ਜਲੰਧਰ 20 ਦਸੰਬਰ (ਜਸਵਿੰਦਰ ਸਿੰਘ ਆਜ਼ਾਦ)- ਮਾਣਯੋਗ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਦੇਸ਼ਾਂ ਦੀ ਪਾਲਣਾ ਹਿੱਤ ਜ਼ਿਲ੍ਹਾ ਪੱਧਰੀ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਬਾਲ ਭਿੱਖਿਆ ਰੋਕਣ ਲਈ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ 10 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਭੀਖ ਮੰਗਣ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਏ ਜਾ ਰਹੇ ‘ਜੀਵਨਜੋਤ ਪ੍ਰਾਜੈਕਟ’ ਤਹਿਤ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ’ਤੇ ਚੈਕਿੰਗ ਕੀਤੀ ਜਾ ਰਹੀ ਹੈ। ਸ਼੍ਰੀ ਸਿੰਘ ਨੇ ਦੱਸਿਆ ਕਿ ਉਨ੍ਹਾਂ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੈ ਭਾਰਤੀ ਦੀ ਅਗਵਾਈ ਵਾਲੀਆਂ ਟੀਮਾਂ ਵੱਲੋਂ ਜਿਥੇ ਜਲੰਧਰ ਸ਼ਹਿਰ ਵਿੱਚ ਬੱਸ ਸਟੈਂਡ ਸਮੇਤ ਵੱਖ-ਵੱਖ ਚੌਕਾਂ ਵਿੱਚ ਛਾਪੇਮਾਰੀ ਕੀਤੀ ਗਈ ਉਥੇ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਬਾਲ ਵਿਕਾਸ ਪ੍ਰਾਜੈਕਟ ਅਫ਼ਸਰਾਂ ਦੀ ਅਗਵਾਈ ਵਿੱਚ ਟੀਮਾਂ ਵੱਲੋਂ ਚੈਕਿੰਗ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ 10 ਬੱਚੇ ਬੈਗਰੀ ਐਕਟ ਤਹਿਤ ਰੈਸਕਿਊ ਕੀਤੇ ਗਏ ਹਨ, ਜਿਨ੍ਹਾਂ ਵਿੱਚ 6 ਲੜਕੀਆਂ ਅਤੇ 4 ਲੜਕੇ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਛੁਡਾਏ ਗਏ ਬੱਚਿਆਂ ਦੀ ਉਮਰ 6-14 ਸਾਲ ਦੇ ਵਿਚਕਾਰ ਹੈ, ਜਿਨ੍ਹਾਂ ਦਾ ਸਿਵਲ ਹਸਪਤਾਲ ਤੋਂ ਮੈਡੀਕਲ ਕਰਵਾਇਆ ਗਿਆ। ਮੈਡੀਕਲ ਉਪਰੰਤ ਬੱਚਿਆਂ ਨੂੰ ਬਾਲ ਭਲਾਈ ਕਮੇਟੀ, ਜਲੰਧਰ ਪਾਸ ਪੇਸ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਾਲ ਭਿੱਖਿਆ ਨੂੰ ਰੋਕਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾ ਦੀ ਪਾਲਣਾ ਹਿੱਤ ਇਹ ਰੈਸਕਿਊ ਰੇਡਜ਼ ਲਗਾਤਾਰ ਜਾਰੀ ਰਹਿਣਗੀਆਂ ਤਾਂ ਜੋ ਜਲੰਧਰ ਨੂੰ ਭਿੱਖਿਆ ਮੁਕਤ ਕੀਤਾ ਜਾ ਸਕੇ।

