• ਚੈਕਿੰਗ ਦਾ ਉਦੇਸ਼ ਮੱਛੀ ’ਚ ਫੋਰਮਾਲਿਨ ਦੀ ਵਰਤੋਂ ਨੂੰ ਰੋਕਣਾ ਤੇ ਡੇਅਰੀ ਉਤਪਾਦਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣਾ
ਜਲੰਧਰ 19 ਫਰਵਰੀ (ਜਸਵਿੰਦਰ ਸਿੰਘ ਆਜ਼ਾਦ)- ਭੋਜਨ ਵਿੱਚ ਮਿਲਾਵਟ ਨੂੰ ਰੋਕਣ ਲਈ ਚੁੱਕੇ ਜਾ ਰਹੇ ਠੋਸ ਕਦਮਾਂ ਤਹਿਤ ਫੂਡ ਸੇਫ਼ਟੀ ਅਧਿਕਾਰੀਆਂ ਦੀ ਟੀਮ ਵੱਲੋਂ ਅੱਜ ਜਲੰਧਰ ਦੀ ਬਸਤੀ ਅੱਡਾ ਮੱਛੀ ਮਾਰਕੀਟ ਵਿੱਚ ਵੱਡੇ ਪੱਧਰ ’ਤੇ ਚੈਕਿੰਗ ਕੀਤੀ ਗਈ। ਚੈਕਿੰਗ ਦੀ ਅਗਵਾਈ ਕਮਿਸ਼ਨਰ ਅਭਿਨਵ ਤ੍ਰਿਖਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਹਾਇਕ ਕਮਿਸ਼ਨਰ ਫੂਡ ਸੇਫ਼ਟੀ ਡਾ. ਹਰਜੋਤ ਪਾਲ ਸਿੰਘ ਵੱਲੋਂ ਕੀਤੀ ਗਈ। ਟੀਮ ਵਿੱਚ ਫੂਡ ਸੇਫ਼ਟੀ ਅਫ਼ਸਰ ਮੁਕੁਲ ਗਿੱਲ ਅਤੇ ਸੀਨੀਅਰ ਮੱਛੀ ਪਾਲਣ ਅਫ਼ਸਰ ਸ਼ੁਭਵੰਤ ਕੌਰ ਵੀ ਸ਼ਾਮਲ ਸਨ।
ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਚੈਕਿੰਗ ਦੌਰਾਨ ਆਂਧਰਾ ਪ੍ਰਦੇਸ਼ ਅਤੇ ਮਹਾਰਾਸ਼ਟਰ ਵਰਗੇ ਰਾਜਾਂ ਤੋਂ ਆਉਣ ਵਾਲੀ ਕੱਚੀ ਮੱਛੀ ‘ਤੇ ਧਿਆਨ ਕੇਂਦਰਿਤ ਕਰਦੇ ਹੋਏ 7 ਦੁਕਾਨਾਂ ਦੀ ਜਾਂਚ ਕੀਤੀ ਗਈ। ਫੂਡ ਅਤੇ ਡਰੱਗ ਐਡਮਿਨੀਸਟ੍ਰੇਸ਼ਨ, ਪੰਜਾਬ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਆਨ ਦਿ ਸਪਾਟ ਟੈਸਟਿੰਗ ਕਿੱਟਾਂ ਦੀ ਵਰਤੋਂ ਕਰਕੇ ਟੀਮ ਨੇ ਫੋਰਮਾਲਿਨ ਦੀ ਮੌਜੂਦਗੀ ਲਈ ਮੱਛੀਆਂ ਦਾ ਮੁਲਾਂਕਣ ਕੀਤਾ। ਫੋਰਮਾਲਿਨ ਅਜਿਹਾ ਰਸਾਇਣ ਹੈ, ਜੋ ਕਦੇ-ਕਦੇ ‘ਸ਼ੈਲਫ ਲਾਈਫ਼’ ਨੂੰ ਲੰਮਾ ਕਰਨ ਲਈ ਵਰਤਿਆ ਜਾਂਦਾ ਹੈ ਪਰ ਮਨੁੱਖੀ ਸਿਹਤ ਲਈ ਖਤਰਨਾਕ ਹੁੰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਖਪਤਕਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੱਛੀ ਉਤਪਾਦਾਂ ਵਿੱਚ ਫੋਰਮਾਲਿਨ ਦੀ ਵਰਤੋਂ ਨੂੰ ਰੋਕਣ ਕਰਨ ਲਈ ਵਚਨਬੱਧ ਹੈ।
ਉਨ੍ਹਾਂ ਦੱਸਿਆ ਕਿ ਇਕ ਹੋਰ ਕਾਰਵਾਈ ਵਿੱਚ ਫੂਡ ਸੇਫ਼ਟੀ ਅਫ਼ਸਰ ਪ੍ਰਭਜੋਤ ਕੌਰ ਵੱਲੋਂ ਨਕੋਦਰ ਅਤੇ ਸ਼ਾਹਕੋਟ ਖੇਤਰਾਂ ਤੋਂ ਪਨੀਰ ਦੇ ਅੱਠ ਅਤੇ ਫੈਟ ਦਾ ਇੱਕ ਸੈਂਪਲ ਲਿਆ ਗਿਆ ਹੈ। ਇਹ ਨਮੂਨੇ ਭੋਜਨ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਦੀ ਪੁਸ਼ਟੀ ਲਈ ਵਿਸ਼ਲੇਸ਼ਣ ਲਈ ਭੇਜੇ ਗਏ ਹਨ।
ਸਹਾਇਕ ਕਮਿਸ਼ਨਰ ਨੇ ਕਿਹਾ ਕਿ ਅਜਿਹੀਆਂ ਜਾਂਚ ਮੁਹਿੰਮਾਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਸਾਡਾ ਟੀਚਾ ਭੋਜਨ ਵਿੱਚ ਮਿਲਾਵਟ ਨੂੰ ਖ਼ਤਮ ਕਰਨਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਨੂੰ ਸੁਰੱਖਿਅਤ ਅਤੇ ਗੁਣਵੱਤਾ ਵਾਲੇ ਭੋਜਨ ਉਤਪਾਦ ਮਿਲਣ ਤੱਕ ਪਹੁੰਚ ਮਿਲੇ। ਉਨ੍ਹਾਂ ਇਨ੍ਹਾਂ ਯਤਨਾਂ ਵਿੱਚ ਸਹਾਇਤਾ ਕਰਨ ਲਈ ਲੋਕਾਂ ਨੂੰ ਭੋਜਨ ਨਾਲ ਸਬੰਧਤ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਰਿਪੋਰਟ ਅਧਿਕਾਰੀਆਂ ਨੂੰ ਕਰਨ ਲਈ ਉਤਸ਼ਾਹਿਤ ਵੀ ਕੀਤਾ।