ਕਮਿਸ਼ਨਰੇਟ ਪੁਲਿਸ ਜਲੰਧਰ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਚਲਾਇਆ ਸਰਚ ਅਭਿਆਨ

ਯੁੱਧ ਨਸ਼ਿਆਂ ਵਿਰੁੱਧ

ਜਲੰਧਰ 24 ਅਪ੍ਰੈਲ (ਜਸਵਿੰਦਰ ਸਿੰਘ ਆਜ਼ਾਦ)- ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ‘ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ, ਸੰਯੁਕਤ ਪੁਲਿਸ ਕਮਿਸ਼ਨਰ ਸ਼੍ਰੀ ਸੰਦੀਪ ਸ਼ਰਮਾ, ਏਡੀਸੀਪੀ ਹੈੱਡਕੁਆਰਟਰ ਸ਼੍ਰੀ ਸੁਖਵਿੰਦਰ ਸਿੰਘ ਅਤੇ ਏ.ਸੀ.ਪੀ ਵੈਸਟ ਸ਼੍ਰੀ ਸਰਵਨਜੀਤ ਸਿੰਘ ਦੀ ਅਗਵਾਈ ਵਿੱਚ ਸ਼ਹਿਰ ਭਰ ਵਿੱਚ ਵੱਖ-ਵੱਖ ਰਣਨੀਤਕ ਥਾਵਾਂ ‘ਤੇ ਵਿਸ਼ੇਸ਼ ਨਿਰੀਖਣ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ।

ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ ਸੀ.ਪੀ.ਜਲੰਧਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਮੁੱਢਲਾ ਉਦੇਸ਼ ਗੈਰ-ਕਾਨੂੰਨੀ ਨਸ਼ਿਆਂ ਦੇ ਵਪਾਰ ‘ਤੇ ਸ਼ਿਕੰਜਾ ਕੱਸਣਾ ਅਤੇ ਸ਼ਹਿਰ ਦੀਆਂ ਹੱਦਾਂ ਅੰਦਰ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਨੱਥ ਪਾਉਣਾ ਸੀ। ਇਸ ਕਾਰਵਾਈ ਵਿੱਚ ਉੱਚ ਸੰਵੇਦਨਸ਼ੀਲਤਾ ਵਾਲੇ ਖੇਤਰਾਂ ਜਿਵੇਂ ਕਿ ਬੱਸ ਸਟੈਂਡ, ਰੇਲਵੇ ਸਟੇਸ਼ਨ, ਸਪਾ ਸੈਂਟਰਾਂ ਅਤੇ ਥਾਣਾ ਬਸਤੀ ਬਾਵਾ ਖੇਲ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਖੇਤਰ ਦੀ ਜਾਂਚ ਕੀਤੀ ਗਈ।

ਸੀ.ਪੀ.ਜਲੰਧਰ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ੇ ਦੇ ਸੌਦਾਗਰਾਂ ਸਬੰਧੀ ਜਾਣਕਾਰੀ ਸਾਂਝੀ ਕਰਕੇ ਪੁਲਿਸ ਦਾ ਸਾਥ ਦੇਣ ਲਈ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਭਰੋਸਾ ਦਿਵਾਇਆ ਕਿ “ਸੇਫ਼ ਪੰਜਾਬ” ਪਹਿਲਕਦਮੀ ਤਹਿਤ ਸੂਚਨਾ ਦੇਣ ਵਾਲਿਆਂ ਦੀ ਪਛਾਣ ਅਤੇ ਫੋਨ ਨੰਬਰਾਂ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।

ਇਹ ਦ੍ਰਿੜ ਸੰਕਲਪ ਕਾਰਵਾਈ ਨਸ਼ੀਲੇ ਪਦਾਰਥਾਂ ਦੇ ਗੈਰ-ਕਾਨੂੰਨੀ ਨੈਟਵਰਕ ਨੂੰ ਖਤਮ ਕਰਨ ਅਤੇ ਜਨਤਕ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਜਲੰਧਰ ਪੁਲਿਸ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀ ਹੈ। ਇਹ ਆਪ੍ਰੇਸ਼ਨ ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਦੀ ਰਾਖੀ ਅਤੇ ਜਲੰਧਰ ਭਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਹੈ।

By admin

Related Post