਾ ਜਾ ਰਿਹਾ ਹੈ, ਤਾਂ ਜੋ ਪੀੜਤ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਦਾ ਸਮੇਂ ਸਿਰ ਇਲਾਜ ਕੀਤਾ ਜਾ ਸਕੇ।

ਕੈਬਨਿਟ ਮੰਤਰੀ ਨੇ ਉਸ ਸਥਾਨ ਦਾ ਜਾਇਜ਼ਾ ਵੀ ਲਿਆ, ਜਿਥੋਂ ਦੂਸ਼ਿਤ ਪਾਣੀ ਦੀ ਸਪਲਾਈ ਕਾਰਨ ਇਹ ਦਿੱਕਤ ਪੈਦਾ ਹੋਈ

ਇਸ ਦੌਰਾਨ ਕੈਬਨਿਟ ਮੰਤਰੀ ਨੇ ਉਸ ਸਥਾਨ ਦਾ ਜਾਇਜ਼ਾ ਵੀ ਲਿਆ, ਜਿਥੋਂ ਦੂਸ਼ਿਤ ਪਾਣੀ ਦੀ ਸਪਲਾਈ ਕਾਰਨ ਇਹ ਦਿੱਕਤ ਪੈਦਾ ਹੋਈ। ਉਨ੍ਹਾਂ ਨਗਰ ਨਿਗਮ ਨੂੰ ਹਦਾਇਤ ਕਰਦਿਆਂ ਕਿਹਾ ਕਿ ਫਾਲਟ ਨੂੰ ਤੁਰੰਤ ਠੀਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਰੀਬ 35 ਵਿਅਕਤੀ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਠੀਕ ਹੋ ਚੁੱਕੇ ਹਨ ਅਤੇ 10-15 ਮਰੀਜ਼ ਸਿਵਲ ਹਸਪਤਾਲ ਵਿਖੇ ਰੈਫ਼ਰ ਕੀਤੇ ਗਏ ਹਨ, ਤਾਂ ਜੋ ਉਨ੍ਹਾਂ ਦਾ ਢੁੱਕਵਾਂ ਇਲਾਜ ਹੋ ਸਕੇ।

ਸਿਹਤ ਵਿਭਾਗ ਨੂੰ ਡਾਇਰੀਆ ਦੀ ਰੋਕਥਾਮ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਹਦਾਇਤ ਕਰਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਮਰੀਜ਼ਾਂ ਦਾ ਸੁਚਾਰੂ ਢੰਗ ਨਾਲ ਇਲਾਜ ਯਕੀਨੀ ਬਣਾਇਆ ਜਾਵੇ ਅਤੇ ਇਲਾਜ ਵਿੱਚ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਣੀ ਚਾਹੀਦੀ। ਉਨ੍ਹਾਂ ਸਿਹਤ ਵਿਭਾਗ ਨੂੰ ਪਾਣੀ ਦੀ ਲਗਾਤਾਰ ਟੈਸਟਿੰਗ ਵੀ ਯਕੀਨੀ ਬਣਾਉਣ ਲਈ ਕਿਹਾ। ਇਸ ਤੋਂ ਇਲਾਵਾ ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਪਾਈਪ ਲਾਈਨ ਦੇ ਫਾਲਟ ਨੂੰ ਜਲਦ ਦਰੁੱਸਤ ਕਰਕੇ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਦੇ ਨਿਰਦੇਸ਼ ਵੀ ਦਿੱਤੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿੱਚ ਅਹਿਤਿਆਤ ਵਰਤਣੀ ਬਹੁਤ ਜ਼ਰੂਰੀ ਹੁੰਦੀ ਹੈ ਕਿਉਂਕਿ ਇਸ ਮੌਸਮ ਵਿੱਚ ਬਿਮਾਰੀਆਂ ਫੈਲਣ ਦਾ ਖ਼ਤਰਾ ਸਭ ਤੋਂ ਵੱਧ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਅਧਿਕਾਰੀਆਂ ਦੀ ਸਲਾਹ ਮੁਤਾਬਕ ਪੀਣ ਵਾਲਾ ਪਾਣੀ ਉਬਾਲ ਕੇ ਜਾਂ ਕਲੋਰੀਨ ਦੀਆਂ ਗੋਲੀਆਂ ਪਾ ਕੇ ਵਰਤਿਆ ਜਾਵੇ।

ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਸ਼ਾਇਰੀ ਮਲਹੋਤਰਾ, ਜੁਆਇੰਟ ਕਮਿਸ਼ਨਰ ਨਗਰ ਨਿਗਮ ਮਨਦੀਪ ਕੌਰ, ਡਾ. ਰਮਨ ਗੁਪਤਾ, ਡਾ. ਰਾਕੇਸ਼ ਚੋਪੜਾ ਤੋਂ ਇਲਾਵਾ ਸਿਹਤ ਵਿਭਾਗ ਅਤੇ ਨਗਰ ਨਿਗਮ ਜਲੰਧਰ ਦੇ ਅਧਿਕਾਰੀ ਅਤੇ ਕੌਂਸਲਰ ਗੁਰਜੀਤ ਸਿੰਘ ਘੁੰਮਣ, ਰਮੇਸ਼ ਰਾਣਾ, ਪਵਨ ਸ਼ਰਮਾ ਵੀ ਮੌਜੂਦ ਸਨ।

By admin

Related Post