Breaking
Fri. Mar 20th, 2026

ਈਦ ਦੀ ਨਮਾਜ਼ ਦੇ ਮੱਦੇਨਜ਼ਰ ਚੇਅਰਮੈਨ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ

ਈਦ ਦੀ ਨਮਾਜ਼

ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧਾਂ ਦਾ ਭਰੋਸਾ ਦਿਵਾਇਆ

ਜਲੰਧਰ 19 ਮਾਰਚ (ਜਸਵਿੰਦਰ ਸਿੰਘ ਆਜ਼ਾਦ)- ਈਦ ਦੀ ਨਮਾਜ਼ ਦੇ ਮੱਦੇਨਜ਼ਰ ਚੇਅਰਮੈਨ ਪੰਜਾਬ ਮੁਸਲਿਮ ਵੈੱਲਫੇਅਰ ਡਿਵੈਲਪਮੈਂਟ ਬੋਰਡ ਅਬਦੁਲ ਬਾਹਰੀ ਸਲਮਾਨੀ ਦੀ ਅਗਵਾਈ ਵਿੱਚ ਸ਼ਹਿਰੀ ਤੇ ਦਿਹਾਤੀ ਖੇਤਰਾਂ ਦੀਆਂ ਮਸਜਿਦਾਂ ਦੇ ਮੁਤਵੱਲੀ, ਪ੍ਰਧਾਨ, ਸਕੱਤਰ ਅਤੇ ਹੋਰ ਮੋਹਤਬਰ ਮੁਸਲਿਮ ਪ੍ਰਤੀਨਿਧੀਆਂ ਦੀ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਹੋਈ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਚੇਅਰਮੈਨ ਅਬਦੁਲ ਬਾਹਰੀ ਸਲਮਾਨੀ ਨੇ ਸਬੰਧਿਤ ਵਿਭਾਗਾਂ ਨੂੰ ਜਲੰਧਰ ਸ਼ਹਿਰ ਅਤੇ ਦਿਹਾਤੀ ਖੇਤਰਾਂ ਦੀਆਂ ਮਸਜਿਦਾਂ ਤੇ ਈਦਗਾਹਾਂ ਵਿੱਚ ਨਮਾਜ਼ ਦੇ ਮੱਦੇਨਜ਼ਰ ਜ਼ਰੂਰੀ ਇੰਤਜ਼ਾਮ ਯਕੀਨੀ ਬਣਾਉਣ ਲਈ ਕਿਹਾ, ਤਾਂ ਜੋ ਈਦ ਦੀ ਨਮਾਜ਼ ਸੁਚਾਰੂ ਢੰਗ ਨਾਲ ਸੰਪੰਨ ਹੋ ਸਕੇ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸੁਚਾਰੂ ਟ੍ਰੈਫਿਕ ਵਿਵਸਥਾ, ਸੁਰੱਖਿਆ ਪ੍ਰਬੰਧਾਂ ਤੋਂ ਇਲਾਵਾ ਸਾਫ-ਸਫਾਈ, ਪੀਣ ਵਾਲੇ ਪਾਣੀ, ਮੋਬਾਇਲ ਟਾਇਲੈਟਸ ਸਮੇਤ ਹੋਰ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਲਈ ਕਿਹਾ, ਤਾਂ ਜੋ ਈਦ ਦੀ ਨਮਾਜ਼ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਕੋਈ ਅਸੁਵਿਧਾ ਨਾ ਹੋਵੇ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਈਦ ਦੀ ਨਮਾਜ਼ ਨੂੰ ਧਿਆਨ ਵਿੱਚ ਰੱਖਦਿਆਂ ਪੁਖ਼ਤਾ ਪ੍ਰਬੰਧ ਇੰਤਜ਼ਾਮ ਕੀਤੇ ਜਾਣਗੇ।

ਮੀਟਿੰਗ ਵਿੱਚ ਐਸ.ਡੀ.ਐਮ. ਨਵਦੀਪ ਸਿੰਘ ਤੋਂ ਇਲਾਵਾ ਪੁਲਿਸ, ਨਗਰ ਨਿਗਮ ਜਲੰਧਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪੰਜਾਬ ਵਕਫ਼ ਬੋਰਡ ਦੇ ਨੁਮਾਇੰਦੇ ਵੀ ਮੌਜੂਦ ਸਨ।

By admin

Related Post